Delhi News: ਆਮ ਆਦਮੀ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ ਅਤੇ ਆਤਿਸ਼ੀ ਵੀਰਵਾਰ ਨੂੰ ਮੰਤਰੀ ਵਜੋਂ ਸਹੁੰ ਚੁੱਕਣਗੇ। ਉਪ ਰਾਜਪਾਲ ਵੀਕੇ ਸਕਸੈਨਾ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫੇ ਤੋਂ ਬਾਅਦ ਦੋ ਮੰਤਰੀ ਅਹੁਦੇ ਖਾਲੀ ਹੋ ਗਏ ਸਨ। ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ 'ਚ ਅਤੇ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ, ਦੋਵੇਂ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ 'ਚ ਬੰਦ ਹਨ।
ਰਾਸ਼ਟਰਪਤੀ ਨੇ ਸਿਸੋਦੀਆ ਅਤੇ ਜੈਨ ਦਾ ਅਸਤੀਫਾ ਕੀਤਾ ਸਵੀਕਾਰ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੰਗਲਵਾਰ (7 ਮਾਰਚ) ਨੂੰ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫੇ ਸਵੀਕਾਰ ਕਰ ਲਏ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵਿੱਚ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਮੰਤਰੀ ਨਿਯੁਕਤ ਕੀਤਾ। ਇਕ ਅਧਿਕਾਰਤ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਦੀ ਸਲਾਹ 'ਤੇ ਰਾਸ਼ਟਰਪਤੀ ਨੇ ਮਨੀਸ਼ ਸਿਸੋਦੀਆ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਇਸੇ ਤਰ੍ਹਾਂ ਦਾ ਨੋਟੀਫਿਕੇਸ਼ਨ ਸਤੇਂਦਰ ਜੈਨ ਬਾਰੇ ਵੀ ਜਾਰੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਢਾਕਾ ਦੀ ਇਮਾਰਤ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
LG ਨੇ ਆਤਿਸ਼ੀ ਅਤੇ ਭਾਰਦਵਾਜ ਦੇ ਨਾਵਾਂ ਦੀ ਕੀਤੀ ਸੀ ਸਿਫਾਰਿਸ਼
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਦੀ ਸਿਫਾਰਿਸ਼ 'ਤੇ ਦਿੱਲੀ ਦੇ LG ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਕੈਬਨਿਟ 'ਚ ਮੰਤਰੀਆਂ ਦੇ ਰੂਪ 'ਚ ਨਿਯੁਕਤੀ ਲਈ ਰਾਸ਼ਟਰਪਤੀ ਮੁਰਮੂ ਨੂੰ ਆਤਿਸ਼ੀ ਅਤੇ ਸੌਰਭ ਭਾਰਦਵਾਜ ਦੇ ਨਾਵਾਂ ਦੀ ਸਿਫਾਰਿਸ਼ ਕੀਤੀ ਸੀ। ਸੂਤਰਾਂ ਨੇ ਦੱਸਿਆ ਕਿ 9 ਮਾਰਚ ਨੂੰ ਸਹੁੰ ਚੁੱਕਣ ਤੋਂ ਬਾਅਦ ਆਤਿਸ਼ੀ ਅਤੇ ਭਾਰਦਵਾਜ 17 ਮਾਰਚ ਤੋਂ ਸ਼ੁਰੂ ਹੋਣ ਵਾਲੇ ਦਿੱਲੀ ਵਿਧਾਨ ਸਭਾ ਦੇ ਬਜਟ ਸੈਸ਼ਨ 'ਚ ਮੰਤਰੀ ਵਜੋਂ ਸ਼ਾਮਲ ਹੋਣਗੇ।
ਸਿਸੋਦੀਆ ਸ਼ਰਾਬ ਨੀਤੀ ਘਪਲੇ ਵਿੱਚ ਹੋਏ ਸਨ ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਫਿਲਹਾਲ ਉਹ ਤਿਹਾੜ ਜੇਲ੍ਹ ਵਿੱਚ ਬੰਦ ਹਨ। ਦੂਜੇ ਪਾਸੇ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਈਡੀ ਨੇ ਪਿਛਲੇ ਸਾਲ 30 ਮਈ ਨੂੰ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਉਹ ਪਿਛਲੇ 9 ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਆਤਿਸ਼ੀ 2020 ਤੋਂ 'ਆਪ' ਦੀ ਵਿਧਾਇਕ ਹਨ ਅਤੇ ਪਾਰਟੀ ਦੀ ਸ਼ੁਰੂਆਤ ਤੋਂ ਹੀ ਇਸ ਨਾਲ ਜੁੜੇ ਹੋਏ ਹਨ। ਉਹ ਸਿੱਖਿਆ ਵਿਭਾਗ ਵਿੱਚ ਮਨੀਸ਼ ਸਿਸੋਦੀਆ ਦੀ ਸਲਾਹਕਾਰ ਸਨ। ਸੌਰਭ ਭਾਰਦਵਾਜ 2013 ਤੋਂ 'ਆਪ' ਵਿਧਾਇਕ ਹਨ ਅਤੇ ਇਸ ਸਮੇਂ ਦਿੱਲੀ ਜਲ ਬੋਰਡ ਦੇ ਉਪ-ਚੇਅਰਮੈਨ ਹਨ।
ਇਹ ਵੀ ਪੜ੍ਹੋ: Imran Khan Arrest Warrant: ਇਮਰਾਨ ਖਾਨ ਨੂੰ ਰਾਹਤ, ਇਸਲਾਮਾਬਾਦ ਹਾਈਕੋਰਟ ਨੇ ਗ੍ਰਿਫਤਾਰੀ ਵਾਰੰਟ 'ਤੇ ਲਗਾਈ ਰੋਕ