(Source: ECI/ABP News)
ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।
![ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ First Parkash purab of Guru Granth Sahib Ji celebrated at Sri Harmandir Sahib ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ](https://feeds.abplive.com/onecms/images/uploaded-images/2021/09/07/37122c55e857da6615e186b5fab2c704_original.jpeg?impolicy=abp_cdn&imwidth=1200&height=675)
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ 'ਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਉਹ ਇਤਿਹਾਸਕ ਅਸਥਾਨ ਹੈ ਜਿਥੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604ਈ: 'ਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕੀਤੀ ਸੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਤੋਂ ਪਹਿਲਾਂ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਾਇਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜ ਪਿਆਰਿਆਂ, ਨਿਸ਼ਾਨਚੀ ਅਤੇ ਨਿਗਾਰਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ।
ਇਸ ਤੋਂ ਪਹਿਲਾਂ ਸਜਾਏ ਗਏ ਦੀਵਾਨ 'ਚ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਸੰਗਤ ਨਾਲ ਇਸ ਦਿਹਾੜੇ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਮਗਰੋਂ ਅੱਜ ਦੇ ਦਿਨ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸੀ, ਜਿਸ ਦੀ ਯਾਦ 'ਚ ਸੰਗਤਾਂ ਹਰ ਸਾਲ ਪੰਥਕ ਰਵਾਇਤ ਅਨੁਸਾਰ ਨਗਰ ਕੀਰਤਨ ਸਜਾਉਂਦੀਆਂ ਹਨ।
ਗਿਆਨੀ ਜਗਤਾਰ ਸਿੰਘ ਨੇ ਸੰਗਤ ਨੂੰ ਗੁਰਬਾਣੀ ਦੇ ਸਿਧਾਂਤਾਂ ’ਤੇ ਪਹਿਰਾ ਦੇਣ ਦੀ ਅਪੀਲ ਕਰਦਿਆਂ ਬੱਚਿਆਂ ਨੂੰ ਗੁਰਸਿੱਖੀ 'ਚ ਨਿਪੁੰਨ ਕਰਨ ਦੀ ਪ੍ਰੇਰਣਾ ਕੀਤੀ। ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਫੁੱਲਾਂ ਦੀ ਸਜਾਵਟ ਵੀ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)