ਚੁਰਾਸੀ ਕਤਲੇਆਮ 'ਤੇ ਵੱਡਾ ਫੈਸਲਾ, ਸੱਜਣ ਕੁਮਾਰ ਸਣੇ ਚਾਰਾਂ ਨੂੰ ਉਮਰ ਕੈਦ, ਦੋ ਦੀ ਸਜ਼ਾ ਵਧਾਈ
ਏਬੀਪੀ ਸਾਂਝਾ | 17 Dec 2018 11:39 AM (IST)
ਚੰਡੀਗੜ੍ਹ: ਦਿੱਲੀ ਹਾਈਕੋਰਟ ਨੇ ਅੱਜ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਦਿੱਲੀ 'ਚ ਸਿੱਖ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸ ਦੇ ਨਾਲ-ਨਾਲ ਅਦਾਲਤ ਨੇ ਕੈਪਟਨ ਭਾਗਮਲ, ਗਿਰਧਾਰੀ ਲਾਲ ਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਤੋਂ ਇਲਾਵਾ ਅਦਾਲਤ ਨੇ ਦੋ ਹੋਰ ਦੋਸ਼ੀਆਂ ਕਿਸ਼ਨ ਖੋਖਰ ਤੇ ਸਾਬਕਾ ਵਕੀਲ ਮਹਿੰਦਰ ਯਾਦਵ ਦੀ ਸਜ਼ਾ 3 ਸਾਲ ਤੋਂ ਵਧਾ ਕੇ 10 ਸਾਲ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲੀ ਨਵੰਬਰ 1984 ਵਿੱਚ ਭੀੜ ਨੇ ਦਿੱਲੀ ਕੈਂਟ ਦੇ ਰਾਜ ਨਗਰ ਇਲਾਕੇ ਵਿੱਚ ਜਗਦੀਸ਼ ਕੌਰ ਦੇ ਘਰ ’ਤੇ ਹਮਲਾ ਕੀਤਾ ਸੀ। ਸੱਜਣ ਕੁਮਾਰ ’ਤੇ ਇਲਜ਼ਾਮ ਸੀ ਕਿ ਉਹ ਵੀ ਉਸ ਭੀੜ ਵਿੱਚ ਸ਼ਾਮਲ ਸੀ। 30 ਅਪ੍ਰੈਲ 2013 ਨੂੰ ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਇਸ ਕਤਲੇਆਮ ਲਈ 5 ਜਣਿਆਂ ਨੂੰ ਦੋਸ਼ੀ ਠਹਿਰਾਇਆ ਸੀ। ਇਸ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਮਹਿੰਦਰ ਯਾਦਵ ਨੂੰ ਉਮਰ ਕੈਦ ਤੇ ਕੌਂਸਲਰ ਬਲਵਾਨ ਖੋਖਰ ਤੇ 3 ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਸੱਜਣ ਕੁਮਾਰ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਸੀ। ਯਾਦ ਰਹੇ ਕਿ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਦੌਰਾਨ ਦਿੱਲੀ ਸਣੇ ਭਾਰਤ ਦੇ ਕਈ ਸ਼ਹਿਰਾਂ ਵਿੱਚ ਹੋਏ ਸਿੱਖ ਕਤਲੇਆਮ ਵਿੱਚ ਕਾਂਗਰਸ ਦੇ ਕਈ ਵੱਡੇ ਆਗੂਆਂ ਦੇ ਨਾਂ ਸਾਹਮਣੇ ਆਏ ਸਨ।