Tractor march on 29 November: ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਤੋਂ ਬਾਅਦ ਵੀ ਕੁਝ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ 29 ਨਵੰਬਰ ਨੂੰ ਆਪਣੇ ਪ੍ਰਦਰਸ਼ਨਕਾਰੀ ਕਿਸਾਨ ਭਰਾਵਾਂ ਨਾਲ 60 ਟਰੈਕਟਰਾਂ ਨਾਲ ਸੰਸਦ ਭਵਨ ਵੱਲ ਮਾਰਚ ਕਰਨਗੇ। ਟਿਕੈਤ ਨੇ ਦੱਸਿਆ ਕਿ ਇਸ ਟਰੈਕਟਰ ਮਾਰਚ ਕਰਨ ਦਾ ਇੱਕ ਹੀ ਟੀਚਾ ਹੈ ਤੇ ਉਹ ਸਰਕਾਰ 'ਤੇ ਦਬਾਅ ਬਣਾਉਣਾ ਹੈ।
ਦਰਅਸਲ ਕਿਸਾਨ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਸੰਵਿਧਾਨਕ ਗਾਰੰਟੀ ਦੇਣ ਲਈ ਕਾਨੂੰਨ ਲਿਆਵੇ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੱਸਿਆ ਕਿ 29 ਨਵੰਬਰ ਨੂੰ 60 ਟਰੈਕਟਰਾਂ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਸੰਸਦ ਭਵਨ ਵੱਲ ਮਾਰਚ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਟਰੈਕਟਰ ਉਨ੍ਹਾਂ ਹੀ ਰੂਟਾਂ ਤੋਂ ਲੰਘਣਗੇ ਜੋ ਸਰਕਾਰ ਨੇ ਖੋਲ੍ਹੇ ਹਨ।
ਅਸੀਂ ਸੜਕਾਂ 'ਤੇ ਆਵਾਜਾਈ ਨਹੀਂ ਰੋਕਦੇ
ਟਿਕੈਤ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸਾਡੇ ਖ਼ਿਲਾਫ਼ ਸੜਕਾਂ 'ਤੇ ਆਵਾਜਾਈ ਰੋਕਣ ਦੇ ਦੋਸ਼ ਲੱਗੇ ਸਨ ਪਰ ਸੱਚਾਈ ਇਹ ਹੈ ਕਿ ਅਸੀਂ ਕਦੇ ਵੀ ਆਵਾਜਾਈ ਨਹੀਂ ਰੋਕੀ। ਸੜਕਾਂ 'ਤੇ ਚੱਲ ਰਹੀਆਂ ਗੱਡੀਆਂ ਨੂੰ ਰੋਕਣਾ ਸਾਡਾ ਅੰਦੋਲਨ ਨਹੀਂ ਹੈ। ਅਸੀਂ ਸਿਰਫ਼ ਸਰਕਾਰ ਨਾਲ ਗੱਲ ਕਰਕੇ ਉਨ੍ਹਾਂ ਤਕ ਆਪਣੀ ਗੱਲ ਪਹੁੰਚਾਉਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ 29 ਨਵੰਬਰ ਨੂੰ ਅਸੀਂ ਸਿੱਧੇ ਸੰਸਦ ਭਵਨ ਜਾਵਾਂਗੇ।
ਦਰਅਸਲ, ਗੁਰਪੁਰਬ ਅਤੇ ਕਾਰਤਿਕ ਪੂਰਣਿਮਾ ਦੇ ਵਿਸ਼ੇਸ਼ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਵਿਵਾਦਤ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਇਹ ਕਹਿਣਾ ਚਾਹੁੰਦੇ ਹਨ ਕਿ ਸਾਡੀ ਤਪੱਸਿਆ 'ਚ ਕੋਈ ਨਾ ਕੋਈ ਕਮੀ ਜ਼ਰੂਰ ਰਹੀ ਹੋਵੇਗੀ।
ਉਨ੍ਹਾਂ ਕਿਹਾ ਸੀ ਕਿ ਕੁਝ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ ਹੈ। ਮੈਂ ਪੂਰੇ ਦੇਸ਼ ਨੂੰ ਸੂਚਿਤ ਕਰਨ ਆਇਆ ਹਾਂ ਕਿ ਸਰਕਾਰ ਨੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਸੀ ਕਿ ਇਸ ਮਹੀਨੇ ਦੇ ਅੰਤ ਤੱਕ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਕਰ ਦੇਣਗੇ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਅੰਦੋਲਨ 'ਤੇ ਬੈਠੇ ਲੋਕਾਂ ਨੂੰ ਪ੍ਰਕਾਸ਼ ਪਰਵ 'ਤੇ ਆਪਣੇ ਘਰਾਂ ਨੂੰ ਵਾਪਸ ਜਾਣ ਦੀ ਅਪੀਲ ਕੀਤੀ।
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: