ਹਿਸਾਰ: ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਖਿਲਾਫ ਹਰਿਆਣਾ ਦੇ ਹਿਸਾਰ ਵਿੱਚ ਰਾਮਾਇਣ ਟੋਲ ਪਲਾਜ਼ਾ 'ਤੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਸੁਖਬੀਰ ਬਾਦਲ ਨੂੰ ਕਾਲੇ ਝੰਡੇ ਦਿਖਾ ਕੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ। ਸੁਰੱਖਿਆ ਪ੍ਰਬੰਧਾਂ ਲਈ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ। ਸੜਕ 'ਤੇ ਵਾਹਨਾਂ ਦੇ ਸਾਹਮਣੇ ਖੜ੍ਹੇ ਹੋ ਕੇ ਕਿਸਾਨਾਂ ਨੇ ਬਾਦਲ ਨੂੰ ਕਾਲੇ ਝੰਡੇ ਦਿਖਾਏ। ਰਾਮਾਇਣ ਟੋਲ ਪਲਾਜ਼ਾ ਹਿਸਾਰ ਦਿੱਲੀ ਹਾਈਵੇ 'ਤੇ ਸਥਿਤ ਹੈ। 

 

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਵੱਡੇ ਐਕਸ਼ਨ ਦਾ ਐਲਾਨ ਕੀਤਾ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਸੀ ਕਿ 17 ਸਤੰਬਰ ਨੂੰ ਸੰਸਦ ਵਿੱਚ ਤਿੰਨ ਖੇਤੀ ਕਾਨੂੰਨ ਬਣਾਉਣ ਵਾਲੇ ਦਿਨ ਦੀ ਵਰ੍ਹੇਗੰਢ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ। ਸੁਖਬੀਰ ਬਾਦਲ ਨੇ ਫੇਸਬੁੱਕ ਉੱਪਰ ਪੋਸਟ ਪਾ ਕੇ ਕਿਹਾ ਸੀ ਕਿ ਕਾਲ਼ੇ ਖੇਤੀ ਕਨੂੰਨ ਲਾਗੂ ਹੋਣ ਦੇ ਇੱਕ ਸਾਲ ਪੂਰੇ ਹੋਣ 'ਤੇ, 17 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ 'ਕਾਲ਼ੇ ਦਿਨ' ਵਜੋਂ ਮਨਾਉਣ ਜਾ ਰਿਹਾ ਹੈ। 

 

ਸ਼੍ਰੋਮਣੀ ਅਕਾਲੀ ਦਲ ਨੂੰ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿੱਚ ਕਾਲਾ ਦਿਵਸ ਮਨਾਉਣ ਦੀ ਆਗਿਆ ਨਹੀਂ ਮਿਲੀ। ਅਕਾਲੀ ਦਲ ਨੇ 17 ਸਤੰਬਰ ਨੂੰ ਗੁਰਦੁਆਰਾ ਰਕਾਬਗੰਜ ਤੋਂ ਸੰਸਦ ਤੱਕ ਮਾਰਚ ਕੱਢਣਾ ਸੀ। ਅਕਾਲੀ ਦਲ ਨੇ ਕਿਹਾ ਹੈ ਕਿ ਆਗਿਆ ਨਾ ਮਿਲਣ ਦੇ ਬਾਵਜੂਦ ਸ਼ਾਂਤਮਈ ਤਾਰੀਕੇ ਨਾਲ ਮਾਰਚ ਕੱਢਿਆ ਜਾਏਗਾ।

 


ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਨੇ ਸਿਆਸੀ ਪਾਰਟੀਆਂ ਦੇ ਲੀਡਰਾਂ ਨਾਲ ਮੀਟਿੰਗ ਕਰਕੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਦੇ ਸੁਝਾਅ ਦਿੱਤੇ ਸੀ। ਇਸ ਮਗਰੋਂ ਅਕਾਲੀ ਦਲ ਨੇ ਪਹਿਲ ਕਰਦਿਆਂ ਕਿਹਾ ਹੈ ਕਿ ਇਸ ਦਿਨ ਪਾਰਟੀ ਦੇ ਵਰਕਰ ਕਿਸਾਨਾਂ ਨਾਲ ਰਲ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕੱਢਣਗੇ ਤੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਨਗੇ।