ਚੰਡੀਗੜ੍ਹ: ਪੰਜਾਬ ਵਿੱਚ ਸਿੱਖਿਆ ਸੁਧਾਰਾਂ ਦਾ ਦਾਅਵਾ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ’ਚ ਇਸ ਸਾਲ ਦੋ ਲੱਖ ਤੋਂ ਵੱਧ ਦਾਖਲੇ ਘਟ ਗਏ ਹਨ। ਯਾਦ ਰਹੇ 2016-17 ਤੋਂ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੇ ਦਾਖ਼ਲੇ ਵਧਣੇ ਸ਼ੁਰੂ ਹੋਏ ਸਨ ਪਰ ਲੰਘੇ ਦੋ ਵਰ੍ਹਿਆਂ ਤੋਂ ਸਰਕਾਰੀ ਸਕੂਲਾਂ ’ਚ ਦਾਖਲਾ ਦਰ ਤੇਜ਼ੀ ਨਾਲ ਵਧੀ ਸੀ। ਹੁਣ ਨਵੀਂ ਸਰਕਾਰ ਦੇ ਪਹਿਲੇ ਵਰ੍ਹੇ ਹੀ ਸਰਕਾਰੀ ਸਕੂਲਾਂ ’ਚ 2.04 ਲੱਖ ਦਾਖ਼ਲੇ ਘਟ ਗਏ ਹਨ।



ਇਸ ਉਪਰ ਵਿਅੰਗ ਕਰਦੇ ਹੋਏ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਖੌਤੀ "ਦਿੱਲੀ ਮਾਡਲ" ਕ੍ਰੈਸ਼ ਹੋ ਗਿਆ ਹੈ। ਆਮ ਆਦਮੀ ਪਾਰਟੀ ਦੀ ਪੀਆਰ ਸਰਕਾਰ ਦੇ ਕਾਰਜਕਾਲ ਵਿੱਚ ਪਹਿਲੇ ਹੀ ਸਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਵਿੱਚ 2 ਲੱਖ ਦੀ ਕਮੀ ਆਈ ਹੈ। 2016 ਤੋਂ ਦਾਖ਼ਲੇ ਲਗਾਤਾਰ ਵਧ ਰਹੇ ਸਨ। ਸਿੱਖਿਆ ਲਈ ਪਿਛਲੀ ਕਾਂਗਰਸ ਸਰਕਾਰ ਦੀ ਸਖ਼ਤ ਮਿਹਨਤ ਪਹਿਲਾਂ ਹੀ ਖ਼ਤਰੇ ਵਿੱਚ ਹੈ।






ਉਧਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਖ਼ਲੇ ਘਟਣ ਦੀ ਗੱਲ ਕਬੂਲਦਿਆਂ ਕਿਹਾ ਕਿ ਕੋਵਿਡ ਮਹਾਮਾਰੀ ਦੌਰਾਨ ਪਰਵਾਸੀ ਲੋਕ ਆਪਣੇ ਪਿੱਤਰੀ ਸੂਬਿਆਂ ਵਿਚ ਚਲੇ ਗਏ ਜਿਨ੍ਹਾਂ ਦੇ ਬੱਚਿਆਂ ਦੀ ਗਿਣਤੀ ਸਕੂਲਾਂ ਵਿਚ ਘਟ ਗਈ। ਕੋਵਿਡ ਦੌਰਾਨ ਹੀ ਇੱਥੋਂ ਦੇ ਮਾਪਿਆਂ ਨੇ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ’ਚੋਂ ਹਟਾ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਾਏ ਸਨ, ਉਹ ਬੱਚੇ ਵੀ ਹੁਣ ਵਾਪਸ ਪ੍ਰਾਈਵੇਟ ਸਕੂਲਾਂ ਵਿਚ ਚਲੇ ਗਏ ਹਨ। ਉਨ੍ਹਾਂ ਤਰਕ ਦਿੱਤਾ ਕਿ ਚੋਣ ਵਰ੍ਹਾ ਹੋਣ ਕਰਕੇ ਅਫ਼ਸਰਸ਼ਾਹੀ ਨੇ ਦਾਖ਼ਲਿਆਂ ਵੱਲ ਬਹੁਤਾ ਧਿਆਨ ਨਹੀਂ ਦਿੱਤਾ। ਬੈਂਸ ਨੇ ਕਿਹਾ ਕਿ ਇਸ ਘਾਟੇ ਨੂੰ ਪੂਰਨ ਲਈ ਉਹ ਅਗਲੇ ਵਰ੍ਹੇ ਦਾਖ਼ਲਿਆਂ ਦੇ ਰਿਕਾਰਡ ਤੋੜ ਦੇਣਗੇ।


ਦੱਸ ਦਈਏ ਕਿ ਨਵੇਂ ਵਿੱਦਿਅਕ ਸੈਸ਼ਨ ਦੇ ਦਾਖ਼ਲੇ ਪਹਿਲੀ ਅਪਰੈਲ ਤੋਂ ਸ਼ੁਰੂ ਹੋਏ ਸਨ ਅਤੇ ਹੁਣ ਦਾਖਲਾ ਪ੍ਰਕਿਰਿਆ ਬੰਦ ਹੋ ਚੁੱਕੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਇਸ ਵਾਰ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਕਲਾਸ ਤੱਕ ਕੁੱਲ 28.36 ਲੱਖ ਦਾਖ਼ਲੇ ਹੋਏ ਹਨ ਜਦਕਿ 2021-22 ਵਿਚ ਇਨ੍ਹਾਂ ਦਾਖ਼ਲਿਆਂ ਦੀ ਗਿਣਤੀ 30.40 ਲੱਖ ਸੀ। ਦਾਖ਼ਲਿਆਂ ਵਿਚ ਕਰੀਬ ਪੌਣੇ ਸੱਤ ਫ਼ੀਸਦੀ ਦੀ ਕਟੌਤੀ ਹੋਈ ਹੈ। 


ਲੰਘੇ ਵਰ੍ਹੇ ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ ’ਚ ਕਰੀਬ 10.53 ਫ਼ੀਸਦੀ ਦਾ ਵਾਧਾ ਹੋਇਆ ਸੀ। ਉਸ ਤੋਂ ਪਹਿਲਾਂ ਇਹ ਵਾਧਾ ਕਰੀਬ 14 ਫ਼ੀਸਦੀ ਸੀ। ਅੰਕੜਿਆਂ ਅਨੁਸਾਰ ਛੇਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਦਾਖ਼ਲਿਆਂ ਵਿੱਚ ਪਿਛਲੇ ਵਰ੍ਹੇ ਮੁਕਾਬਲੇ 1.22 ਲੱਖ ਬੱਚੇ ਘਟੇ ਹਨ। ਐਤਕੀਂ ਇਨ੍ਹਾਂ ਕਲਾਸਾਂ ਵਿੱਚ 14.51 ਲੱਖ ਬੱਚੇ ਦਾਖਲ ਹੋਏ ਹਨ ਜਦਕਿ ਪਿਛਲੇ ਵਰ੍ਹੇ ਇਹੋ ਗਿਣਤੀ 15.73 ਲੱਖ ਸੀ। ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਕਲਾਸ ਤੱਕ ਇਸ ਵਾਰ 13.84 ਲੱਖ ਬੱਚੇ ਦਾਖ਼ਲ ਹੋਏ ਹਨ ਜਦਕਿ ਪਿਛਲੇ ਵਰ੍ਹੇ ਇਹ ਗਿਣਤੀ 14.67 ਲੱਖ ਸੀ।


Education Loan Information:

Calculate Education Loan EMI