ਸਿੱਖਿਆ ਮੰਤਰਾਲੇ ਵੱਲੋਂ ਜਾਰੀ ਨਵੇਂ ਨਿਯਮਾਂ ਤਹਿਤ ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀ ਸਾਲਾਨਾ ਪ੍ਰੀਖਿਆ 'ਚ ਫੇਲ੍ਹ ਹੋ ਸਕਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਦੋ ਮਹੀਨਿਆਂ ਦੇ ਅੰਦਰ ਮੁੜ ਪ੍ਰੀਖਿਆ ਦਾ ਮੌਕਾ ਦਿੱਤਾ ਜਾਵੇਗਾ। ਜੇ ਉਹ ਇਸ ਇਮਤਿਹਾਨ ਵਿੱਚ ਵੀ ਸਫਲ ਨਹੀਂ ਹੁੰਦਾ ਹੈ ਤਾਂ ਉਸਨੂੰ ਅਗਲੀ ਜਮਾਤ ਵਿੱਚ ਪ੍ਰਮੋਟ ਨਹੀਂ ਕੀਤਾ ਜਾਵੇਗਾ। ਇਹ ਨਵੀਂ ਵਿਵਸਥਾ ਪਹਿਲਾਂ ਲਾਗੂ ਕੀਤੀ ਗਈ ਪ੍ਰਣਾਲੀ ਤੋਂ ਇੱਕ ਬਦਲਾਅ ਹੈ, ਜਿੱਥੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆ ਦੇ ਅਗਲੀ ਜਮਾਤ ਵਿੱਚ ਪ੍ਰਮੋਟ ਕੀਤਾ ਜਾਂਦਾ ਸੀ।


ਦਰਅਸਲ, ਸਾਲ 2010-2011 ਤੋਂ 5ਵੀਂ ਅਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਖ਼ਤਮ ਕਰ ਦਿੱਤੀਆਂ ਗਈਆਂ ਸਨ, ਜਿਸ ਕਾਰਨ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿੱਚ ਭੇਜ ਦਿੱਤਾ ਜਾਂਦਾ ਸੀ। ਚਾਹੇ ਉਹ ਇਮਤਿਹਾਨ ਵਿੱਚ ਕਾਮਯਾਬ ਨਾ ਹੋਇਆ ਹੋਵੇ। ਇਸ ਪ੍ਰਣਾਲੀ ਕਾਰਨ ਸਕੂਲੀ ਸਿੱਖਿਆ ਦਾ ਮਿਆਰ ਲਗਾਤਾਰ ਡਿੱਗਦਾ ਰਿਹਾ ਜਿਸ ਕਾਰਨ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਵੀ ਖਰਾਬ ਹੋਣ ਲੱਗੇ ਹਨ।



ਇਹ ਕਦੋਂ ਲਾਗੂ ਹੋਵੇਗਾ ?


ਨਵੇਂ ਬਦਲਾਅ ਦੇ ਨਾਲ ਰਾਜ ਸਰਕਾਰਾਂ ਨੂੰ ਹੁਣ 5ਵੀਂ ਅਤੇ 8ਵੀਂ ਜਮਾਤਾਂ ਵਿੱਚ ਬੋਰਡ ਪ੍ਰੀਖਿਆਵਾਂ ਕਰਵਾਉਣ ਦਾ ਅਧਿਕਾਰ ਮਿਲ ਜਾਵੇਗਾ, ਜੇ ਉਹ ਚਾਹੁਣ। ਇਸ ਸਬੰਧੀ ਨੋਟੀਫਿਕੇਸ਼ਨ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਜਾਰੀ ਕੀਤਾ ਗਿਆ ਹੈ, ਜਿਸ ਨੂੰ 'ਰਾਈਟ ਆਫ਼ ਚਿਲਡਰਨ ਟੂ ਕੰਪਲਸਰੀ ਐਜੂਕੇਸ਼ਨ ਸੋਧ ਨਿਯਮ 2024' ਵਜੋਂ ਜਾਣਿਆ ਜਾਵੇਗਾ। ਇਹ ਨਿਯਮ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਿਤ ਹੋਣ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।


ਮਾਹਿਰਾਂ ਦੀ ਕੀ ਰਾਏ ?


ਨਵੀਂ ਸਿੱਖਿਆ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਪ੍ਰਾਇਮਰੀ ਸਿੱਖਿਆ ਅਤੇ ਉੱਚ ਸਿੱਖਿਆ ਵਿੱਚ ਲਗਾਤਾਰ ਕਈ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਇਸ ਬਦਲਾਅ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਅਧਿਐਨ ਪੱਧਰ ਨੂੰ ਉੱਚਾ ਚੁੱਕਣਾ ਤੇ ਵਿਦਿਅਕ ਗੁਣਵੱਤਾ ਨੂੰ ਵਧਾਉਣਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਸ ਨਵੀਂ ਨੀਤੀ ਰਾਹੀਂ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਹੋਵੇਗਾ ਤੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਵਿੱਚ ਗੰਭੀਰਤਾ ਨਾਲ ਕੰਮ ਕਰਨ ਦਾ ਮੌਕਾ ਮਿਲੇਗਾ।



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Education Loan Information:

Calculate Education Loan EMI