ਚੰਡੀਗੜ੍ਹ: ਅੱਜ ਲੋਕ ਸਭਾ ਵਿਚ ਸ਼ਹੀਦੀ ਦਿਹਾੜੇ 'ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਆਮ ਆਦਮੀ ਪਾਰਟੀ (ਪੰਜਾਬ) ਦੇ ਲੋਕ ਸਭਾ ਮੈਂਬਰਾਂ ਭਗਵੰਤ ਮਾਨ, ਡਾ. ਧਰਮਵੀਰ ਗਾਂਧੀ, ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸੁਨੀਲ ਕੁਮਾਰ ਜਾਖੜ ਤੇ ਰਵਨੀਤ ਸਿੰਘ ਬਿੱਟੂ ਨੇ ਅੱਜ ਲੋਕ ਸਭਾ ਦੀ ਸਪੀਕਰ ਨਾਲ ਮੁਲਾਕਾਤ ਕੀਤੀ
ਉਨ੍ਹਾਂ ਨੇ ਮੰਗ ਕੀਤੀ ਕਿ ਸਾਰਾ ਸਦਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰੇ। ਉਕਤ ਆਗੂਆਂ ਵੱਲੋਂ ਕੀਤੀ ਗਈ ਬੇਨਤੀ 'ਤੇ ਕਾਰਵਾਈ ਕਰਦੇ ਹੋਏ ਸਪੀਕਰ ਤੇ ਸਾਰੇ ਸੰਸਦ ਮੈਂਬਰਾਂ ਨੇ ਸਮੂਹਿਕ ਤੌਰ 'ਤੇ ਦੋ ਮਿੰਟ ਲਈ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਉਪਰੰਤ ਦਿਨ ਵਿੱਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਤੇ ਹੋਰ ਸੰਸਦ ਮੈਂਬਰਾਂ ਨਾਲ ਪਾਰਲੀਮੈਂਟ ਵਿੱਚ ਸਥਿਤ ਸ਼ਹੀਦ-ਏ-ਆਜ਼ਮ ਦੇ ਬੁੱਤ ਕੋਲ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹਨ ਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਅਸੈਂਬਲੀ ਵਿਚ ਬੰਬ ਸੁੱਟਣ ਤੋਂ ਪਹਿਲਾਂ ਜਿਹੜੀਆਂ ਕੁਰਸੀਆਂ ਉੱਤੇ ਭਗਤ ਸਿੰਘ ਤੇ ਬਟੁਕੇਸ਼ਵਰ ਦੱਤ ਬੈਠੇ ਸਨ, ਉਨ੍ਹਾਂ ਕੁਰਸੀਆਂ ਦੀ ਸੰਭਾਲ ਕਰਕੇ ਉਨ੍ਹਾਂ ਉੱਤੇ ਸ਼ਹੀਦਾਂ ਦੀਆਂ ਤਸਵੀਰਾਂ ਲਾਉਣੀਆਂ ਚਾਹੀਦੀਆਂ ਹਨ। ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਇੱਕ ਵਿਚਾਰਧਾਰਾ ਸਨ ਤੇ ਦੇਸ਼ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਪਾਏ ਪੂਰਨਿਆਂ ਉੱਤੇ ਚੱਲ ਕੇ ਦੇਸ਼ ਨੂੰ ਮੁੜ ਮਹਾਨ ਬਣਾਉਣਾ ਚਾਹੀਦਾ ਹੈ।