ਸ੍ਰੀਨਗਰ: ਪੁਲਵਾਮਾ ਹਮਲੇ ਵਿੱਚ ਸ਼ਮੂਲੀਅਤ ਦੇ ਸ਼ੱਕ ਹੇਠ ਜੰਮੂ ਕਸ਼ਮੀਰ ਪੁਲੀਸ ਨੇ ਸੱਤ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਨੌਜਵਾਨਾਂ ਨੇ ਸੀਆਰਪੀਐਫ ਦੇ ਕਾਫ਼ਲੇ 'ਤੇ ਧਮਾਕਾ ਕਰਨ ਦੀ ਸਾਜ਼ਿਸ਼ ਘੜਨ ਵਿੱਚ ਮਦਦ ਕੀਤੀ ਸੀ।
ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲਈ ਸੀ ਤੇ ਇਸੇ ਦਹਿਸ਼ਤੀ ਜਥੇਬੰਦੀ ਦਾ ਅਤਿਵਾਦੀ ਪਾਕਿਸਤਾਨੀ ਨਾਗਰਿਕ ਕਾਮਰਾਨ ਮੁੱਖ ਸਾਜ਼ਿਸ਼ਘਾੜਾ ਹੈ। ਉਹ ਦੱਖਣੀ ਕਸ਼ਮੀਰ ਦੇ ਪੁਲਵਾਮਾ, ਅਵਾਂਤੀਪੋਰਾ ਅਤੇ ਤਰਾਲ ਇਲਾਕਿਆਂ ’ਚ ਸਰਗਰਮ ਹੈ।
ਐਨਆਈਏ ਦੀ ਟੀਮ ਨੇ ਧਮਾਕੇ ਵਾਲੀ ਥਾਂ ਦਾ ਦੌਰਾ ਕਰਕੇ ਉੱਥੋਂ ਸਬੂਤ ਇਕੱਠੇ ਕੀਤੇ ਹਨ ਅਤੇ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਪੁਲਵਾਮਾ 'ਚ ਜੈਸ਼ ਵੱਲੋਂ ਫਿਦਾਈਨ ਹਮਲਾ ਕੀਤਾ ਗਿਆ ਸੀ ਜਿਸ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋਏ ਸਨ।