ਲਖਨਾਊ: ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਉੱਤਰ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਿਆਂ ’ਚ ਅੱਜ ਤੋਂ ਦਫ਼ਾ 144 ਲਾਗੂ ਕਰ ਦਿੱਤੀ ਹੈ। ਪੰਜ ਤੋਂ ਵੱਧ ਲੋਕਾਂ ਦੇ ਇੱਕ ਥਾਂ ਇਕੱਠੇ ਹੋਣ ’ਤੇ ਰੋਕ ਹੈ। ਪੰਚਾਇਤ ਚੋਣਾਂ ’ਚ ਪ੍ਰਚਾਰ ਦੌਰਾਨ ਵੀ ਕੋਵਿਡ ਪ੍ਰੋਟੋਕੋਲ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਇਸ ਲਈ ਸਾਰੇ ਜ਼ਿਲ੍ਹਿਆਂ ਦੇ ਡੀਐੱਮ ਅਤੇ ਐੱਸਪੀ ਨੂੰ ਚਿੱਠੀ ਭੇਜੀ ਗਈ ਹੈ। ਕਿਸੇ ਵੀ ਪ੍ਰੋਗਰਾਮ ਵਿੱਚ 100 ਤੋਂ ਵੱਧ ਲੋਕਾਂ ਦੇ ਇਜਾਜ਼ਤ ਲੈ ਕੇ ਇਕੱਠੇ ਹੋਣ ਉੱਤੇ ਛੋਟ ਹੈ।
ਉੱਤਰ ਪ੍ਰਦੇਸ਼ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧੇ ਨੂੰ ਵੇਖਦਿਆਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੂਬੇ ਦੇ ਸਿਹਤ ਵਿਭਾਗ ਨੂੰ ਸਾਰੇ ਕੋਵਿਡ ਹਸਪਤਾਲਾਂ ਲਈ ਨੋਡਲ ਅਧਿਕਾਰੀ ਦੀ ਤਾਇਨਾਤੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 4,164 ਮਾਮਲੇ ਦਰਜ ਹੋਏ ਹਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਰੇਕ ਗ੍ਰਾਮ ਪੰਚਾਇਤ ਤੇ ਨਗਰਪਾਲਿਕਾ ਵਾਰਡ ਦੇ ਪੱਧਰ ਉੱਤੇ ‘ਨਿਗਰਾਨ ਕਮੇਟੀ’ ਦਾ ਗਠਨ ਕਰਨ ਦੀ ਹਦਾਇਤ ਵੀ ਜਾਰੀ ਕੀਤੀ ਹੈ। ਅਜਿਹਾ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ। ਇਸ ਕੰਮ ਵਿੱਚ ਯੁਵਕ ਮੰਗਲ ਦਲ ਦੇ ਮੈਂਬਰ, ਚੌਕੀਦਾਰ, ਨਾਗਰਿਕ ਸੁਰੱਖਿਆ ਤੇ ਐੱਨਜੀਓ ਲੱਗਣਗੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਲਖਨਊ, ਕਾਨਪੁਰ, ਪ੍ਰਯਾਗਰਾਜ, ਵਾਰਾਨਸੀ, ਗ਼ਾਜ਼ੀਆਬਾਦ ਤੇ ਗੌਤਮ ਬੁੱਧ ਨਗਰ ਜਿਹੇ ਜ਼ਿਲ੍ਹਿਆਂ ’ਚ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਐੱਸਜੀਪੀਜੀਆਈ, ਕਿੰਗ ਜਾਰਜ ਮੈਡੀਕਲ ਯੂਨੀਵਰਸਿਟੀ ਤੇ ਰਾਮ ਮਨੋਹਰ ਲੋਹੀਆ ਹਸਪਤਾਲ ’ਚ ਕੋਰੋਨਾ ਮਹਾਮਾਰੀ ਤੋਂ ਪੀੜਤ ਰੋਗੀਆਂ ਲਈ ਬਿਸਤਰਿਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਨਿਯਮਾਂ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਦਿੱਤੀ ਗਈ, ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਮਿਤ ਮੋਹਨ ਪ੍ਰਸਾਦ ਨੇ ਕਿਹਾ ਕਿ ਸਰਕਾਰੀ ਤੇ ਨਿਜੀ ਦੋਵੇਂ ਹਸਪਤਾਲਾਂ ਲਈ ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾਣਗੇ। ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਵਾਇਰਸ ਦੀ ਲਾਗ ਤੋਂ ਪੀੜਤ ਲੋਕਾਂ ਨੂੰ ਮਿਆਰੀ ਇਲਾਜ ਮਿਲੇ ਤੇ ਹਸਪਤਾਲਾਂ ਵਿੱਚ ਲੋੜੀਂਦੇ ਇੰਤਜਾਮ ਹੋਣ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :