ਬਰਨਾਲਾ: ਬਰਨਾਲਾ ਦੇ ਬਾਜਵਾ ਪੱਟੀ ਵਿਖੇ ਗੁਰਦੁਆਰਾ ਸਾਹਿਬ ਵਿਖੇ ਅਚਾਨਕ ਅੱਗ ਲੱਗਣ ਕਾਰਨ ਗੁਰਦੁਆਰਾ ਸਾਹਿਬ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਂਟ ਹੋ ਗਿਆ। ਗੁਰਦੁਆਰਾ ਪ੍ਰਬੰਧਕਾਂ ਤੇ ਆਸਪਾਸ ਦੇ ਵਸਨੀਕਾਂ ਨੇ ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਹੀ ਗੁਰਦੁਆਰਾ ਸਾਹਿਬ ਵਿਖੇ ਅੱਗ 'ਤੇ ਕਾਬੂ ਪਾ ਲਿਆ ਪਰ ਇਸ ਅੱਗ ਕਾਰਨ ਸ਼ਰਧਾਲੂਆਂ 'ਚ ਰੋਹ ਪਾਇਆ ਜਾ ਰਿਹਾ ਹੈ। ਮੌਕੇ 'ਤੇ ਅੱਗ ਬੁਝਾਉਣ ਵਾਲੇ ਚਸ਼ਮਦੀਦਾਂ ਨੇ ਦੱਸਿਆ ਕਿ ਅੱਗ ਇੰਨੀ ਜ਼ਬਰਦਸਤ ਸੀ ਕਿ ਗੁਰਦੁਆਰਾ ਸਾਹਿਬ 'ਚ ਪੂਰਾ ਧੂੰਆਂ ਹੋਇਆ ਪਿਆ ਸੀ ਤੇ ਬਹੁਤ ਮੁਸ਼ਕਲ ਨਾਲ ਗੁਰਦੁਆਰਾ ਸਾਹਿਬ ਦੇ ਸ਼ੀਸ਼ੇ ਤੋੜ ਕੇ ਅੱਗ 'ਤੇ ਕਾਬੂ ਪਾਇਆ ਗਿਆ।
ਮੌਕੇ 'ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਹਾਦਸੇ ਦੀ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜ ਦਿੱਤੀ ਗਈ ਹੈ। ਉੱਥੋਂ ਦੇ ਨੁਮਾਇੰਦੇ ਸਹੀ ਢੰਗ ਨਾਲ ਇਸ ਦੀ ਪੜਤਾਲ ਕਰਨ ਲਈ ਇੱਥੇ ਆਉਣਗੇ। ਘਟਨਾ ਦੇ ਕਾਰਨਾਂ ਦਾ ਪਤਾ ਲਾਉਣਗੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਨੌਂ ਗੁਰੂ ਗ੍ਰੰਥ ਸਾਹਿਬ ਸਰੂਪ ਸਥਾਪਤ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਇੱਕ ਸਰੂਪ ਨੂੰ ਅਗਨ ਭੇਟ ਹੋ ਗਏ, ਜਦਕਿ ਅੱਠ ਸਰੂਪਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਉਨ੍ਹਾਂ ਨੂੰ ਸ੍ਰੀ ਗੁਰਦੁਆਰਾ ਬਾਬਾ ਗੰਧਾ ਸਿੰਘ ਸਾਹਿਬ ਭੇਜਿਆ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਘਟਨਾ ਦੇ ਕਾਰਨਾਂ ਬਾਰੇ ਵੀ ਗੱਲ ਕੀਤੀ। ਉਨ੍ਹਾਂ ਦੱਸਿਆ ਕਿ ਇੱਥੇ ਬਿਜਲੀ ਦਾ ਕੰਮ ਚੱਲ ਰਿਹਾ ਸੀ, ਪਰ ਇਸ ਅੱਗ ਦਾ ਕਾਰਨ ਕੀ ਹੈ, ਇਸ ਬਾਰੇ ਅਜੇ ਨਹੀਂ ਪਤਾ ਚੱਲਿਆ ਹੈ। ਜੇਕਰ ਕੋਈ ਜਾਂਚ ਤੋਂ ਬਾਅਦ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਮੁਤਾਬਕ ਹੁਣ ਤੱਕ ਇਹ ਪਤਾ ਲੱਗਿਆ ਹੈ ਕਿ ਇੱਕ ਸ਼ਾਰਟ ਸਰਕਟ ਕਾਰਨ ਇਸ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗੀ ਹੈ। ਬਾਕੀ ਅਜੇ ਜਾਂਚ ਕੀਤੀ ਜਾ ਰਹੀ ਹੈ।