Wrestlers Protest: ਸੁਪਰੀਮ ਕੋਰਟ ਨੇ ਪਹਿਲਵਾਨਾਂ ਵੱਲੋਂ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਐਫਆਈਆਰ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਦਿੱਲੀ ਪੁਲਿਸ ਤੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਵਿਨੇਸ਼ ਫੋਗਾਟ ਸਮੇਤ ਸੱਤ ਮਹਿਲਾ ਪਹਿਲਵਾਨਾਂ ਨੇ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿਚ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਂਦੇ ਹੋਏ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਸੀ।



ਮੰਗਲਵਾਰ ਨੂੰ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਤੇ ਪੀਐਸ ਨਰਸਿਮਹਨ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਇਸ ਨੂੰ ਗੰਭੀਰ ਮਾਮਲਾ ਦੱਸਦੇ ਹੋਏ ਬੈਂਚ ਨੇ ਖਿਡਾਰੀਆਂ ਦੀ ਐਫਆਈਆਰ ਦਰਜ ਕਰਨ ਦੀ ਮੰਗ 'ਤੇ ਦਿੱਲੀ ਪੁਲਿਸ ਤੇ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ ਹੈ। ਅਦਾਲਤ 'ਚ ਮਾਮਲੇ ਦੀ ਅਗਲੀ ਸੁਣਵਾਈ 28 ਅਪ੍ਰੈਲ ਨੂੰ ਹੋਵੇਗੀ।



ਉਧਰ, ਦਿੱਲੀ ਪੁਲਿਸ ਨੇ ਭਾਰਤੀ ਕੁਸ਼ਤੀ ਸੰਘ (ਡਬਲਯੂਐਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਖੇਡ ਮੰਤਰਾਲੇ ਵੱਲੋਂ ਗਠਿਤ ਜਾਂਚ ਕਮੇਟੀ ਤੋਂ ਰਿਪੋਰਟ ਮੰਗੀ ਹੈ। ਇੱਕ ਸੀਨੀਅਰ ਅਧਿਕਾਰੀ ਨੇ ਸੋਮਵਾਰ ਨੂੰ ਕਿਹਾ ਕਿ ਅਜੇ ਤੱਕ ਡਬਲਿਊਐਫਆਈ ਪ੍ਰਧਾਨ ਖ਼ਿਲਾਫ਼ ਸੱਤ ਸ਼ਿਕਾਇਤਾਂ ਮਿਲੀਆਂ ਹਨ ਤੇ ਉਨ੍ਹਾਂ ਸਾਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਖ਼ਤਾ ਸਬੂਤ ਮਿਲਣ ਮਗਰੋਂ ਹੀ ਐਫਆਈਆਰ ਦਰਜ ਕੀਤੀ ਜਾਵੇਗੀ।


ਉਧਰ, ਦਿੱਲੀ ਮਹਿਲਾ ਕਮਿਸ਼ਨ ਨੇ ਸੱਤ ਮਹਿਲਾ ਪਹਿਲਵਾਨਾਂ ਵੱਲੋਂ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਜਿਣਸੀ ਸ਼ੋਸ਼ਣ ਦੀ ਸ਼ਿਕਾਇਤ ਦਰਜ ਕਰਵਾਉਣ ਦੇ ਮਾਮਲੇ ’ਚ ਦਿੱਲੀ ਪੁਲਿਸ ਨੂੰ ਨੋਟਿਸ ਭੇਜਿਆ ਹੈ। ਉਨ੍ਹਾਂ 25 ਅਪਰੈਲ ਤੱਕ ਕਾਰਵਾਈ ਦੇ ਵੇਰਵੇ ਮੰਗੇ ਹਨ। ਕਮਿਸ਼ਨ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਪੁਲਿਸ ਨੇ ਇਸ ਮਾਮਲੇ ’ਚ ਅਜੇ ਤੱਕ ਐਫਆਈਆਰ ਦਰਜ ਨਹੀਂ ਕੀਤੀ।