ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸੀਮਾਵਾਂ ’ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸੇ ਦੌਰਾਨ ਕਿਸਾਨ ਕਾਂਗਰਸ ਨੇ ਅੰਦੋਲਨ ਦੇ ਤਿੰਨ ਮਹੀਨੇ ਮੁਕੰਮਲ ਹੋਣ ’ਤੇ 26 ਫਰ਼ਵਰੀ ਨੂੰ ਖੇਤੀ ਮੰਤਰਾਲਾ ਘੇਰਨ ਦਾ ਐਲਾਨ ਕੀਤਾ ਹੈ। ਕਿਸਾਨ ਕਾਂਗਰਸ ਦੇ ਮੀਤ ਪ੍ਰਧਾਨ ਸੁਰੇਂਦਰ ਸੋਲੰਕੀ ਨੇ ਦੱਸਿਆ ਕਿ ਕਿਸਾਨ ਕਾਂਗਰਸ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਘਿਰਾਓ ਕਰੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਕਾਂਗਰਸ ਦੇ ਕਾਰਕੁਨ ਕੇਂਦਰੀ ਖੇਤੀ ਮੰਤਰਾਲੇ ’ਚ ਆਪਣਾ ਵਿਰੋਧ ਪ੍ਰਦਰਸ਼ਨ ਵੀ ਕਰਨਗੇ। ਉਨ੍ਹਾਂ ਇਸ ਕਦਮ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨਾਂ ਦੇ ਮੁੱਦਿਆਂ ਨੂੰ ਅੱਖੋਂ ਪ੍ਰੋਖੇ ਕਰ ਰਹੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਦੱਸਿਆ। ਸੁਰੇਂਦਰ ਸੋਲੰਕੀ ਨੇ ਕਿਹਾ ਕਿ ਕਿਸਾਨ ਕਾਂਗਰਸ ਦਿੱਲੀ-ਹਰਿਆਣਾ ਟਿਕਰੀ ਸੀਮਾ ਉੱਤੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਉਹ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕਈ ਰੈਲੀਆਂ ਕਰ ਚੁੱਕੇ ਹਨ। ਹੁਣ ਤੱਕ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ 200 ਤੋਂ ਵੱਧ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਹੁਣ ਸਿਰਫ਼ ਦੇਸ਼ ਵਿੱਚ ਹੀ ਨਹੀਂ, ਸਗੋਂ ਵਿਦੇਸ਼ਾਂ ’ਚ ਵੀ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਕਿਸਾਨ ਕਾਂਗਰਸ ਦੇ ਮੀਤ ਪ੍ਰਧਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਸੰਗਠਨ ਕਿਸਾਨਾਂ ਦੇ ਅਧਿਕਾਰਾਂ ਤੇ ਮੰਗਾਂ ਲਈ ਉਦੋਂ ਤੱਕ ਨਿਰੰਤਰ ਲੜਦਾ ਰਹੇਗਾ, ਜਦੋਂ ਤੱਕ ਮੋਦੀ ਸਰਕਾਰ ਇਹ ਤਿੰਨ ਕਾਨੂੰਨ ਵਾਪਸ ਨਹੀਂ ਲੈ ਲੈਂਦੀ।