ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਨੀਲੋਖੇੜੀ (ਰਾਖਵੀਂ) ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਅਮਰ ਸਿੰਘ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਅਮਰ ਸਿੰਘ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।


ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਦਾ ਮੈਂਬਰ ਬਣਾਇਆ ਹੈ। ਅਮਰ ਸਿੰਘ ਦਾ ਸਵਾਗਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਬਿਨਾਂ ਕਿਸੇ ਸ਼ਰਤ ਤੋਂ ਕਾਂਗਰਸ ਵਿੱਚ ਸ਼ਾਮਲ ਹੋਏ ਹਨ ਅਤੇ ਕਾਂਗਰਸੀ ਉਮੀਦਵਾਰ ਧਰਮਪਾਲ ਜੀ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਅਮਰ ਸਿੰਘ ਨੀਲੋਖੇੜੀ ਦੇ ਸਿੱਖ ਭਾਈਚਾਰੇ ਵਿੱਚ ਬਹੁਤ ਹਰਮਨ ਪਿਆਰੇ ਹਨ ਅਤੇ ਪਿਛਲੇ 25 ਸਾਲਾਂ ਤੋਂ ਗੁਰੂ ਘਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਨੀਲੋਖੇੜੀ ਵਿੱਚ ਸਿੱਖ ਵੋਟਰਾਂ ਦੀ ਗਿਣਤੀ 25 ਹਜ਼ਾਰ ਦੇ ਕਰੀਬ ਹੈ।


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰ ਸਿੰਘ ਨੇ ਕਿਹਾ ਕਿ ਇਸ ਵੇਲੇ ਹਰਿਆਣਾ ਵਿੱਚ ਮੁਕਾਬਲਾ ਸਿੱਧਾ ਕਾਂਗਰਸ ਅਤੇ ਭਾਜਪਾ ਵਿਚਾਲੇ ਹੈ। ਨੀਲੋਖੇੜੀ ਵਿੱਚ ਵੀ ਅਜਿਹਾ ਹੀ ਹਾਲ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸਭ ਤੋਂ ਵੱਡਾ ਉਦੇਸ਼ ਕਿਸਾਨਾਂ, ਔਰਤਾਂ, ਦਲਿਤਾਂ ਅਤੇ ਘੱਟ ਗਿਣਤੀਆਂ ਨਾਲ ਬੇਇਨਸਾਫ਼ੀ ਕਰਨ ਵਾਲੀ ਭਾਜਪਾ ਸਰਕਾਰ ਤੋਂ ਖਹਿੜਾ ਛੁਡਾਉਣਾ ਹੈ ਅਤੇ ਇਹ ਕੰਮ ਸਿਰਫ਼ ਕਾਂਗਰਸ ਹੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਚੋਣ ਲੜਦੇ ਤਾਂ ਇਸ ਦਾ ਸਿੱਧਾ ਫਾਇਦਾ ਭਾਜਪਾ ਨੂੰ ਹੋਣਾ ਸੀ। ਉਨ੍ਹਾਂ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ ਕਿ ਵੋਟਾਂ ਦੀ ਵੰਡ ਨਾ ਹੋਵੇ।


ਇਸ ਮੌਕੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਕੇਵਲ ਢੀਂਗਰਾ ਅਤੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਲੀਗਲ ਸੈੱਲ ਦੇ ਚੇਅਰਮੈਨ ਕੇਸੀ ਭਾਟੀਆ ਨੇ ਵੀ ਅਮਰ ਸਿੰਘ ਦਾ ਪਾਰਟੀ ਵਿੱਚ ਸਵਾਗਤ ਕੀਤਾ।


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.