ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਬਾਹਰਲੇ ਰਾਜਾਂ ਦੇ ਵਿਦਿਆਰਥੀਆਂ ਦੇ ਹੱਕ ਵਿੱਚ ਨਾਅਰਾ ਮਾਰਿਆ ਹੈ। 'ਆਪ' ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਨ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। 'ਆਪ' ਦੇ ਯੂਥ ਵਿੰਗ ਇੰਚਾਰਜ ਤੇ ਵਿਧਾਇਕ ਮੀਤ ਹੇਅਰ ਤੇ ਪਾਰਟੀ ਦੇ ਮੁੱਖ ਬੁਲਾਰੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਤੋਂ ਇਲਾਵਾ ਵਿਦੇਸ਼ਾਂ ਵਿੱਚੋਂ ਵੀ ਵਿਦਿਆਰਥੀ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਨਾਲ-ਨਾਲ ਸੂਬੇ ਦਾ ਨਾਂ ਵੀ ਵਿਸ਼ਵ ਭਰ ਵਿੱਚ ਉੱਚਾ ਕਰ ਰਹੇ ਹਨ। ਅਜਿਹੇ ਹਾਲਾਤ ਵਿੱਚ ਉਨ੍ਹਾਂ ਦੀ ਬੋਲੀ, ਧਰਮ, ਜਾਤ ਜਾਂ ਰੰਗ ਦੇ ਆਧਾਰ ਉੱਤੇ ਉਨ੍ਹਾਂ ਨਾਲ ਅਲੱਗ ਸਲੂਕ ਕਰਨਾ ਮੰਦਭਾਗਾ ਹੈ। 'ਆਪ' ਵਿਧਾਇਕਾਂ ਨੇ ਕਿਹਾ ਕਿ ਪੁਲਿਸ ਵੱਲੋਂ ਉੱਤਰ-ਪੂਰਬੀ ਰਾਜਾਂ ਦੇ ਬਿਹਾਰ, ਜੰਮੂ ਕਸ਼ਮੀਰ ਤੇ ਦੇਸ਼ ਦੇ ਹੋਰ ਸੂਬਿਆਂ ਦੇ ਵਿਦਿਆਰਥੀਆਂ ਨੂੰ ਸ਼ੱਕ ਦੇ ਆਧਾਰ 'ਤੇ ਤੰਗ ਪ੍ਰੇਸ਼ਾਨ ਕਰਨਾ ਗ਼ਲਤ ਹੈ। 'ਆਪ' ਵਿਧਾਇਕਾਂ ਨੇ ਕਿਹਾ ਕਿ ਸੂਬੇ ਤੇ ਦੇਸ਼ ਦੀ ਅਖੰਡਤਾ ਵਿਰੁੱਧ ਕੰਮ ਕਰ ਰਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤੇ 'ਆਪ' ਇਸ ਦਾ ਪੁਰਜ਼ੋਰ ਸਮਰਥਨ ਕਰਦੀ ਹੈ ਪਰ ਸ਼ੱਕ ਦੇ ਆਧਾਰ ਤੇ ਵਿਦਿਆਰਥੀਆਂ ਨੂੰ ਪ੍ਰਸ਼ਾਨ ਕਰਨਾ ਨਾ-ਇਨਸਾਫ਼ ਹੈ। ਵਿਧਾਇਕਾਂ ਨੇ ਕਿਹਾ ਕਿ ਦੇਸ਼ ਭਰ ਵਿਚ ਇਸ ਸਮੇਂ ਕੱਟੜਵਾਦੀ ਸ਼ਕਤੀਆਂ ਲੋਕਾਂ ਨੂੰ ਧਰਮ, ਜਾਤ ਤੇ ਰੰਗ ਦੇ ਆਧਾਰ ਤੇ ਲੜਾ ਰਹੀਆਂ ਹਨ। ਅਜਿਹੇ ਹਾਲਾਤ ਵਿੱਚ ਪੰਜਾਬ ਨੂੰ ਉਨ੍ਹਾਂ ਸਾਹਮਣੇ ਮਿਸਾਲ ਪੇਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਧਰਮ ਨਿਰਪੱਖ ਸੂਬੇ ਵਜੋਂ ਜਾਣਿਆਂ ਜਾਂਦਾ ਹੈ ਤੇ ਸਾਰੇ ਧਰਮਾਂ ਤੇ ਜਾਤਾਂ ਦੇ ਲੋਕ ਇੱਥੇ ਬਿਨਾ ਕਿਸੇ ਡਰ ਤੋਂ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਦੇ ਫ਼ਲਸਫ਼ੇ ਅਧੀਨ ਸਾਰੇ ਧਰਮਾਂ ਤੇ ਜਾਤਾਂ ਦੇ ਲੋਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

Education Loan Information:

Calculate Education Loan EMI