India-Pakistan Match: ਪੰਜਾਬ ਤੋਂ ਬਾਅਦ ਹੁਣ ਸ੍ਰੀਨਗਰ ਵਿੱਚ ਵੀ ਪਾਕਿਸਤਾਨੀ ਕ੍ਰਿਕਟ ਟੀਮ ਦੀ ਜਿੱਤ ਦਾ ਜਸ਼ਨ ਮਨਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੀਨਗਰ ਦੇ SKIMS ਮੈਡੀਕਲ ਕਾਲਜ ਦੇ ਵਿਦਿਆਰਥੀਆਂ ਅਤੇ ਸਰਕਾਰੀ ਮੈਡੀਕਲ ਕਾਲਜ ਦੀਆਂ ਵਿਦਿਆਰਥਣਾਂ ਖ਼ਿਲਾਫ਼ UAPA ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਕਾਲਜ ਦੇ ਵਿਦਿਆਰਥੀਆਂ 'ਤੇ ਐਤਵਾਰ ਨੂੰ ਟੀ-20 ਵਿਸ਼ਵ ਕੱਪ ਦੌਰਾਨ ਪਾਕਿਸਤਾਨ ਦੇ ਸਮਰਥਨ 'ਚ ਨਾਅਰੇਬਾਜ਼ੀ ਕਰਨ ਦਾ ਦੋਸ਼ ਹੈ।
ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ, ਹੁਣ ਯੂਏਪੀਏ (ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜੇਕਰ ਕਿਸੇ ਵਿਦਿਆਰਥੀ ਜਾਂ ਵਿਦਿਆਰਥਣ ਨੂੰ ਇਨ੍ਹਾਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਉਸ ਨੂੰ ਜ਼ਮਾਨਤ ਮਿਲਣੀ ਔਖੀ ਹੋ ਜਾਵੇਗੀ। ਇਸ ਕਾਨੂੰਨ ਦਾ ਮੁੱਖ ਮਕਸਦ ਅੱਤਵਾਦੀ ਗਤੀਵਿਧੀਆਂ ਨੂੰ ਰੋਕਣਾ ਹੈ। ਇਸ ਕਾਨੂੰਨ ਤਹਿਤ ਪੁਲਿਸ ਅਜਿਹੇ ਅੱਤਵਾਦੀਆਂ, ਅਪਰਾਧੀਆਂ ਜਾਂ ਹੋਰ ਲੋਕਾਂ ਦੀ ਸ਼ਨਾਖਤ ਕਰਦੀ ਹੈ ਜੋ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹਨ।
ਇਸ ਤੋਂ ਪਹਿਲਾਂ, ਪੰਜਾਬ ਦੇ ਦੋ ਨਿੱਜੀ ਵਿਦਿਅਕ ਅਦਾਰਿਆਂ ਵਿੱਚ ਪੜ੍ਹ ਰਹੇ ਕਸ਼ਮੀਰ ਦੇ ਘੱਟੋ-ਘੱਟ 10 ਵਿਦਿਆਰਥੀਆਂ ਨੇ ਦੋਸ਼ ਲਾਇਆ ਸੀ ਕਿ ਟੀ-20 ਵਿਸ਼ਵ ਕੱਪ ਕ੍ਰਿਕਟ ਮੈਚ ਵਿੱਚ ਭਾਰਤ ਦੀ ਪਾਕਿਸਤਾਨ ਹੱਥੋਂ ਹਾਰ ਤੋਂ ਬਾਅਦ ਉਨ੍ਹਾਂ ਨਾਲ ਕੁੱਟ-ਮਾਰ ਕੀਤੀ ਗਈ, ਧਮਕੀਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਕਮਰਿਆਂ ਦੀ ਭੰਨ-ਤੋੜ ਕੀਤੀ ਗਈ। ਇੱਕ ਘਟਨਾ ਸੰਗਰੂਰ ਸ਼ਹਿਰ ਦੇ ਬਾਹਰਵਾਰ ਭਾਈ ਗੁਰਦਾਸ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿੱਚ ਵਾਪਰੀ ਜਦਕਿ ਦੂਜੀ ਘਟਨਾ ਮੁਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਸਥਿਤ ਰਿਆਤ ਭਾਰਤ ਯੂਨੀਵਰਸਿਟੀ ਵਿੱਚ ਵਾਪਰੀ।
ਇਕ ਵਿਦਿਆਰਥੀ ਨੇ ਫੇਸਬੁੱਕ 'ਤੇ ਹਮਲੇ ਦੀ ਲਾਈਵ ਸਟ੍ਰੀਮਿੰਗ ਕੀਤੀ ਜਦੋਂ ਉਸ 'ਤੇ ਡਾਂਗਾਂ ਨਾਲ ਹਮਲਾ ਕੀਤਾ ਜਾ ਰਿਹਾ ਸੀ। ਇੱਕ ਪੀੜਤ ਵਿਦਿਆਰਥੀ ਨੇ ਪੁਲਿਸ ਨੂੰ ਦੱਸਿਆ, "ਸਥਾਨਕ ਪੰਜਾਬੀ ਵਿਦਿਆਰਥੀ ਸਾਡੇ ਬਚਾਅ ਲਈ ਆਏ ਅਤੇ ਸਾਨੂੰ ਹਮਲੇ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ।" ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਉਹ ਆਪਣੇ ਕਮਰੇ ਵਿੱਚ ਬੈਠੇ ਸਨ ਜਦੋਂ ਮੁਲਜ਼ਮ ਉਨ੍ਹਾਂ ਦੇ ਕਮਰੇ ਵਿੱਚ ਦਾਖ਼ਲ ਹੋਏ ਅਤੇ ਮੈਚ ਹਾਰਨ ਦਾ ਬਦਲਾ ਲੈਣ ਲਈ ਉਨ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸੇ ਤਰ੍ਹਾਂ ਦੀ ਇੱਕ ਘਟਨਾ ਵਿੱਚ ਰਿਆਤ ਭਾਰਤ ਯੂਨੀਵਰਸਿਟੀ ਵਿੱਚ ਚਾਰ ਵਿਦਿਆਰਥੀਆਂ ਦੀ ਕੁੱਟਮਾਰ ਕੀਤੀ ਗਈ।