Himachal Pradesh Election: ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦੀ ਤੀਜੀ ਅਤੇ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਦੇ ਨਾਲ ਹੀ 'ਆਪ' ਨੇ ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ 68 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।
ਆਪ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕਰਦੇ ਹੋਏ ਕਿਹਾ ਕਿ ਮੈਂ ਹਿਮਾਚਲ ਪ੍ਰਦੇਸ਼ ਚੋਣਾਂ ਲਈ ਐਲਾਨੇ ਗਏ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੰਦਾ ਹਾਂ। ਇਸ ਦੇ ਨਾਲ ਅਸੀਂ ਅਪੀਲ ਕਰਦੇ ਹਾਂ ਕਿ ਸੂਬੇ ਦੇ ਲੋਕਾਂ ਨੂੰ ਕੇਜਰੀਵਾਲ ਨੂੰ ਇੱਕ ਮੌਕਾ ਜ਼ਰੂਰ ਦੇਣਾ ਚਾਹੀਦਾ ਹੈ।
ਭਾਜਪਾ ਨੇ ਆਪਣੇ ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਵੀਰਵਾਰ ਨੂੰ ਛੇ ਉਮੀਦਵਾਰਾਂ ਦੀ ਦੂਜੀ ਅਤੇ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਇਸ ਤੋਂ ਪਹਿਲਾਂ 62 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਦੇ ਨਾਲ, ਭਾਜਪਾ ਨੇ ਰਾਜ ਦੀਆਂ ਸਾਰੀਆਂ 68 ਵਿਧਾਨ ਸਭਾ ਸੀਟਾਂ ਲਈ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਕਾਂਗਰਸ ਨੇ 46 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ
ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 18 ਅਕਤੂਬਰ ਨੂੰ 46 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਅਤੇ ਵਿਧਾਇਕ ਦਲ ਦੇ ਨੇਤਾ ਮੁਕੇਸ਼ ਅਗਨੀਹੋਤਰੀ ਸਮੇਤ ਕਈ ਸੀਨੀਅਰ ਨੇਤਾ ਸ਼ਾਮਲ ਹਨ।
ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਵਿਕਰਮਾਦਿੱਤਿਆ ਸਿੰਘ ਨੂੰ ਉਨ੍ਹਾਂ ਦੀ ਮੌਜੂਦਾ ਸੀਟ ਸ਼ਿਮਲਾ ਦਿਹਾਤੀ ਤੋਂ ਇੱਕ ਵਾਰ ਫਿਰ ਟਿਕਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੁਕੇਸ਼ ਅਗਨੀਹੋਤਰੀ ਨੂੰ ਉਨ੍ਹਾਂ ਦੇ ਮੌਜੂਦਾ ਵਿਧਾਨ ਸਭਾ ਹਲਕੇ ਹਰੋਲੀ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਇਨ੍ਹਾਂ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ
ਸੂਚੀ ਅਨੁਸਾਰ ਸੂਬਾ ਕਾਂਗਰਸ ਕਮੇਟੀ ਦੀ ਸੀਨੀਅਰ ਆਗੂ ਆਸ਼ਾ ਕੁਮਾਰੀ ਨੂੰ ਡਲਹੌਜ਼ੀ ਅਤੇ ਸੁਖਵਿੰਦਰ ਸਿੰਘ ਸੁੱਖੂ ਨੂੰ ਨਦੌਣ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਹਾਲਾਂਕਿ ਸੂਬਾ ਕਾਂਗਰਸ ਪ੍ਰਧਾਨ ਪ੍ਰਤਿਭਾ ਸਿੰਘ ਦਾ ਨਾਂ ਪਾਰਟੀ ਦੀ ਪਹਿਲੀ ਸੂਚੀ ਵਿੱਚ ਸ਼ਾਮਲ ਨਹੀਂ ਹੈ। ਉਹ ਮੰਡੀ ਦੀ ਮੌਜੂਦਾ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਹੈ। ਕਾਂਗਰਸੀ ਆਗੂ ਅਲਕਾ ਲਾਂਬਾ ਨੇ ਕਿਹਾ ਕਿ ਬਾਕੀ ਰਹਿੰਦੇ 22 ਉਮੀਦਵਾਰਾਂ ਦੇ ਨਾਵਾਂ ਦਾ ਵੀ ਜਲਦੀ ਐਲਾਨ ਕਰ ਦਿੱਤਾ ਜਾਵੇਗਾ।