ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਰੇੜਕੇ ਵਿੱਚ ਅੱਜ ਆਮ ਆਦਮੀ ਪਾਰਟੀ ਵੀ ਕੁੱਦ ਗਈ ਹੈ। ਆਮ ਆਦਮੀ ਪਾਰਟੀ ਦੇ ਨੇਤਾ ਜਰਨੈਲ ਸਿੰਘ ਨੇ ਗੁਰਦੁਆਰਾ ਕਮਿਸ਼ਨ ਕੋਲ ਪਹੁੰਚ ਕਰਦਿਆਂ ਗੁਰੂ ਘਰ ਦੀਆਂ ਗੋਲਕਾਂ ਵਿੱਚੋਂ ਵਰਤੇ ਗਏ ਪੈਸੇ ਦਾ ਆਡਿਟ ਕਰਵਾਉਣ ਦੀ ਮੰਗ ਕੀਤੀ ਹੈ।
ਡੀਐਸਜੀਐਮਸੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਹੋਰਾਂ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਬਾਅਦ 'ਆਪ' ਲੀਡਰ ਜਰਨੈਲ ਸਿੰਘ ਨੇ ਗੁਰਦੁਆਰਾ ਚੋਣ ਕਮਿਸ਼ਨ ਦੇ ਨਿਰਦੇਸ਼ਕ ਸੂਰਵੀਰ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਜਰਨੈਲ ਸਿੰਘ ਨੇ ਦੱਸਿਆ ਕਿ ਹਰ ਮਹੀਨੇ ਗੁਰਦੁਆਰਿਆਂ ਦਾ ਹਰ ਮਹੀਨੇ ਆਡਿਟ ਕੀਤਾ ਜਾਣਾ ਹੈ ਅਤੇ ਸਰਕਾਰੀ ਏਜੰਸੀ ਤੋਂ ਖਾਤਿਆਂ ਦੀ ਜਾਂਚ ਹੋਣੀ ਚਾਹੀਦੀ ਹੈ।
ਗੁਰਦੁਆਰਾ ਚੋਣ ਕਮਿਸ਼ਨ ਦੇ ਨਿਰਦੇਸ਼ਕ ਸੂਰਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗ ਪੱਤਰ ਮਿਲਿਆ ਹੈ ਅਤੇ ਕਾਨੂੰਨ ਮੁਤਾਬਕ ਅੱਗੇ ਵਧਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹਾਲੇ ਤਕ ਕਿਸੇ ਦਾ ਅਸਤੀਫ਼ਾ ਨਹੀਂ ਮਿਲਿਆ ਹੈ, ਪਰ ਚਿੱਠੀ ਜ਼ਰੂਰ ਮਿਲੀ ਹੈ ਜਿਸ ਵਿੱਚ ਐਗ਼ਜ਼ੀਕਿਊਟਿਵ ਚੋਣਾਂ ਕਰਵਾਏ ਜਾਣ ਦੀ ਗੱਲ ਲਿਖੀ ਹੋਈ ਹੈ।