ਸੋਨੀਪਤ: ਸੋਨੀਪਤ ਵਿੱਚ ਕੁੰਡਲੀ ਉਦਯੋਗਿਕ ਖੇਤਰ ਵਿੱਚ ਦੇਰ ਰਾਤ ਇੱਕ ਪੱਖਾ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਕਾਰਨ ਫੈਕਟਰੀ ਨੂੰ ਅੱਗ ਲੱਗੀ। ਇਸ ਦੌਰਾਨ ਅੱਗ ਨਾਲ ਜਿਥੇ ਲੱਖਾਂ ਦਾ ਨੁਕਸਾਨ ਹੋਇਆ, ਉਥੇ ਹੀ ਦੋ ਮਜ਼ਦੂਰਾਂ ਦੀ ਅੱਗ ਨਾਲ ਝੁਲਸਣ ਕਾਰਨ ਮੌਤ ਹੋ ਗਈ। 

 

ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਰਾਤ ਭਰ ਸਖਤ ਜੱਦੋਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸੋਨੀਪਤ ਹੀ ਨਹੀਂ ਬਲਕਿ ਕੈਥਲ, ਪਾਣੀਪਤ, ਹਿਸਾਰ ਦੇ ਫਾਇਰ ਵਿਭਾਗ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ।

 

ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਵਲੋਂ ਫੈਕਟਰੀ ਅਧਿਕਾਰੀਆਂ 'ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਗਿਆ ਹੈ। ਮਜ਼ਦੂਰਾਂ ਨੇ ਫੈਕਟਰੀ ਅਧਿਕਾਰੀਆਂ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਕੋਈ ਸਹਾਇਤਾ ਨਹੀਂ ਦੇ ਰਹੇ ਅਤੇ ਮ੍ਰਿਤਕਾਂ ਨੂੰ ਕਿੱਥੇ ਰੱਖਿਆ ਗਿਆ, ਇਸ ਦੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।