ਚੰਡੀਗੜ੍ਹ: ਪੰਜਾਬ ਦੀ ਭਖੀ ਸਿਆਸਤ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਂਟਰੀ ਮਾਰਦਿਆਂ ਵੱਡੇ ਸਵਾਲ ਉਠਾਏ ਹਨ। ਕਾਂਗਰਸ ਉੱਪਰ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਸਥਿਰ ਸਰਕਾਰ ਦੇਵੇਗੀ। ਸਿਰਫ ਚਾਰ ਮਹੀਨੇ ਬਾਕੀ ਹਨ ਫਿਰ 'ਆਪ' ਪੰਜਾਬ ਨੂੰ ਸਥਿਰ ਸਰਕਾਰ ਦੇਵੇਗੀ। 


 


ਉਨ੍ਹਾਂ ਨੇ ਕਿਹਾ ਕਿ ਮੈਂ ਸੀਐਮ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੰਦਾ ਹਾਂ। ਮੈਂ ਚੰਨੀ ਸਾਹਿਬ ਨੂੰ ਕਹਿਣਾ ਚਾਹੁੰਦਾ ਹਾਂ ਕਿ ਪੰਜਾਬ ਦੇ ਲੋਕ 5 ਚੀਜ਼ਾਂ ਮੰਗ ਰਹੇ ਹਨ। ਉਸ ਨੂੰ ਉਨ੍ਹਾਂ 'ਤੇ ਤੁਰੰਤ ਕੰਮ ਕਰਨਾ ਚਾਹੀਦਾ ਹੈ। 


 


ਕੇਜਰੀਵਾਲ ਨੇ ਕਿਹਾ ਕਿ ਇਲਜ਼ਾਮ ਲੱਗ ਰਹੇ ਹਨ ਕਿ ਦਾਗੀ ਮੰਤਰੀਆਂ ਨੂੰ ਲਿਆਂਦਾ ਗਿਆ ਹੈ। ਦਾਗੀ ਅਫਸਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਖਿਲਾਫ ਪਰਚੇ ਦਰਜ ਕੀਤੇ ਜਾਣੇ ਚਾਹੀਦੇ ਹਨ।


 


ਕੇਜਰੀਵਾਲ ਨੇ ਕਿਹਾ ਕਿ ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾ ਦੇਣੀ ਚਾਹੀਦੀ ਹੈ। ਪਿਛਲੇ 4.5 ਸਾਲਾਂ ਤੋਂ ਬਕਾਇਆ ਬੇਰੁਜ਼ਗਾਰੀ ਭੱਤਾ ਦਿੱਤਾ ਜਾਣਾ ਚਾਹੀਦਾ ਹੈ। ਕਿਸਾਨਾਂ ਦਾ ਕਰਜ਼ਾ ਮਾਫ ਕੀਤਾ ਜਾਵੇ। ਬਿਜਲੀ ਸਮਝੌਤੇ ਰੱਦ ਕੀਤੇ ਜਾਣ।


 


ਕਾਂਗਰਸ ਵੱਲੋਂ ਅਨੁਸੂਚਿਤ ਜਾਤੀ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਣਾਏ ਜਾਣ ਤੋਂ ਬਾਅਦ ਕੇਜਰੀਵਾਲ ਦੀ ਇਹ ਪਹਿਲੀ ਫੇਰੀ ਹੈ। ਦੋ ਦਿਨੀਂ ਪੰਜਾਬ ਫੇਰੀ ਦੌਰਾਨ ਚੰਨੀ ਬਾਰੇ ਉਨ੍ਹਾਂ ਦੀ ਪ੍ਰਤੀਕ੍ਰਿਆ ਬਹੁਤ ਮਹੱਤਵਪੂਰਨ ਹੋਵੇਗੀ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਐਤਵਾਰ ਨੂੰ ਪੰਜਾਬ ਦੌਰਾ ਹੋਣਾ ਸੀ, ਪਰ ਕਿਸਾਨਾਂ ਦੇ ਭਾਰਤ ਬੰਦ ਤੇ ਮੁੱਖ ਮੰਤਰੀ ਚੰਨੀ ਦੇ ਪੰਜਾਬ 'ਚ ਮੰਤਰੀ ਮੰਡਲ ਵਿਸਥਾਰ ਕਾਰਨ ਉਨ੍ਹਾਂ ਦਾ ਦੌਰਾ ਰੱਦ ਕਰ ਦਿੱਤਾ ਗਿਆ।


 


ਆਮ ਆਦਮੀ ਪਾਰਟੀ ਦੇ ਪੰਜਾਬ ਰਾਜ ਸਹਾਇਕ ਸਕੱਤਰ ਤੇ ਲੁਧਿਆਣਾ ਲੋਕ ਸਭਾ ਦੇ ਇੰਚਾਰਜ ਅਮਨਦੀਪ ਸਿੰਘ ਮੋਹੀ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਰਾਸ਼ਟਰੀ ਪ੍ਰਧਾਨ ਅਰਵਿੰਦ ਕੇਜਰੀਵਾਲ ਲੁਧਿਆਣਾ ਦਾ ਦੌਰਾ ਕਰਨਗੇ। ਇਸ 'ਚ ਕੋਈ ਰੈਲੀ ਨਹੀਂ ਹੋ ਰਹੀ ਹੈ। ਉਹ ਸਿਰਫ਼ ਪੱਤਰਕਾਰਾਂ ਨੂੰ ਸੰਬੋਧਨ ਕਰਨਗੇ ਤੇ 2022 ਦੀਆਂ ਚੋਣਾਂ ਲਈ ਪੰਜਾਬ ਦੇ ਲੋਕਾਂ ਨੂੰ ਗਰੰਟੀ ਦੇਣਗੇ।