ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵੱਖ-ਵੱਖ ਗੁਰਮਤਿ ਸਮਾਗਮ 31 ਮਾਰਚ ਤੱਕ ਮੁਲਤਵੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਗੁਰਮਤਿ ਸਮਾਗਮ 24 ਮਾਰਚ ਤੋਂ 28 ਮਾਰਚ ਤੱਕ ਆਯੋਜਤ ਕੀਤੇ ਜਾਣੇ ਸੀ। ਇਸੇ ਦੌਰਾਨ ਹੋਲਾ ਮਹੱਲਾ ਮੌਕੇ ਹੋਣ ਵਾਲੇ ਸਮਾਗਮ ਹਰ ਸਾਲ ਦੀ ਤਰ੍ਹਾਂ ਖ਼ਾਲਸਈ ਜਾਹੋ-ਜਲਾਲ ਨਾਲ ਸਜਾਏ ਜਾਣਗੇ। 


 


ਕੋਰੋਨਾ ਦੇ ਚੱਲਦਿਆਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਅੱਜ ਇਥੇ ਵਿਚਾਰ-ਵਟਾਂਦਰਾਂ ਕਰਨ ਮਗਰੋਂ ਦੱਸਿਆ ਕਿ ਹੋਲਾ ਮਹੱਲਾ ਦੇ ਸਮਾਗਮ ਹਰ ਸਾਲ ਦੀ ਤਰ੍ਹਾਂ ਖ਼ਾਲਸਈ ਜਾਹੋ-ਜਲਾਲ ਨਾਲ ਮਨਾਏ ਜਾਣਗੇ। ਪਰ ਇਸੇ ਦੌਰਾਨ 24 ਤੋਂ 28 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਰੱਖੇ ਗਏ ਵਿਸ਼ੇਸ਼ ਸਮਾਗਮ ਮੁਲਤਵੀ ਕੀਤੇ ਗਏ ਹਨ। 


 


ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀਆਂ ਨਵੀਆਂ ਤਰੀਕਾਂ ਬਾਰੇ 1 ਅਪ੍ਰੈਲ ਤੋਂ ਬਾਅਦ 'ਚ ਫੈਸਲਾ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ 'ਚ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਦੇ ਵੀ ਸਮਾਗਮ ਸਨ, ਪਰ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ 31 ਮਾਰਚ ਤੱਕ ਵਿਦਿਅਕ ਅਦਾਰੇ ਬੰਦ ਕੀਤੇ ਗਏ ਹਨ। 


 


ਅਜਿਹੇ 'ਚ ਵਿਦਿਆਰਥੀਆਂ ਨੂੰ ਸ਼ਾਮਲ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਮੌਕੇ ਸਜਾਏ ਜਾਣ ਵਾਲੇ ਸਮਾਗਮ ਹਰ ਸਾਲ ਦੀ ਤਰ੍ਹਾਂ ਹੋਣਗੇ, ਜਿਨ੍ਹਾਂ 'ਚ ਸੰਗਤਾਂ ਸ਼ਾਮਲ ਹੋਣਗੀਆਂ। ਬੀਬੀ ਜਗੀਰ ਕੌਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਹੋਲਾ ਮਹੱਲਾ ਮੌਕੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਵਲ ਅੰਤਰਰਾਸ਼ਟਰੀ ਸ਼ਰਧਾਲੂਆਂ ਲਈ ਹੀ ਕੋਰੋਨਾ ਟੈਸਟ ਲਾਜ਼ਮੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰੂਪਨਗਰ ਦੀ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਦੇਸ਼ ਦੇ ਸ਼ਰਧਾਲੂਆਂ ਲਈ ਅਜਿਹੀ ਕੋਈ ਸ਼ਰਤ ਨਹੀਂ ਲਗਾਈ ਗਈ।


 


 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904