Farmers Protest: ਹਿਮਾਚਲ ਪ੍ਰਦੇਸ਼ ਤੇ ਕਰਨਾਟਕ ਵਿਧਾਨ ਸਭਾ ਚੋਣਾਂ ਹਾਰਨ ਮਗਰੋਂ ਬੀਜੇਪੀ ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਇੱਕ ਪਾਸੇ ਵਿਰੋਧੀ ਸਿਆਸੀ ਪਾਰਟੀਆਂ ਇੱਕਜੁੱਟ ਹੋ ਕੇ ਬੀਜੇਪੀ ਨੂੰ ਟੱਕਰ ਦੇਣ ਦੀ ਤਿਆਰੀ ਵਿੱਚ ਜੁੱਟ ਗਈਆਂ ਹਨ, ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਵੀ ਮੁੜ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਕਿਸਾਨ ਸਘੰਰਸ਼ ਨੇ ਪਹਿਲਾਂ ਹੀ ਬੀਜੇਪੀ ਸਰਕਾਰ ਦਾ ਕਾਫੀ ਨੁਕਸਾਨ ਕੀਤਾ ਸੀ। ਹੁਣ ਫਿਰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਮੋਦੀ ਸਰਕਾਰ ਖਿਲਾਫ ਡਟ ਗਈਆਂ ਹਨ।
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮੰਗਾਂ ਸਬੰਧੀ ਅਗਲੇ ਐਕਸ਼ਨ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਤਹਿਤ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਪਾਰਲੀਮੈਂਟ ਸੈਸ਼ਨ ਵਿੱਚ ਮਤਾ ਪਾਸ ਕਰਨ ਲਈ 28 ਮਈ ਨੂੰ ਸਾਰੇ ਸੰਸਦ ਮੈਂਬਰਾਂ ਨੂੰ ਚਿਤਾਵਨੀ ਪੱਤਰ ਦਿੱਤੇ ਜਾਣਗੇ। ਇਸ ਤੋਂ ਇਲਾਵਾ 18 ਮਈ ਨੂੰ ਪੰਜਾਬ ਭਰ ਵਿੱਚ ਭਾਜਪਾ ਆਗੂ ਬ੍ਰਿਜ ਭੂਸ਼ਨ ਦੇ ਪੁਤਲੇ ਫੂਕੇ ਜਾਣਗੇ।
ਲੁਧਿਆਣਾ ਵਿੱਚ ਮੰਗਲਵਾਰ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁਕੇਸ਼ ਚੰਦਰ ਸ਼ਰਮਾ, ਡਾ. ਸਤਨਾਮ ਸਿੰਘ ਅਜਨਾਲਾ ਤੇ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਲੱਖੋਵਾਲ, ਡਾ. ਦਰਸ਼ਨ ਪਾਲ, ਮਨਜੀਤ ਸਿੰਘ ਰਾਏ ਤੇ ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ 28 ਮਈ ਨੂੰ ਪੰਜਾਬ ਦੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨੂੰ ਰੋਸ ਪ੍ਰਦਰਸ਼ਨ ਕਰ ਕੇ ਚਿਤਾਵਨੀ ਪੱਤਰ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਪਹਿਲਵਾਨਾਂ ਦੇ ਦਿੱਲੀ ਮੋਰਚੇ ਦੀ ਹਮਾਇਤ ਵਿੱਚ 18 ਮਈ ਨੂੰ ਜ਼ਿਲ੍ਹਾ ਤੇ ਤਹਿਸੀਲ ਹੈਡਕੁਆਰਟਰਾਂ ’ਤੇ ਭਾਜਪਾ ਆਗੂ ਬ੍ਰਿਜ ਭੂਸ਼ਨ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਸਰਕਾਰ ਵੱਲੋਂ ਝੋਨੇ ਦੀ ਲਵਾਈ ਲਈ ਪੰਜਾਬ ਨੂੰ ਚਾਰ ਜ਼ੋਨਾਂ ਵਿੱਚ ਵੰਡਣ ਨੂੰ ਤਰਕਸੰਗਤ ਕਰਨ ਤੇ 10 ਤੋਂ 16 ਜੂਨ ਤੱਕ ਸਾਰੇ ਪੰਜਾਬ ਵਿੱਚ ਝੋਨਾ ਲਗਾਉਣ ਦੀ ਤਰੀਕ ਨਿਸ਼ਚਿਤ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਡਾ. ਨਵਸ਼ਰਨ ਦੇ ਘਰ ਈਡੀ ਦੇ ਛਾਪੇ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਗਈ। ਮੀਟਿੰਗ ਦੌਰਾਨ ਗੰਨਾ, ਸਬਜ਼ੀਆਂ ਤੇ ਹੋਰ ਫ਼ਸਲਾਂ ਵਾਸਤੇ 10 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਮੰਗ ਕੀਤੀ ਗਈ।