ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਨੇ ਮੋਦੀ ਸਰਕਾਰ ਦੀ ਦੁਖਦੀ ਰਗ ਲੱਭ ਲਈ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕਿ ਇਸ ਦੁਖਦੀ ਰਗ ਨੂੰ ਦਬਾਅ ਕੇ ਹੀ ਆਪਣੀਆਂ ਮੰਗਾਂ ਪੂਰੀਆਂ ਕਰਵਾਈਆਂ ਜਾਣਗੀਆਂ। ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਹੈ ਕਿ ਜਿਵੇਂ ਕਿਸਾਨਾਂ ਵੱਲੋਂ ਕੀਤੇ ਗਏ ਪ੍ਰਚਾਰ ਕਾਰਨ ਪੱਛਮੀ ਬੰਗਾਲ ਚੋਣਾਂ ’ਚ ਬੀਜੇਪੀ ਹਾਰੀ ਹੈ ਉਸੇ ਤਰ੍ਹਾਂ ਹੁਣ ਕਿਸਾਨ ਬੀਜੇਪੀ ਦੇ ਗੜ੍ਹ ਵਾਲੇ ਸੂਬਿਆਂ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵੱਲ ਰੁਖ਼ ਕਰਕੇ ਭਗਵਾ ਪਾਰਟੀ ਨੂੰ ਹਰਾਉਣਗੇ।

 

ਦੱਸ ਦਈਏ ਕਿ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਹੋਣ ਜਾ ਰਹੀਆਂ ਹਨ। ਦੋਵਾਂ ਸੂਬਿਆਂ ਵਿੱਚ ਇਸ ਵੇਲੇ ਬੀਜੇਪੀ ਦੀਆਂ ਸਰਕਾਰਾਂ ਹਨ। ਬੀਜੇਪੀ ਦੀ ਸਿਆਸਤ ਦਾ ਇਹ ਗੜ੍ਹ ਮੰਨਿਆ ਜਾਂਦਾ ਹੈ। ਇਨ੍ਹਾਂ ਦੋਵਾਂ ਸੂਬਿਆਂ ਵਿੱਚ ਕਿਸਾਨ ਅੰਦੋਲਨ ਦਾ ਕਾਫੀ ਅਸਰ ਹੈ। ਉੱਤਰ ਪ੍ਰਦੇਸ਼ ਵਿੱਚ ਇਸ ਦਾ ਝਟਕਾ ਬੀਜੇਪੀ ਨੂੰ ਪੰਚਾਇਤੀ ਚੋਣਾਂ ਦੌਰਾਨ ਵੀ ਲੱਗਿਆ ਹੈ।

 

ਕਿਸਾਨ ਲੀਡਰ ਡਾ. ਦਰਸ਼ਨ ਪਾਲ ਦਾ ਕਹਿਣਾ ਹੈ ਕਿ ਹੁਣ ਕਿਸਾਨ ਆਪਣੀ ਰਣਭੂਮੀ ਉੱਤਰ ਪ੍ਰਦੇਸ਼, ਉੱਤਰਾਖੰਡ ਨੂੰ ਬਣਾਉਣਗੇ ਤੇ ਬੀਜੇਪੀ ਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਦਾ ਪੰਜਾਬ ਤੇ ਹਰਿਆਣਾ ਵਾਂਗ ਹੀ ਸਮਾਜਕ ਤੇ ਸਿਆਸੀ ਬਾਈਕਾਟ ਉੱਥੇ ਵੀ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਭਾਜਪਾ ਦੇ ਮਿੱਤਰ ਕਾਰਪੋਰੇਟਰਾਂ ਅਡਾਨੀ, ਅੰਬਾਨੀ ਦਾ ਬਾਈਕਾਟ ਵੀ ਸ਼ੁਰੂ ਕੀਤਾ ਜਾਵੇਗਾ।’ ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ’ਚ ਟੌਲ ਪਰਚੀ ਮੁਕਤ, ਪੈਟਰੋਲ ਪੰਪ ਬੰਦ ਕਰਨ ਦੀ ਮੁਹਿੰਮ ਪਹਿਲਾਂ ਹੀ ਸਫ਼ਲਤਾ ਨਾਲ ਚੱਲ ਰਹੀ ਹੈ।

 

ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਕਿਸਾਨੀ ਮੰਗਾਂ ਨਾ ਮੰਨਣ ਕਰਕੇ ‘ਭਾਜਪਾ ਨੂੰ ਸਜ਼ਾ ਦਿਓ/ਭਾਜਪਾ ਨੂੰ ਹਰਾਓ’ ਦਾ ਨਾਅਰਾ ਹੁਣ ਉਕਤ ਦੋਵਾਂ ਰਾਜਾਂ ਵਿੱਚ ਉਵੇਂ ਹੀ ਚੱਲੇਗਾ ਜਿਵੇਂ ਕਿਸਾਨਾਂ ਨੇ ਪੱਛਮੀ ਬੰਗਾਲ ਵਿੱਚ ਚਲਾਇਆ ਸੀ ਜਿਸ ਕਾਰਨ ਭਾਜਪਾ ਨੂੰ ਹਾਰ ਮਿਲੀ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਭਾਜਪਾ ਦਾ ਗੜ੍ਹ ਮੰਨਿਆ ਜਾਂਦਾ ਹੈ ਤੇ ਉੱਥੋਂ ਭਾਜਪਾ ਨੂੰ ਭਜਾਉਣ ਲਈ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਵਿੱਚ ਚੱਲ ਰਹੇ ਪ੍ਰੋਗਰਾਮ ਯੂਪੀ ਤੇ ਉੱਤਰਾਖੰਡ ਵਿੱਚ ਲਾਗੂ ਕੀਤੇ ਜਾਣਗੇ। ਭਾਜਪਾ ਤੇ ਸਾਥੀਆਂ ਨੂੰ ਕਾਲੇ ਝੰਡੇ ਦਿਖਾਏ ਜਾਣਗੇ, ਉਨ੍ਹਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ ਤੇ ਭਾਜਪਾ ਖ਼ਿਲਾਫ਼ ਮੁਹਿੰਮ ਚਲਾਈ ਜਾਵੇਗੀ।