ਅਨੰਦਪੁਰ ਸਾਹਿਬ: ਅੱਜ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ। ਇਥੇ ਉਨ੍ਹਾਂ ਨੇ ਸਾਬਕਾ ਐਸਜੀਪੀਸੀ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਦੁਆਰਾ ਲਿਖੀ ਕਿਤਾਬ ਸਾਡੇ ਕੌਮੀ ਹੀਰੇ ਸਿੱਖ ਜਰਨੈਲ ਜਾਰੀ ਕੀਤੀ। ਉਨ੍ਹਾਂ ਦੇ ਨਾਲ ਤਖ਼ਤ ਸ੍ਰੀ ਕੇਸਗੜ ਦੇ ਜਥੇਦਾਰ ਗਿਆਨੀ ਰਘੂਵੀਰ ਸਿੰਘ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ‘ਤੇ ਬੋਲਦਿਆਂ ਕਿਹਾ ਕਿ ਇਸ ਤੇ' ਰਾਜਨੀਤੀ ਕੀਤੀ ਜਾ ਰਹੀ ਹੈ।


 


ਉਥੇ ਹੀ ਉਨ੍ਹਾਂ ਆਰਐੱਸਐੱਸ ਮੁਖੀ ਮੋਹਨ ਭਾਗਵਤ ਦਾ ਬਿਆਨ ਕਿ ਸਾਰੇ ਲੋਕਾਂ ਦਾ ਡੀਐਨਏ ਇਕੋ ਜਿਹਾ ਹੈ 'ਤੇ ਕਿਹਾ ਕਿ ਮੋਹਨ ਭਾਗਵਤ ਨੂੰ ਆਪਣਾ ਡੀਐਨਏ ਕਰਵਾਉਣਾ ਚਾਹੀਦਾ ਹੈ, ਉਹ ਵੀ ਈਰਾਨ ਵਰਗੇ ਦੇਸ਼ ਤੋਂ ਨਿਕਲਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕ੍ਰਿਪਾਲ ਸਿੰਘ ਬਡੂੰਗਰ ਦੀ ਲਿਖੀ ਇਹ ਕਿਤਾਬ ਜਿਸ ਵਿੱਚ ਉਨ੍ਹਾਂ ਸਿੱਖ ਜਰਨੈਲਾਂ ਬਾਰੇ ਲਿਖਿਆ ਹੈ, ਬਹੁਤ ਕੁਝ ਬਿਆਨ ਕਰਦੀ ਹੈ। 


 


ਬੇਅਦਬੀ ਦੀਆਂ ਘਟਨਾਵਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਭਾਵੇਂ ਕੋਈ ਵੀ ਹੋਵੇ,  ਬੇਅਦਬੀ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ। ਅਸੀਂ ਮਹਿਸੂਸ ਕਰਦੇ ਹਾਂ ਕਿ ਅਜਿਹੀਆਂ ਘਟਨਾਵਾਂ ਸਿੱਖਾਂ ਦੇ ਮਨਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਘਟਾਉਣ ਲਈ ਕੀਤੀਆਂ ਜਾ ਰਹੀਆਂ ਹਨ, ਪਰ ਸਿੱਖ ਪੰਥ ਨਾਲ ਜੁੜੇ ਲੋਕ ਕਦੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਦੇ ਨਹੀਂ ਘਟਣ ਦੇਣਗੇ। ਜੇਕਰ ਸਰਕਾਰ ਇਸ ‘ਤੇ ਸਖਤ ਕਾਨੂੰਨ ਲਾਗੂ ਕਰਦੀ ਹੈ ਤਾਂ ਫਿਰ ਇਸ ਤਰ੍ਹਾਂ ਬੇਅਦਬੀ ਦੀਆਂ ਘਟਨਾਵਾਂ ਨਹੀਂ ਹੋਣਗੀਆਂ।


 


ਉਨ੍ਹਾਂ ਕਿਹਾ ਹਾਲਾਂਕਿ ਪਿਛਲੀ ਅਕਾਲੀ ਸਰਕਾਰ ਨੇ ਸਖਤ ਧਾਰਾਵਾਂ ਅਧੀਨ ਨਵਾਂ ਕਾਨੂੰਨ ਲਿਆਂਦਾ ਸੀ, ਪਰ ਉਹ ਵੀ ਵਿਚਕਾਰ ਹੀ ਰਹਿ ਗਿਆ। ਕਾਨੂੰਨ ਹਰ ਚੀਜ਼ ਲਈ ਲਿਆਇਆ ਜਾਂਦਾ ਹੈ ਪਰ ਕਿਉਂ ਕੋਈ ਵੀ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਲਈ ਕੋਈ ਸਖਤ ਕਾਨੂੰਨ ਨਹੀਂ ਲਿਆਉਂਦੀ।


 


ਇਸ ਦੇ ਨਾਲ ਹੀ, ਬਹਿਬਲ ਕਲਾ ਅਤੇ ਕੋਟਕਪੂਰਾ ਗੋਲੀਕਾਂਡ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ 'ਤੇ ਰਾਜਨੀਤੀ ਕੀਤੀ ਜਾ ਰਹੀ ਹੈ, ਅਜਿਹਾ ਨਹੀਂ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ, ਕਰਤਾਰਪੁਰ ਲਾਂਘਾ ਖੋਲ੍ਹਣ ਦੇ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਭਾਰਤ ਸਰਕਾਰ ਦੀ ਨੀਅਤ ‘ਤੇ ਸਵਾਲ ਉਠਾਇਆ ਅਤੇ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਭਾਰਤ ਸਰਕਾਰ ਕਰਤਾਰਪੁਰ ਲਾਂਘਾ ਕਿਉਂ ਨਹੀਂ ਖੋਲ੍ਹ ਰਹੀ ਹੈ। ਅਸੀਂ ਆਪਣੇ ਸਾਰੇ ਧਾਰਮਿਕ ਅਸਥਾਨ ਖੋਲ੍ਹ ਦਿੱਤੇ ਹਨ। ਸਾਰੇ ਸਿੱਖਾਂ ਨੂੰ ਕਰਤਾਰਪੁਰ ਜਾਣ ਦੀ ਆਗਿਆ ਭਾਰਤ ਸਰਕਾਰ ਵਲੋਂ ਦਿੱਤੀ ਜਾਵੇ।