ਚੰਡੀਗੜ੍ਹ: ਬਿਜਲੀ ਸੋਧ ਬਿੱਲ, 2022 'ਤੇ ਸਿਆਸੀ ਘਮਾਸਾਣ ਸ਼ੁਰੂ ਹੋ ਗਿਆ ਹੈ। ਚਰਚਾ ਹੈ ਕਿ ਕੇਂਦਰ ਸਰਕਾਰ (Central Government)ਨੇ ਬਿਜਲੀ ਸੋਧ ਬਿੱਲ ਸੰਸਦ (Electricity Amendment Bill Parliament) ’ਚ ਪੇਸ਼ ਕਰਨ ਦੀ ਤਿਆਰੀ ਕਰ ਲਈ ਹੈ। ਹੈਰਾਨੀ ਦੀ ਗੱਲ ਹੈ ਕਿ ਕੇਂਦਰ ਨੇ ਸੋਧ ਬਿੱਲ ਬਾਰੇ ਸੂਬਿਆਂ ਤੋਂ ਕੋਈ ਮਸ਼ਵਰਾ ਤੱਕ ਨਹੀਂ ਲਿਆ। ਖੇਤੀ ਕਾਨੂੰਨਾਂ ਵਾਂਗ ਬਿਜਲੀ ਸੋਧ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕਿਸੇ ਵੀ ਧਿਰ ਨੂੰ ਵਿਚਾਰ-ਚਰਚਾ ਵਿੱਚ ਸ਼ਾਮਲ ਨਹੀਂ ਕੀਤਾ ਗਿਆ। 



ਵਿਰੋਧੀ ਧਿਰਾਂ ਤੇ ਕਿਸਾਨ ਜਥੇਬੰਦੀਆਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਬਿਜਲੀ ਸੋਧ ਬਿੱਲ ਜੇਕਰ ਐਕਟ ਦਾ ਰੂਪ ਧਾਰਨ ਕਰਦਾ ਹੈ ਤਾਂ ਸੂਬਿਆਂ ਵਿੱਚ ਬਿਜਲੀ ਦੀ ਵੰਡ ਦਾ ਖੇਤਰ ਨਿੱਜੀ ਕੰਪਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ ਤੇ ਸੂਬਾਈ ਬਿਜਲੀ ਰੈਗੂਲੇਟਰ ਕਮਿਸ਼ਨਾਂ ਦੇ ਹੱਥ ਵੀ ਬੰਨ੍ਹੇ ਜਾਣਗੇ। ਬਿਜਲੀ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਬੇਸ਼ੱਕ ਮੁੱਢਲੇ ਪੜਾਅ ’ਤੇ ਬਿਜਲੀ ਸੋਧ ਬਿੱਲ ਜ਼ਰੀਏ ਪ੍ਰਾਈਵੇਟ ਕੰਪਨੀਆਂ ਨੂੰ ਬਿਜਲੀ ਦੀ ਡਿਸਟ੍ਰੀਬਿਊਸ਼ਨ ਦਾ ਕੰਮ ਦਿੱਤਾ ਜਾਵੇਗਾ ਪਰ ਇਹ ਕੇਂਦਰ ਸਰਕਾਰ ਦਾ ਲੁਕਵਾਂ ਏਜੰਡਾ ਹੈ ਕਿਉਂਕਿ ਨਿੱਜੀਕਰਨ ਮਗਰੋਂ ਖਪਤਕਾਰਾਂ ਤੋਂ ਸਬਸਿਡੀਆਂ ਖੋਹ ਲਈਆਂ ਜਾਣਗੀਆਂ। ਪੰਜਾਬ ’ਚ ਵੀ ਉਹ ਦਿਨ ਦੂਰ ਨਹੀਂ ਜਦੋਂ ਕਿਸਾਨਾਂ ਕੋਲੋਂ ਮੁਫ਼ਤ ਬਿਜਲੀ ਦੀ ਸਹੂਲਤ ਖੁੱਸ ਜਾਵੇਗੀ।


ਉਧਰ, ਆਲ ਇੰਡੀਆ ਪਾਵਰ ਇੰਜਨੀਅਰਜ਼ ਫੈਡਰੇਸ਼ਨ (All India Power Engineers Federation) ਨੇ ਕਿਹਾ ਹੈ ਕਿ ਬਿਜਲੀ ਸੋਧ ਬਿੱਲ, 2022 ’ਚ ਖਪਤਕਾਰਾਂ ਨੂੰ ਕਈ ਸਰਵਿਸ ਪ੍ਰੋਵਾਈਡਰਾਂ ਦਾ ਬਦਲ ਦੇਣ ਦਾ ਦਾਅਵਾ ਗੁਮਰਾਹਕੁਨ ਹੈ ਤੇ ਇਸ ਨਾਲ ਸਰਕਾਰੀ ਮਾਲਕੀ ਵਾਲੀਆਂ ਬਿਜਲੀ ਵੰਡ ਕੰਪਨੀਆਂ (ਡਿਸਕੌਮਜ਼) ਘਾਟੇ ’ਚ ਆ ਜਾਣਗੀਆਂ। ਬਿਜਲੀ ਸੋਧ ਬਿੱਲ, 2022 ਲੋਕ ਸਭਾ ’ਚ ਅੱਜ ਪੇਸ਼ ਕੀਤਾ ਜਾ ਸਕਦਾ ਹੈ। 



ਫੈਡਰੇਸ਼ਨ ਦੇ ਚੇਅਰਮੈਨ ਸ਼ੈਲੇਂਦਰ ਦੂਬੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਇਹ ਬਿੱਲ ਊਰਜਾ ਬਾਰੇ ਸੰਸਦ ਦੀ ਸਥਾਈ ਕਮੇਟੀ ਹਵਾਲੇ ਕੀਤਾ ਜਾਵੇ ਤਾਂ ਜੋ ਸਬੰਧਤ ਧਿਰਾਂ ਨਾਲ ਇਸ ’ਤੇ ਚਰਚਾ ਹੋ ਸਕੇ। ਦੂਬੇ ਨੇ ਵੱਖ ਵੱਖ ਵੰਡ ਲਾਇਸੈਂਸਧਾਰਕਾਂ ਦੇ ਨਾਮ ’ਤੇ ਖਪਤਕਾਰਾਂ ਨੂੰ ਮੋਬਾਈਲ ਸਿਮ ਕਾਰਡ ਵਾਂਗ ਬਦਲ ਦਿੱਤੇ ਜਾਣ ਦੇ ਸਰਕਾਰ ਦੇ ਦਾਅਵੇ ਬਾਰੇ ਕਿਹਾ ਕਿ ਇਹ ਗੁਮਰਾਹਕੁਨ ਹੈ। 


ਬਿੱਲ ਮੁਤਾਬਕ ਸਿਰਫ਼ ਸਰਕਾਰੀ ਡਿਸਕੌਮ ਦੀ ਹੀ ਦੇਸ਼ ਭਰ ’ਚ ਬਿਜਲੀ ਸਪਲਾਈ ਦੀ ਜ਼ਿੰਮੇਵਾਰੀ ਹੋਵੇਗੀ। ਇਸ ਲਈ ਪ੍ਰਾਈਵੇਟ ਕੰਪਨੀਆਂ ਮੁਨਾਫ਼ੇ ਵਾਲੇ ਖੇਤਰਾਂ ਸਨਅਤੀ ਤੇ ਕਮਰਸ਼ੀਅਲ ਖਪਤਕਾਰਾਂ ਨੂੰ ਹੀ ਬਿਜਲੀ ਸਪਲਾਈ ਕਰਨ ਨੂੰ ਤਰਜੀਹ ਦੇਣਗੀਆਂ। ਉਨ੍ਹਾਂ ਕਿਹਾ ਕਿ ਇੰਜ ਲਾਭ ਦੇਣ ਵਾਲੇ ਖੇਤਰ ਸਰਕਾਰੀ ਡਿਸਕੌਮ ਦੇ ਹੱਥਾਂ ’ਚੋਂ ਨਿਕਲ ਜਾਣਗੇ ਤੇ ਇਹ ਘਾਟੇ ਵਾਲੀਆਂ ਕੰਪਨੀਆਂ ਬਣ ਜਾਣਗੀਆਂ। ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਸਰਕਾਰੀ ਡਿਸਕੌਮ ਨੈੱਟਵਰਕ ਪ੍ਰਾਈਵੇਟ ਲਾਇਸੈਂਸਧਾਰਕਾਂ ਨੂੰ ਸਸਤੇ ਭਾਅ ’ਚ ਦੇ ਦਿੱਤੇ ਜਾਣਗੇ।