ਪੜਚੋਲ ਕਰੋ
ਕਿਸਾਨ ਅੰਦੋਲਨ ਦੇ 11 ਮਹੀਨੇ ਹੋਣ 'ਤੇ ਕਿਸਾਨਾਂ ਵਲੋਂ ਡੀਸੀ ਦਫਤਰ ਅੱਗੇ ਧਰਨਾ, ਦੋ ਚੀਜ਼ਾਂ ਦੀ ਰੱਖੀ ਮੰਗ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਿੱਲੀ ਵਿਖੇ ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ ਹੋਣ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਬਰਨਾਲਾ ਦੇ ਡੀਸੀ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ।
barnala
ਬਰਨਾਲਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਿੱਲੀ ਵਿਖੇ ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ ਹੋਣ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਬਰਨਾਲਾ ਦੇ ਡੀਸੀ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ। ਇਹ ਧਰਨਾ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਲਗਾਇਆ ਅਤੇ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵਲੋਂ ਖਾਸਕਰ ਦੋ ਮੰਗਾਂ ਯੂਪੀ ਦੇ ਲਖੀਮਪੁਰ ਖੀਰੀ ਦੀ ਘਟਨਾ ਦੇ ਮੁਲਜ਼ਮ ਕੇਂਦਰੀ ਰਾਜ ਗ੍ਰਹਿ ਮੰਤਰੀ ਨੂੰ ਮੰਤਰੀ ਮੰਡਲ ਵਿੱਚੋਂ ਬਰ਼ਖਾਸਤ ਕਰਕੇ ਗ੍ਰਿਫ਼ਤਾਰ ਕਰਨ ਅਤੇ ਪੰਜਾਬ ਵਿੱਚ ਗੁਲਾਬੀ ਸੁੰਡੀ ਨਾਲ ਨਰਮੇ ਅਤੇ ਗੜ੍ਹੇਮਾਰੀ ਨਾਲ ਝੋਨੇ ਦੀ ਬਰਬਾਦ ਹੋਈ ਫ਼ਸਲ ਦੇ ਮੁਆਵਜ਼ੇ ਦੀ ਮੰਗ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਲਖੀਮਪੁਰੀ ਖੀਰੀ ਦੀ ਘਟਨਾ ਲਈ ਸਿੱਧੇ ਤੌਰ 'ਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਅਤੇ ਉਸ ਦਾ ਪੁੱਤਰ ਆਸ਼ੀਸ਼ ਮਿਸ਼ਰਾ ਜ਼ਿੰਮੇਵਾਰ ਹੈ। ਆਸ਼ੀਸ਼ ਮਿਸ਼ਰਾ ਨੂੰ ਭਾਵੇਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਪਰ ਕੇਂਦਰੀ ਮੰਤਰੀ ਇਸ ਜਾਂਚ ਨੂੰ ਆਪਣੇ ਅਹੁਦੇ ਨਾਲ ਪ੍ਰਭਾਵਿਤ ਕਰ ਰਿਹਾ ਹੈ। ਕੇਂਦਰ ਸਰਕਾਰ ਕਿਸਾਨਾਂ ਦੇ ਕਾਤਲ ਇਸ ਮੰਤਰੀ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰੇ ਅਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਉਨ੍ਹਾਂ ਕਿਹਾ ਇਸ ਤੋਂ ਇਲਾਵਾ ਪੰਜਾਬ ਵਿੱਚ ਗੁਲਾਬੀ ਸੁੰਡੀ ਨਾਲ ਮਾਲਵਾ ਖੇਤਰ ਵਿੱਚ ਕਿਸਾਨਾਂ ਦੀ ਨਰਮੇ ਦੀ ਫ਼ਸਲ ਅਤੇ ਗੜੇਮਾਰੀ ਕਾਰਨ ਸਰਹੱਦੀ ਖੇਤਰਾਂ ਵਿੱਚ ਝੋਨੇ ਦੀ ਫ਼ਸਲ ਬਰਬਾਦ ਹੋ ਗਈ ਹੈ। ਜਿਸ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦੇਵੇ। ਉਨ੍ਹਾਂ ਕਿਹਾ ਕਿ ਅਜੇ ਤੱਕ ਇੱਕ ਮਹੀਨੇ ਦੌਰਾਨ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਕਿਸਾਨਾਂ ਲਈ ਕੁੱਝ ਨਹੀਂ ਕੀਤਾ। ਜਿਸ ਕਰਕੇ ਕਿਸਾਨਾਂ ਨੂੰ ਮੁਆਵਜ਼ੇ ਲੈਣ ਲਈ ਵੀ ਸੰਘਰਸ਼ ਕਰਨੇ ਪੈ ਰਹੇ ਹਨ। ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















