ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਦੱਸ ਦਈਏ ਕਿ ਸੋਮਵਰਾ ਨੂੰ ਪੰਜਾਬ ਭਵਨ ਵਿਖੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਕਰੀਅਰ ਦੀ ਸਫਲਤਾ ਅਤੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 57 ਨਿਯੁਕਤੀਆਂ ਚੋਂ 50 ਸਥਾਨਕ ਸਰਕਾਰਾਂ ਵਿਭਾਗ ਨਾਲ ਜਦਕਿ 7 ਪੁਲਿਸ ਵਿਭਾਗ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਨਿਯੁਕਤ ਹੋਏ ਨੌਜਵਾਨਾਂ ਨੂੰ ਰੋਟੀ-ਰੋਜ਼ੀ ਕਮਾਉਣ ਵਾਲੇ ਪਰਿਵਾਰਕ ਜੀਅ ਦੇ ਗੁਜ਼ਰਨ ਤੋਂ ਬਾਅਦ ਕਈ ਔਕੜਾਂ ਚੋਂ ਲੰਘਣਾ ਪਿਆ।


ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਨਜ਼ਦੀਕੀਆਂ ਦਾ ਤੁਰ ਜਾਣਾ ਨਾ ਪੂਰਿਆ ਜਾਣ ਵਾਲਾ ਘਾਟਾ ਹੈ ਅਤੇ ਇਸ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਇਹ ਨਿਯੁਕਤੀਆਂ ਇਨ੍ਹਾਂ ਪਰਿਵਾਰਾਂ ਦੇ ਦੁੱਖ ਘਟਾਉਣ ਵਿੱਚ ਸਹਾਈ ਹੋਣ ਦੇ ਨਾਲ ਨਾਲ ਉਨ੍ਹਾਂ ਨੂੰ ਮਾਣ-ਇੱਜ਼ਤ ਅਤੇ ਸਨਮਾਨਜਨਕ ਢੰਗ ਨਾਲ ਜੀਵਨ ਬਸਰ ਕਰਨ ਵਿੱਚ ਮਦਦਗਾਰ ਸਾਬਤ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀਆਂ ਲਈ ਅਸਾਮੀਆਂ ਭਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨੂੰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਹਿ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।


ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡੀ.ਜੀ.ਪੀ. ਵੀ.ਕੇ. ਭਾਵਰਾ, ਪ੍ਰਮੁੱਖ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਹਾਜ਼ਰ ਸੀ।


ਇਹ ਵੀ ਪੜ੍ਹੋ: Punjab Government: ਭਗਵੰਤ ਮਾਨ ਵੱਲੋਂ ਲੋਕਾਂ ਨੂੰ ਰਾਹਤ ਦੇਣ ਲਈ ਲੜੀਵਾਰ ਨਿਰਦੇਸ਼ ਜਾਰੀ



Education Loan Information:

Calculate Education Loan EMI