ਗਾਜ਼ੀਆਬਾਦ: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨ ਸ਼ਨੀਵਾਰ ਨੂੰ ਵੱਖ-ਵੱਖ ਰਾਜਾਂ ਦੇ ਰਾਜਪਾਲਾਂ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਨ ਲਈ ਇੱਕ ਮੰਗ ਪੱਤਰ ਸੌਂਪਣਗੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੇ ਸੱਤ ਮਹੀਨੇ ਪੂਰੇ ਹੋਣ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਇਹ ਮੰਗ ਪੱਤਰ ਦਿੱਤਾ ਜਾਵੇਗਾ।


 


ਟਿਕੈਤ ਨੇ ਇਹ ਐਲਾਨ ਯੂਪੀ ਗੇਟ ਵਿਖੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਦੱਸ ਦੇਈਏ ਕਿ ਇਥੋਂ ਦੇ ਕਿਸਾਨ ਲਗਭਗ ਸੱਤ ਮਹੀਨਿਆਂ ਤੋਂ ਧਰਨਾ ਲਗਾ ਰਹੇ ਹਨ। ਕਿਸਾਨਾਂ ਨੇ ਗਾਜ਼ੀਆਬਾਦ ਤੋਂ ਦਿੱਲੀ ਜਾਣ ਵਾਲੇ ਰਾਸ਼ਟਰੀ ਰਾਜ ਮਾਰਗ ਦੇ ਇੱਕ ਹਿੱਸੇ ਨੂੰ ਰੋਕ ਦਿੱਤਾ ਹੈ।


 


ਇਸ ਦੌਰਾਨ,  ਟਿਕੈਤ ਨੇ ਗਾਜ਼ੀਆਬਾਦ ਵਿੱਚ ਦਿੱਲੀ-ਉੱਤਰ ਪ੍ਰਦੇਸ਼ ਦੀ ਸਰਹੱਦ 'ਤੇ ਵਿਰੋਧ ਪ੍ਰਦਰਸ਼ਨ ਸਥਾਨ 'ਤੇ ਮੁਜ਼ੱਫਰਨਗਰ ਤੋਂ 100 ਟਰੈਕਟਰਾਂ ਦੀ ਰੈਲੀ ਦੀ ਅਗਵਾਈ ਕਰਨ ਤੋਂ ਬਾਅਦ ਕਿਸਾਨਾਂ ਨੂੰ ਸੰਬੋਧਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਤਸ਼ੱਦਦ ਦੀ ਸਿਖਰ ਹੈ। ਇਹੀ ਕਾਰਨ ਹੈ ਕਿ ਪਿਛਲੇ ਸੱਤ ਮਹੀਨਿਆਂ ਤੋਂ ਕਿਸਾਨ ਦਿੱਲੀ ਬਾਰਡਰ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ "ਸਿਰਫ ਇਕ ਗੂੰਗੀ ਅਤੇ ਬੋਲ਼ੀ ਸਰਕਾਰ ਹੀ ਇਸ ਤਰ੍ਹਾਂ ਦਾ ਵਿਵਹਾਰ ਕਰ ਸਕਦੀ ਹੈ।"