ਚੰਡੀਗੜ੍ਹ: ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਦੀਆਂ ਤਨਖਾਹਾਂ 'ਚ ਢਾਈ ਗੁਣਾ ਵਾਧਾ ਕਰਨ ਸਬੰਧੀ ਭੇਜੇ ਪ੍ਰਸਤਾਵ ਦੀ ਸਖ਼ਤ ਨਿਖੇਧੀ ਕੀਤੀ ਹੈ। ਅਧਿਆਪਕਾਂ ਨੇ ਸਰਕਾਰ ਤੋਂ ਵਿਧਾਇਕਾਂ ਦੀ ਤਨਖ਼ਾਹਾਂ ਵਧਾਉਣ ਤੋਂ ਪਹਿਲਾਂ ਨੌਜਵਾਨਾਂ ਨੂੰ ਰੁਜ਼ਗਾਰ ਜਾਂ ਭੱਤਾ ਦੇਣ ਦੀ ਮੰਗ ਕੀਤੀ ਹੈ।

ਨੌਕਰੀਓਂ ਸੱਖਣੇ ਯੋਗਤਾ ਪ੍ਰਾਪਤ ਅਧਿਆਪਕਾਂ ਦਾ ਤਰਕ ਹੈ ਕਿ ਇੱਕ ਪਾਸੇ ਸਰਕਾਰੀ ਖਜ਼ਾਨਾ ਖਾਲੀ ਹੋਣ ਦੀਆਂ ਦੁਹਾਈਆਂ ਪਾਈਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਵਿਧਾਇਕਾਂ ਨੂੰ ਲੱਖਾਂ ਦੇ ਹਿਸਾਬ ਨਾਲ ਤਨਖ਼ਾਹਾਂ ਵਧਾਈਆਂ ਜਾ ਰਹੀਆਂ ਤੇ ਭੱਤੇ ਦਿੱਤੇ ਜਾ ਰਹੇ ਹਨ।

ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਤੇ ਸੂਬਾ ਪ੍ਰੈਸ ਸਕੱਤਰ ਰਣਦੀਪ ਸੰਗਤਪੁਰਾ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਵੇਲੇ ਚੋਣ ਮਨੋਰਥ ਪੱਤਰ ਰਾਹੀਂ ਅਨੇਕਾਂ ਵਾਅਦੇ ਕਰਕੇ ਸੱਤਾ 'ਚ ਆਉਣ ਵਾਲੇ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਲੋਕ ਮਸਲਿਆਂ ਤੋਂ ਮੂੰਹ ਫੇਰ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਵੀ ਖਜ਼ਾਨਾ ਭਰਨ ਸਬੰਧੀ ਆਪਣੇ ਖਰਚੇ ਘੱਟ ਕਰਨ ਦਾ ਬਿਆਨ ਦਿੱਤਾ ਸੀ, ਜੋ ਕਿ ਹੁਣ ਵਿਧਾਇਕਾਂ ਦੀਆਂ ਤਨਖਾਹਾਂ ਵਧਾਉਣ ਦੇ ਪ੍ਰਸਤਾਵ 'ਤੇ ਸਹਿਮਤੀ ਜਤਾ ਰਹੇ ਹਨ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਵਿੱਚ ਸਰਕਾਰੀ ਸਕੂਲਾਂ 'ਚ ਵੱਡੀ ਪੱਧਰ 'ਤੇ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ ਤੇ ਦੂਜੇ ਪਾਸੇ ਕਰੀਬ 50 ਹਜ਼ਾਰਾਂ "ਅਧਿਆਪਕ ਯੋਗਤਾ ਪ੍ਰੀਖਿਆ" ਪਾਸ ਉਮੀਦਵਾਰ ਹਨ ਅਤੇ ਸਰਕਾਰ ਵੱਲੋਂ ਅਧਿਆਪਕ ਭਰਤੀ ਕੀਤੇ ਜਾਣ ਦਾ ਇਸ਼ਤਿਹਾਰ ਉਡੀਕ ਰਹੇ ਹਨ। ਯੂਨੀਅਨ ਆਗੂਆਂ ਨੇ ਮੰਗ ਕੀਤੀ ਹੈ ਕਿ ਸਰਕਾਰ ਜਦੋਂ ਤਕ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਦੇ ਸਕਦੀ, ਤਾਂ ਬੇਰੁਜ਼ਗਾਰੀ ਭੱਤਾ ਦੇਵੇ।

Education Loan Information:

Calculate Education Loan EMI