ਬਰਨਾਲਾ: ਬਰਨਾਲਾ ਦੀ ਅਨਾਜ ਮੰਡੀ ਵਿੱਚ ਆਪਣੀ ਕਣਕ ਦੀ ਫਸਲ ਵੇਚਣ ਆਏ ਕਿਸਾਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ 10 ਦਿਨ ਲੇਟ ਕਣਕ ਦੀ ਖਰੀਦ ਸ਼ੁਰੂ ਕੀਤੀ ਗਈ ਹੈ ਅਤੇ ਉਸ ਤੋਂ ਬਾਅਦ ਵੀ 5 ਦਿਨਾਂ ਤੱਕ ਕੋਈ ਖਰੀਦ ਸ਼ੁਰੂ ਨਹੀਂ ਹੋ ਸਕੀ ਅਤੇ ਹੁਣ ਜਦੋਂ ਖਰੀਦ ਸ਼ੁਰੂ ਹੋਈ ਤਾਂ ਸਰਕਾਰ ਵੱਲੋਂ ਕਣਕ ਦੀ ਫਸਲ ਦੀ ਸਿੱਧੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਕੀਤੀ ਜਾ ਰਹੀ ਹੈ।

 

ਉਨ੍ਹਾਂ ਕਿਹਾ ਕਿ ਆਧਾਰ ਕਾਰਡ, ਬੈਂਕਾਂ ਦੇ ਚੈੱਕ, ਕਿਸਾਨਾਂ ਤੋਂ ਜ਼ਮੀਨਾਂ ਦੀ ਮਾਲਕੀਅਤ ਆਦਿ ਮੰਗੇ ਜਾ ਰਹੇ ਹਨ। ਓਟੀਪੀ ਉਨ੍ਹਾਂ ਦੇ ਮੋਬਾਈਲ ‘ਤੇ ਭੇਜਿਆ ਜਾ ਰਿਹਾ। ਜਿਸ ਕਾਰਨ ਅਨਪੜ੍ਹ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਪੁਰਖੇ ਸ਼ੁਰੂ ਤੋਂ ਹੀ ਫਸਲਾਂ ਦੇ ਲੈਣ-ਦੇਣ ਆੜ੍ਹਤੀਆਂ ਨਾਲ ਕਰ ਰਹੇ ਹਨ ਅਤੇ ਉਹ ਮਾੜੇ ਸਮੇਂ ਵਿੱਚ ਕਿਸਾਨਾਂ ਦਾ ਸਮਰਥਨ ਦਿੰਦੇ ਰਹੇ ਹਨ।

 

ਉਨ੍ਹਾਂ ਕਿਹਾ ਪਰ ਹੁਣ ਕਣਕ ਦੀ ਫਸਲ ਦੀ ਸਿੱਧੀ ਅਦਾਇਗੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਜਿਸ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਵਿਚਕਾਰ ਸਬੰਧ ਖ਼ਤਮ ਹੋਣ ਦੀ ਕਗਾਰ 'ਤੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਠੇਕੇ 'ਤੇ ਲੈ ਕੇ ਜ਼ਮੀਨਾਂ ਦੀ ਕਾਸ਼ਤ ਕਰ ਰਹੇ ਹਨ। ਉਨ੍ਹਾਂ ਨੂੰ ਸਭ ਤੋਂ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਉਨ੍ਹਾਂ ਕੋਲ ਜ਼ਮੀਨ ਦੇ ਮਾਲਕੀਅਤ ਦੇ ਦਸਤਾਵੇਜ਼ ਨਹੀਂ ਹਨ ਅਤੇ ਜਿਨ੍ਹਾਂ ਕੋਲ ਜ਼ਮੀਨ ਹੈ ਉਹ ਆਪਣੇ ਕਾਗਜ਼ ਦੇਣ ਲਈ ਤਿਆਰ ਨਹੀਂ ਹਨ।

 

ਇਸ ਸਾਰੇ ਮਾਮਲੇ ਵਿੱਚ ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਣਕ ਦੀ ਫਸਲ ਦਾ ਭੁਗਤਾਨ ਸਿਰਫ ਆੜ੍ਹਤੀਆਂ ਰਾਹੀਂ ਕੀਤਾ ਜਾਵੇ। ਇਸ ਮਾਮਲੇ ਬਾਰੇ ਆੜ੍ਹਤੀਆਂ ਨੇ ਕਿਹਾ ਕਿ ਕਣਕ ਦੀ ਫਸਲ ਦੀ ਸਿੱਧੀ ਅਦਾਇਗੀ ਹੋਣ ਕਾਰਨ ਕਿਸਾਨ ਵਧੇਰੇ ਚਿੰਤਤ ਹਨ ਕਿਉਂਕਿ ਕਿਸਾਨ ਫਸਲਾਂ ਦੀ ਸਿੱਧੀ ਅਦਾਇਗੀ ਲਈ ਸਿਰਫ ਪੋਰਟਲ ’ਤੇ ਹੀ ਅਪਲੋਡ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਦੀ ਸਿੱਧੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਹੋਣ ਕਾਰਨ ਨੌਕਰੀ ਕਰਨ ਵਾਲਿਆਂ ਦਾ ਕੰਮ ਕਾਫ਼ੀ ਵੱਧ ਗਿਆ ਹੈ।