ਚੰਡੀਗੜ੍ਹ: ਪੰਜਾਬ ਅੰਦਰ ਪ੍ਰਾਈਵੇਟ ਸਕੂਲਾਂ (Punjab Private School) ਦੀ ਮਨਮਾਨੀ ਨਹੀਂ ਚੱਲੇਗੀ। ਨਿਯਮਾਂ ਦੀ ਉਲੰਘਣਾ ਕਰਨ ਤੇ ਮਾਪਿਆਂ ਦੀ ਲੁੱਟ ਕਰਨ ਵਾਲੇ ਸਕੂਲਾਂ ਉੱਪਰ ਮਾਨਤਾ ਰੱਦ ਹੋਣ ਤੱਕ ਦੀ ਤਲਵਾਰ ਲਟਕ ਗਈ ਹੈ। ਪਹਿਲੀ ਲਿਸਟ ਵਿੱਚ ਪੰਜਾਬ ਦੇ 720 ਸਕੂਲ ਸਾਹਮਣੇ ਆਏ ਹਨ ਜਿਨ੍ਹਾਂ ਖਿਲਾਫ ਸਰਕਾਰ ਕੋਲ ਸ਼ਿਕਾਇਤਾਂ ਪਹੁੰਚੀਆਂ ਹਨ। ਸੂਤਰਾਂ ਮੁਤਾਬਕ ਮਾਪੇ ਹੋਰ ਸਕੂਲਾਂ ਖਿਲਾਫ ਵੀ ਮੋਰਚਾ ਖੋਲ੍ਹ ਸਕਦੇ ਹਨ।


ਇਸ ਬਾਰੇ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ, ਡਾ. ਸਨੀ ਸਿੰਘ ਆਹਲੂਵਾਲੀਆ ਤੇ ਐਡਵੋਕੇਟ ਰਵਿੰਦਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਚੰਗੀ ਤੇ ਸਸਤੀ ਸਿੱਖਿਆ ਦੇਣ ਦੇ ਵਾਅਦੇ ’ਤੇ ਖਰੀ ਉੱਤਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਸਕੂਲ ਮਾਪਿਆਂ ਦਾ ਆਰਥਿਕ ਸ਼ੋਸ਼ਣ ਕਰਨ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਉਸ ਸਕੂਲ ਦੀ ਮਾਨਤਾ ਵੀ ਰੱਦ ਕੀਤੀ ਜਾ ਸਕਦੀ ਹੈ।


ਦੱਸ ਦਈਏ ਕਿ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ 720 ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਭਰ ’ਚੋਂ ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਮਾਪਿਆਂ ਤੋਂ ਮਿਲੀਆਂ ਸ਼ਿਕਾਇਤਾਂ ’ਤੇ ਸਿੱਖਿਆ ਮੰਤਰੀ ਨੇ ਇਹ ਕਾਰਵਾਈ ਕੀਤੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੀਆਂ ਟੀਮਾਂ ਸ਼ਿਕਾਇਤਾਂ ਦੀ ਜਾਂਚ ਕਰਨੀਆਂ ਤੇ ਜਾਂਚ ਦੌਰਾਨ ਜਿਹੜਾ ਵੀ ਪ੍ਰਾਈਵੇਟ ਸਕੂਲ ਕਸੂਰਵਾਰ ਪਾਇਆ ਗਿਆ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।


ਦੱਸ ਦਈਏ ਕਿ ਇਨ੍ਹਾਂ ਸਕੂਲਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ। ‘ਆਪ’ ਸਰਕਾਰ ਨੇ ਸਿੱਖਿਆ ਸੁਧਾਰਾਂ ਲਈ ਪ੍ਰਾਈਵੇਟ ਸਕੂਲਾਂ ਨੂੰ ਵੀ ਸਰਕਾਰੀ ਹੁਕਮਾਂ ਦੀ ਪਾਲਣਾ ਲਈ ਪਾਬੰਦ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੌਜੂਦਾ ਵਿੱਦਿਅਕ ਸੈਸ਼ਨ ’ਚ ਪ੍ਰਾਈਵੇਟ ਸਕੂਲਾਂ ਨੂੰ ਫ਼ੀਸਾਂ ਨਾ ਵਧਾਉਣ ਤੇ ਕਿਤਾਬਾਂ-ਕਾਪੀਆਂ ਸਮੇਤ ਵਰਦੀਆਂ ਖ਼ਰੀਦਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਸਨ।


ਸਿੱਖਿਆ ਵਿਭਾਗ ਕੋਲ ਸ਼ਿਕਾਇਤਾਂ ਪੁੱਜੀਆਂ ਹਨ ਕਿ ਬਹੁਤ ਸਾਰੇ ਪ੍ਰਾਈਵੇਟ ਸਕੂਲਾਂ ਨੇ ਮੁੱਖ ਮੰਤਰੀ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਹੈ। ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਨਹੀਂ ਚੱਲੇਗੀ ਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਮਾਪਿਆਂ ਵੱਲੋਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ 720 ਨਿੱਜੀ ਸਕੂਲ ਜਾਂਚ ਦੇ ਘੇਰੇ ਵਿੱਚ ਲਿਆਂਦੇ ਜਾ ਰਹੇ ਹਨ।


ਇਹ ਵੀ ਪੜ੍ਹੋ: The Kapil Sharma: ਕਪਿਲ ਸ਼ਰਮਾ ਨੂੰ ਰਕੁਲ ਪ੍ਰੀਤ ਨਾਲ ਫਲਰਟ ਕਰਦੇ ਵੇਖ ਅਜੇ ਦੇਵਗਨ ਨੇ ਕੀਤਾ ਕੁਝ ਅਜਿਹਾ



Education Loan Information:

Calculate Education Loan EMI