ਕਸ਼ਮੀਰ ਮੁੱਦੇ 'ਤੇ ਮੋਦੀ ਨਾਲ ਡਟੇ ਕੇਜਰੀਵਾਲ
ਆਮ ਆਮ ਆਦਮੀ ਪਾਰਟੀ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਮੋਦੀ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਹੁਤੇ ਵਿਰੋਧੀਆਂ ਵਿੱਚੋਂ ਇਕੱਲਿਆਂ ਮੋਦੀ ਸਰਕਾਰ ਦੇ ਹੱਕ ਵਿੱਚ ਆਵਾਜ਼ ਚੁੱਕੀ ਹੈ।
ਨਵੀਂ ਦਿੱਲੀ: ਮੋਦੀ ਸਰਕਾਰ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਤੇ ਧਾਰਾ 35ਏ ਖ਼ਤਮ ਕਰ ਦਿੱਤੀਆਂ ਹਨ। ਇਹ ਧਾਰਾਵਾਂ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਅਧਿਕਾਰ ਦਿੰਦੀਆਂ ਸੀ। ਜ਼ਿਆਦਾਤਰ ਵਿਰੋਧੀ ਪਾਰਟੀਆਂ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੀਆਂ ਹਨ ਪਰ ਆਮ ਆਮ ਆਦਮੀ ਪਾਰਟੀ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਮੋਦੀ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਹੁਤੇ ਵਿਰੋਧੀਆਂ ਵਿੱਚੋਂ ਇਕੱਲਿਆਂ ਮੋਦੀ ਸਰਕਾਰ ਦੇ ਹੱਕ ਵਿੱਚ ਆਵਾਜ਼ ਚੁੱਕੀ ਹੈ।
ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ, 'ਅਸੀਂ ਜੰਮੂ-ਕਸ਼ਮੀਰ 'ਤੇ ਸਰਕਾਰ ਦੇ ਫੈਸਲੇ ਦਾ ਸਮਰਥਨ ਕਰਦੇ ਹਾਂ। ਅਸੀਂ ਉਮੀਦ ਕਰਦੇ ਹਾਂ ਕਿ ਇਹ ਸੂਬੇ ਵਿੱਚ ਸ਼ਾਂਤੀ ਤੇ ਵਿਕਾਸ ਲੈ ਕੇ ਆਏਗਾ।' ਦੱਸ ਦੇਈਏ ਹੁਣ ਤਕ ਲਗਪਗ ਸਾਰੇ ਮੁੱਦਿਆਂ ਖ਼ਾਸ ਕਰਕੇ ਦਿੱਲੀ ਨੂੰ ਵਿਸ਼ੇਸ਼ ਦਰਜਾ ਦਿਵਾਉਣ ਦੇ ਮੁੱਦੇ 'ਤੇ ਕੇਜਰੀਵਾਲ ਤੇ ਉਨ੍ਹਾਂ ਦੀ ਪਾਰਟੀ ਨੇ ਬੀਜੇਪੀ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਖ਼ਿਲਾਫ਼ਤ ਹੀ ਕੀਤੀ ਹੈ। ਕਈ ਸਾਲਾਂ ਤੋਂ ਉਨ੍ਹਾਂ ਸੱਤਾਧਾਰੀ ਬੀਜੇਪੀ 'ਤੇ ਚੁਣੀ ਹੋਈ ਸਰਕਾਰ ਨੂੰ ਦਰਕਿਨਾਰ ਕਰਦਿਆਂ ਲੈਫਟੀਨੈਂਟ ਗਵਰਨਰ ਰਾਹੀਂ ਦਿੱਲੀ ਨੂੰ ਕੰਟਰੋਲ ਕਰਨ ਦੇ ਇਲਜ਼ਾਮ ਲਾਏ ਹਨ।
ਉੱਧਰ ਸਰਕਾਰ ਦੇ ਇਸ ਫੈਸਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਇਹ ਮੁਕੰਮਲ ਤੌਰ 'ਤੇ ਗੈਰ-ਸੰਵਿਧਾਨਕ ਤੇ ਗੈਰ-ਕਾਨੂੰਨੀ ਹੈ। ਉਨ੍ਹਾਂ ਇਸ ਨੂੰ ਸੰਵਿਧਾਨ ਦੀ ਉਲੰਘਣਾ ਕਰਾਰ ਦਿੱਤਾ ਹੈ। ਉੱਧਰ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਸਖਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਅਮਿਤ ਸ਼ਾਹ ਦੇ ਐਲਾਨ ਨੂੰ ਲੋਕਤੰਤਰ ਲਈ ਕਾਲਾ ਦਿਨ ਕਰਾਰ ਦਿੱਤਾ। ਬੀਜੇਪੀ ਦੀ ਸਹਿਯੋਗੀ ਪਾਰਟੀ ਜੇਡੀਯੂ ਵੀ ਇਸ ਦਾ ਵਿਰੋਧ ਕਰ ਰਹੀ ਹੈ।