ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ CBSE ਦੀ 12ਵੀਂ ਕਲਾਸ ਦੀਆਂ ਬੋਰਡ ਦੀ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ 12ਵੀਂ ਦੇ ਵਿਦਿਆਰਥੀਆਂ ਦੇ ਨਤੀਜਿਆਂ ਨੂੰ ਓਬਜੈਕਟਿਵ ਮੈਥੇਡ ਦੇ ਅਧਾਰ ‘ਤੇ ਐਲਾਨ ਕਰਨ ਦੀ ਅਪੀਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸੀਬੀਐਸਈ ਕਲਾਸ 12ਵੀਂ ਦੀਆਂ ਪ੍ਰੀਖਿਆਵਾਂ 4 ਮਈ ਤੋਂ 14 ਜੂਨ ਤੱਕ ਹੋਣੀ ਸੀ, ਪਰ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਇਹ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ।



ਦੂਜੇ ਪਾਸੇ, ਸੀਬੀਐਸਈ ਨੇ ਸ਼ੁੱਕਰਵਾਰ ਨੂੰ 12ਵੀਂ ਦੀਆਂ ਪ੍ਰੀਖਿਆਵਾਂ ਸੰਬੰਧੀ ਮੀਡੀਆ ਰਿਪੋਰਟਾਂ ਦਾ ਖੰਡਨ ਕੀਤਾ, ਜਿਸ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੋਰਡ  12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਸਕਦਾ ਹੈ।

ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਬਾਰੇ ਮੀਡੀਆ ਰਿਪੋਰਟਾਂ ਦੇ ਜਵਾਬ ਵਿਚ ਸੀਬੀਐਸਈ ਨੇ ਕਿਹਾ, “ਇਹ ਸਪੱਸ਼ਟ ਕੀਤਾ ਗਿਆ ਹੈ ਕਿ ਸੀਬੀਐਸਈ ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਸਬੰਧ ਵਿਚ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ, ਜਿਵੇਂ ਕਿ ਮੀਡੀਆ ਵਿਚ ਅਨੁਮਾਨ ਲਗਾਇਆ ਜਾ ਰਿਹਾ ਹੈ। ਕੋਈ ਵੀ ਫੈਸਲਾ ਲਏ ਜਾਣ ਤੇ ਇਸ ਮਾਮਲੇ ਦੀ ਅਧਿਕਾਰਤ ਤੌਰ 'ਤੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਏਗੀ।"

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੱਖਿਆ ਮੰਤਰਾਲੇ ਨੇ ਕਿਹਾ ਸੀ ਕਿ 1 ਜੂਨ ਨੂੰ ਮਹਾਮਾਰੀ ਦੀ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਉਹ 12ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਬਾਰੇ ਵਿਚਾਰ ਵਟਾਂਦਰੇ ਕਰਨਗੇ।

ਸਿੱਖਿਆ ਮੰਤਰਾਲੇ (MoE) ਦੇ ਇੱਕ ਅਧਿਕਾਰੀ ਨੇ ਦੱਸਿਆ ਸੀ ਕਿ, “4 ਮਈ ਤੋਂ 14 ਜੂਨ ਨੂੰ ਹੋਣ ਵਾਲੀਆਂ 12 ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਹ ਪ੍ਰੀਖਿਆਵਾਂ ਬਾਅਦ ਵਿਚ ਆਯੋਜਿਤ ਕੀਤੀਆਂ ਜਾਣਗੀਆਂ। ਬੋਰਡ ਵੱਲੋਂ 1 ਜੂਨ ਨੂੰ ਸਥਿਤੀ ਦੀ ਸਮੀਖਿਆ ਕੀਤੀ ਜਾਏਗੀ ਅਤੇ ਬਾਅਦ ਵਿਚ ਵੇਰਵਿਆਂ ਨੂੰ ਸਾਂਝਾ ਕੀਤਾ ਜਾਵੇਗਾ। ਪ੍ਰੀਖਿਆ ਦੀ ਸ਼ੁਰੂਆਤ ਤੋਂ ਪਹਿਲਾਂ ਘੱਟੋ-ਘੱਟ 15 ਦਿਨਾਂ ਦਾ ਨੋਟਿਸ ਦਿੱਤਾ ਜਾਵੇਗਾ।"


Education Loan Information:

Calculate Education Loan EMI