12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰ ਨੂੰ ਭੇਜੀ ਫੀਡਬੈਕ
ਕੋਵਿਡ ਕਾਰਨ ਵਿਦਿਆਰਥੀਆਂ ਨੂੰ ਪੈ ਰਹੇ ਸਮੇਂ ਦੇ ਘਾਟੇ ਨੂੰ ਪੂਰਾ ਕਰਨ ਲਈ ਉਚੇਰੀ ਸਿੱਖਿਆ ਦੇ ਸਿਲੇਬਸ ਨੂੰ ਘਟਾਉਣ ਲਈ ਕੇਂਦਰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਕਰੇ ਜਾਰੀ: ਸਿੰਗਲਾ
ਚੰਡੀਗੜ੍ਹ: ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਐਚਆਰਡੀ ਮੰਤਰੀ ਨੂੰ ਜਵਾਬ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੀਕੇ ਲਗਾਉਣ ਦੀ ਸਖ਼ਤ ਲੋੜ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ, ਬਚਾਅ ਅਤੇ ਸੁਰੱਖਿਆ ਵੀ ਬਹੁਤ ਮਹੱਤਵਪੂਰਨ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਹਰੇਕ ਵਿਸ਼ਾ-ਖੇਤਰ ਦੇ ਸਿਰਫ਼ ਚੋਣਵੇਂ ਅਤੇ ਲੋੜ ਪੈਣ ‘ਤੇ ਹੋਰ ਜ਼ਰੂਰੀ ਵਿਸ਼ਿਆਂ ਦੀ ਪ੍ਰੀਖਿਆ ਹੀ ਲਈ ਜਾਣੀ ਚਾਹੀਦੀ ਹੈ ਅਤੇ ਪ੍ਰਸ਼ਨ ਪੱਤਰ ਵੀ ਘੱਟ ਮਿਆਦ ਦੇ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਅਤੇ ਅੰਦਰੂਨੀ ਮੁਲਾਂਕਣ ਵੱਲ ਵੀ ਧਿਆਨ ਦਿੱਤਾ ਜਾ ਸਕਦਾ ਹੈ। ਵਿਦਿਆਰਥੀਆਂ ਅਤੇ ਮਾਪਿਆਂ ਦੀਆਂ ਚਿੰਤਾਵਾਂ ਦਾ ਜ਼ਿਕਰ ਕਰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪ੍ਰੀਖਿਆਵਾਂ ਉਦੋਂ ਤੱਕ ਨਹੀਂ ਲਈਆਂ ਜਾਣੀਆਂ ਚਾਹੀਦੀਆਂ ਜਦੋਂ ਤੱਕ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਇਆ ਜਾਂਦਾ।
ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉੱਚ ਵਿਦਿਅਕ ਸੰਸਥਾਵਾਂ ਵਿਚ ਦਾਖਲਾ ਲੈਣ ਵਿਚ ਦੇਰੀ ਹੋਵਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵਿਦਿਆਰਥੀਆਂ ਦੇ ਸਮੇਂ ਦੀ ਘਾਟੇ ਨੂੰ ਪੂਰਾ ਕਰਨ ਲਈ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਲੋੜੀਂਦਾ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ। ਉੱਚ ਸਿੱਖਿਆ ਸੰਸਥਾਵਾਂ ਨੂੰ ਕੋਰਸਾਂ ਦੇ ਸਿਲੇਬਸ ਨੂੰ ਘਟਾਉਣ ਲਈ ਕਿਹਾ ਜਾਣਾ ਚਾਹੀਦਾ ਹੈ ਜਿਸ ਨਾਲ ਵਿਦਿਆਰਥੀਆਂ ‘ਤੇ ਮਾਨਸਿਕ ਦਬਾਅ ਵੀ ਘੱਟੇਗਾ।
ਸਿੰਗਲਾ ਨੇ ਕਿਹਾ ਕਿ ਕੋਵਿਡ-19 ਕਰਕੇ ਉਪਜੇ ਔਖੇ ਹਾਲਾਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਸੇ ਮੁਸ਼ਕਲ ਵਿੱਚ ਨਹੀਂ ਪਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉੱਚ ਵਿਦਿਅਕ ਅਦਾਰਿਆਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਅਗਲੇ ਕੋਰਸ ਦੇ ਸਾਰੇ ਸਮੈਸਟਰ ਦੀ ਪੜ੍ਹਾਈ ਜ਼ਰੂਰੀ ਨਾ ਕੀਤੀ ਜਾਵੇ। ਸ਼੍ਰੀ ਸਿੰਗਲਾ ਨੇ ਕਿਹਾ ਕਿ ਸਿਲੇਬਸ ਘਟਾਉਣ ਲਈ ਉਦਾਹਰਨ ਵਜੋਂ 8 ਸਮੈਸਟਰਾਂ ਦੇ ਕੋਰਸ ਨੂੰ ਘਟਾ ਕੇ 7 ਸਮੈਸਟਰਾਂ ਦਾ ਕੀਤਾ ਜਾ ਸਕਦਾ ਹੈ ਜੋ ਵਿਦਿਆਰਥੀਆਂ 'ਤੇ ਮਾਨਸਿਕ ਦਬਾਅ ਘਟਾਉਣ ਵਿਚ ਸਹਾਇਕ ਹੋਵੇਗਾ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਵਿਚ ਵਧੇਰੇ ਵਿਸ਼ਵਾਸ ਨਾਲ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।
ਇਹ ਵੀ ਪੜ੍ਹੋ: ਇਸ ਸ਼ੋਅ ਨੂੰ ਵੇਖਣ ਲਈ ਐਕਸਾਈਟਡ ਹੋਏ Sidharth-Shehnaaz ਨੂੰ ਮਿਲਿਆ ਮਨੋਜ ਵਾਜਪਾਈ ਦਾ ਸਾਥ, ਜਾਣੋ ਪੂਰਾ ਮਾਮਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Education Loan Information:
Calculate Education Loan EMI