ਪਟਿਆਲਾ: ਆਪਣੀ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ 'ਤੇ ਕੈਪਟਨ ਸਰਕਾਰ ਨੇ ਆਖ਼ਰ ਹੱਥ ਚੁੱਕ ਹੀ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮਹਿਲਾਂ ਵੱਲ ਵਧ ਰਹੇ ਅਧਿਆਪਕਾਂ 'ਤੇ ਪੁਲਿਸ ਨੇ ਸਖ਼ਤੀ ਵਰਤੀ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਖਦੇੜਨ ਲਈ ਲਾਠੀਚਾਰਜ ਕਰ ਦਿੱਤਾ ਅਤੇ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ।

ਪਟਿਆਲਾ ਵਿੱਚ ਅਧਿਆਪਕਾਂ ਨੇ ਵੱਡੇ ਪੱਧਰ 'ਤੇ ਇਕੱਠੇ ਹੋ ਕੇ ਸੰਘਰਸ਼ ਵਿੱਢਿਆ ਸੀ ਅਤੇ ਮੁੱਖ ਮੰਤਰੀ ਦੀ ਜੱਦੀ ਰਿਹਾਇਸ਼ ਘੇਰਨ ਦੀ ਕੋਸ਼ਿਸ਼ ਕਰ ਰਹੇ ਸਨ। ਅਧਿਆਪਕਾਂ ਦਾ ਦੋਸ਼ ਹੈ ਕਿ ਸਰਕਾਰ ਬਣਨ ਦੇ ਤਕਰੀਬਨ ਦੋ ਸਾਲ ਬੀਤਣ ਦੇ ਬਾਵਜੂਦ ਅਧਿਆਪਕ ਦੇ ਮਸਲੇ ਹੱਲ ਨਹੀਂ ਕੀਤੇ ਗਏ।

ਇਸ ਦੇ ਨਾਲ ਹੀ ਅਧਿਆਪਕ ਤਨਖ਼ਾਹਾਂ ਦੀਆਂ ਕਟੌਤੀਆਂ, ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਵਿਭਾਗ ਵਿੱਚ ਲਿਆ ਕੇ ਪੂਰੀਆਂ ਤਨਖਾਹਾਂ ‘ਤੇ ਪੱਕੇ ਨਾ ਕਰਨ, ਸੰਘਰਸ਼ੀ ਅਧਿਆਪਕਾਂ ਨੂੰ ਨਿਸ਼ਾਨੇ 'ਤੇ ਰੱਖਣ, ਮਹਿੰਗਾਈ ਭੱਤੇ ਦੀਆਂ ਬਕਾਇਆ ਪੰਜ ਕਿਸ਼ਤਾਂ ‘ਚੋਂ ਕੇਵਲ ਇੱਕ ਕਿਸ਼ਤ ਦੇ ਕੇ ਮੁਲਾਜ਼ਮਾਂ ਦੇ ਜਖਮਾਂ ‘ਤੇ ਲੂਣ ਛਿੜਕਣ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨਾ ਜਾਰੀ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਸਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਧਿਆਪਕਾਂ ਨੂੰ ਲਗਾਤਾਰ 10 ਵਾਰ ਮੀਟਿੰਗ ਦਾ ਸਮਾਂ ਦੇ ਕੇ ਗੱਲਬਾਤ ਨਾ ਕਰਨ ਦਾ ਵੀ ਅਧਿਆਪਕਾਂ ਨੂੰ ਰੋਸ ਹੈ। ਪਰ ਅੱਜ ਤਿਓਹਾਰ ਵਾਲੇ ਦਿਨ ਅਧਿਆਪਕਾਂ ਨੂੰ ਕੈਪਟਨ ਸਰਕਾਰ ਦੇ ਹਿੰਸਕ ਰਵੱਈਏ ਦਾ ਸ਼ਿਕਾਰ ਹੋਣਾ ਪਿਆ ਹੈ।

Education Loan Information:

Calculate Education Loan EMI