ਸੰਗਰੂਰ: ਬੀਜੇਪੀ ਪ੍ਰਤੀ ਕਿਸਾਨਾਂ ਦਾ ਗੁੱਸਾ ਵਧਦਾ ਹੀ ਜਾ ਰਿਹਾ ਹੈ। ਖਾਸਕਰ ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਿਸੇ ਵੀ ਪ੍ਰੋਗਰਾਮ ਨੂੰ ਰੱਦ ਕਰਨ ਲਈ ਕਿਸਾਨਾਂ ਵਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਇਸੇ ਦਰਮਿਆਨ ਅੱਜ ਕਿਸਾਨਾਂ ਤੇ ਪੁਲਿਸ ਦਰਮਿਆਨ ਟਕਰਾਅ ਹੋ ਗਿਆ।



ਅੱਜ ਜਦ ਅਸ਼ਵਨੀ ਸ਼ਰਮਾ ਸੰਗਰੂਰ ਦੇ ਬੀਜੇਪੀ ਜ਼ਿਲ੍ਹਾ ਪ੍ਰਧਾਨ ਰਣਦੀਪ ਦਿਓਲ ਦੇ ਘਰ ਆਏ ਤਾਂ ਵੱਡੀ ਗਿਣਤੀ 'ਚ ਕਿਸਾਨ ਉਨ੍ਹਾਂ ਦਾ ਵਿਰੋਧ ਕਰਨ ਲਈ ਪਹੁੰਚੇ। ਕਿਸਾਨਾਂ ਨੇ ਉਨ੍ਹਾਂ ਦੇ ਘਰ ਦਾ ਘਿਰਾਓ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਪਹਿਲਾਂ ਹੀ ਉਥੇ ਵੱਡੀ ਗਿਣਤੀ 'ਚ ਪੁਲਿਸ ਬਲ ਮੌਜੂਦ ਸੀ।



ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਬੈਰੀਕੇਡਿੰਗ ਕੀਤੀ ਹੋਈ ਸੀ। ਪਰ ਕਿਸਾਨ ਬੈਰੀਕੇਡਿੰਗ ਨੂੰ ਹਟਾਉਂਦੇ ਹੋਏ ਅੱਗੇ ਵਧਣ ਲੱਗੇ। ਇਸ ਦੌਰਾਨ ਮਾਹੌਲ ਤਣਾਅਪੂਰਨ ਬਣ ਗਿਆ। ਕਿਸਾਨਾਂ ਵਲੋਂ ਬੀਜੇਪੀ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।