ਮਾਨਸਾ: ਕਿਸਾਨਾਂ ਵੱਲੋਂ ਲਗਾਤਾਰ ਰਾਜਨੀਤਕ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ। ਲੋਕਾਂ ਵਲੋਂ ਲੀਡਰਾਂ ਨੂੰ ਪਿੰਡਾਂ 'ਚ ਆਉਣ 'ਤੇ ਰੋਕ ਲਗਾਈ ਗਈ ਹੈ। ਅੱਜ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਵੀ ਲੋਕਾਂ ਦੇ ਇਸ ਰੋਸ ਦਾ ਸਾਹਮਣਾ ਕਰਨਾ ਪਿਆ। ਹਰਸਿਮਰਤ ਕੌਰ ਬਾਦਲ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਗੁੜੱਦੀ, ਦੋਦੜਾ, ਭਾਦੜਾ, ਅਤੇ ਬੱਛੋਆਣਾ ਵਿਖੇ ਕਿਸਾਨੀ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਆ ਰਹੇ ਸੀ।
ਇਸ ਦੌਰਾਨ ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਵੱਲੋਂ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਹਰਸਿਮਰਤ ਬਾਦਲ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਚਾਰ ਪਿੰਡਾਂ ਦਾ ਦੌਰਾ ਰੱਦ ਕਰਨਾ ਪਿਆ। ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਿਸਾਨਾਂ ਨੇ ਕਿਹਾ ਕਿ ਪਿੰਡ ਦੇ ਵਿੱਚ ਕਿਸੇ ਵੀ ਰਾਜਨੀਤਕ ਪਾਰਟੀ ਦੇ ਨੁਮਾਇੰਦੇ ਨੂੰ ਆਉਣ ਨਹੀਂ ਦਿੱਤਾ ਜਾਵੇਗਾ, ਕਿਉਂਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਦੇ ਸਿਰ ਲਗਾਤਾਰ ਕਰਜ਼ਾ ਵਧਦਾ ਜਾ ਰਿਹਾ ਅਤੇ ਕਿਸਾਨ ਸਰਕਾਰਾਂ ਦੀਆਂ ਨੀਤੀਆਂ ਤੋਂ ਤੰਗ ਆ ਕੇ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਦੇ ਲੀਡਰ ਕਿਸਾਨਾਂ ਨੂੰ ਸਿਰਫ ਗੁੰਮਰਾਹ ਕਰਕੇ ਵੋਟਾਂ ਬਟੋਰਨ ਤੱਕ ਸੀਮਤ ਰਹਿੰਦੇ ਹਨ। ਅੱਜ ਰਾਜਨੀਤਕ ਪਾਰਟੀਆਂ ਦਾ ਵੋਟ ਬੈਂਕ ਖਿਸਕਦਾ ਦੇਖ ਇਹ ਮਗਰਮੱਛ ਦੇ ਹੰਝੂ ਵਹਾਉਣ ਲਈ ਉਨ੍ਹਾਂ ਦੇ ਪਿੰਡ ਆ ਰਹੇ ਹਨ ਅਤੇ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਪਿੰਡ ਵਿੱਚ ਦਾਖ਼ਲ ਨਹੀਂ ਹੋਣ ਦੇਣਗੇ।