ਨਵੀਂ ਦਿੱਲੀ : ਆਜ਼ਾਦੀ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ 'ਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ 23 ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਰਿਕਾਂ ਨੂੰ ਹਰ ਘਰ ਤਿਰੰਗਾ ਮੁਹਿੰਮ  (Har Ghar Tiranga ) ਵਿੱਚ ਹਿੱਸਾ ਲੈਣ ਲਈ ਕਿਹਾ ਹੈ ,ਇਸ ਦੌਰਾਨ ਵੱਖ -ਵੱਖ ਜੇਲ੍ਹਾਂ 'ਚ ਬੰਦ ਸਜ਼ਾ ਪੂਰੀ ਕਰ ਚੁੱਕੇ 23 ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ।

 

ਦੱਸ ਦੇਈਏ ਕਿ ਇਸ ਤੋਂ 2 ਦਿਨ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਸੀ ਕਿ ਉਹ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਉਨ੍ਹਾਂ ਸਾਰੇ ਕੈਦੀਆਂ ਦੀ ਰਿਹਾਈ ਬਾਰੇ ਵਿਚਾਰ ਕਰਨ ਜੋ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ।


ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਸੀ ਅਸੀਂ ਆਪਣੀ ਆਜ਼ਾਦੀ ਦਾ 75ਵਾਂ ਵਰ੍ਹਾ ਮਨਾ ਰਹੇ ਹਾਂ ਅਤੇ ਇਸ ਮੌਕੇ ਜੋ ਸਜ਼ਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ। ਕੈਪਟਨ ਅਮਰਿੰਦਰ ਨੇ ਧਿਆਨ ਦਿਵਾਇਆ ਕਿ ਖੁਦ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਸਮੇਂ-ਸਮੇਂ ‘ਤੇ ਸੁਝਾਅ ਦਿੱਤਾ ਹੈ ਕਿ ਜੇਲ੍ਹ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ।

 

ਉਨ੍ਹਾਂ ਕੁਝ ਸਿੱਖ ਕੈਦੀਆਂ ਦਾ ਵੀ ਜ਼ਿਕਰ ਕੀਤਾ ,ਜੋ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਹੁਣ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨ ਦਾ ਸਮਾਂ ਹੈ ,ਜੋ ਕਿ ਉਹ ਕਾਨੂੰਨੀ ਤੌਰ ‘ਤੇ ਵੀ ਇਸ ਦੇ ਹੱਕਦਾਰ ਹਨ ਕਿਉਂਕਿ ਉਹ ਪਹਿਲਾਂ ਹੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਸਾਬਕਾ ਮੁੱਖ ਮੰਤਰੀ ਨੇ ਦੱਸਿਆ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਮਰਹੂਮ ਰਾਜੀਵ ਗਾਂਧੀ ਦੇ ਕਾਤਲ ਨੂੰ 31 ਸਾਲ ਦੀ ਕੈਦ ਤੋਂ ਬਾਅਦ ਰਿਹਾਅ ਕੀਤਾ ਸੀ।

 

 ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਸ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਨੂੰ ਕਿਉਂ ਨਹੀਂ ਜੋ ਪਹਿਲਾਂ ਹੀ ਜੇਲ੍ਹ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਈ ਸਿੱਖ ਕੈਦੀ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਬੰਦ ਹਨ ਅਤੇ ਇਹ ਉਨ੍ਹਾਂ ਦੀ ਰਿਹਾਈ ਦਾ ਸਹੀ ਸਮਾਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੋਂ ਵਧੀਆ ਮੌਕਾ ਹੋਰ ਨਹੀਂ ਹੋ ਸਕਦਾ।