ਚੰਡੀਗੜ੍ਹ: ਕੋਰੋਨਾ ਨਾਲ ਜੰਗ 'ਚ ਸਰਕਾਰ ਦੀ ਅਸਫਲਤਾ ਨੂੰ ਵੇਖਦਿਆਂ ਭਾਰਤੀ ਕਿਸਾਨ ਯੂਨੀਅਨ ਨੇ ਵੱਡਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੀ ਰਾਸ਼ਟਰੀ ਕੋਰ ਕਮੇਟੀ ਦੇ ਸੀਨੀਅਰ ਮੈਂਬਰ ਤੇ ਹਰਿਆਣਾ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕੋਰੋਨਾ ਨਾਲ ਜੰਗ 'ਚ ਕਿਸਾਨਾਂ ਵੱਲੋਂ ਮੋਰਚਾ ਸੰਭਾਲਣ ਦੀ ਪੇਸ਼ਕਸ਼ ਕੀਤੀ ਹੈ।

ਕਿਸਾਨ ਲੀਡਰ ਚੜੂਨੀ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੂੰ ਆਕਸੀਜਨ, ਬੈੱਡ ਜਾਂ ਹੋਰ ਸਮੱਗਰੀ ਦੀ ਢੋਆ-ਢੁਆਈ ਦੀ ਕੋਈ ਦਿੱਕਤ ਆ ਰਹੀ ਹੈ ਤਾਂ ਹਰਿਆਣਾ ਭਾਕਿਯੂ ਦੇ ਕਾਰਕੁਨ ਆਪਣੇ ਟਰੈਕਟਰ-ਟਰਾਲੀਆਂ ਰਾਹੀਂ ਇਹ ਸੇਵਾ ਮੁਫ਼ਤ ਕਰਨ ਲਈ ਤਿਆਰ ਹਨ। ਇਸ ਲਈ ਉਹ ਤੇਲ ਦਾ ਖਰਚ ਵੀ ਖ਼ੁਦ ਕਰਨਗੇ।

ਇਸ ਦੇ ਨਾਲ ਸਰਕਾਰ ਵੱਲੋਂ ਕੋਰੋਨਾ ਦਾ ਦੁਹਾਈ ਦੇ ਕੇ ਕਿਸਾਨਾਂ ਨੂੰ ਘਰ ਪਰਤਣ ਦੀ ਅਪੀਲ ਨੂੰ ਨਕਾਰਾਦਿਆਂ ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨ ਕੇਂਦਰ ਸਰਕਾਰ ਕੋਲੋਂ ਆਪਣੀਆਂ ਮੰਗਾਂ ਮੰਨਵਾਉਣ ਤਕ ਸੰਘਰਸ਼ ਜਾਰੀ ਰੱਖਣ ਲਈ ਦ੍ਰਿੜ ਹਨ।

ਕਿਸਾਨਾਂ ਦੀਆਂ ਮੰਗਾਂ ਵਿੱਚ ਤਿੰਨੇ ਖੇਤੀ ਕਾਨੂੰਨ ਵਾਪਸ ਕਰਵਾਉਣਾ, ਬਿਜਲੀ ਸੋਧ ਬਿੱਲ-2020 ਰੱਦ ਕਰਵਾਉਣਾ ਤੇ ਐਮਐਸਪੀ ’ਤੇ ਫ਼ਸਲ ਦੀ ਖ਼ਰੀਦ ਗਾਰੰਟੀ ਵਾਲਾ ਕਾਨੂੰਨ ਬਣਾਉਣਾ ਸ਼ਾਮਲ ਹਨ। ਚੜੂਨੀ ਨੇ ਕਿਹਾ ਕਿ ਕਿਸਾਨ ਅੰਦੋਲਨ ਵਿਸ਼ਵ ਦਾ ਪਹਿਲਾ ਅਜਿਹਾ ਅੰਦੋਲਨ ਹੈ, ਜੋ ਰਿਕਾਰਡ ਦਿਨਾਂ ਤੋਂ ਨਿਰਵਿਘਨ ਸ਼ਾਂਤੀ ਪੂਰਵਕ ਜਾਰੀ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਮੱਥਾ ਲਾਉਣ ਵਾਲੀ ਸਰਕਾਰ ਜ਼ਿਆਦਾ ਦੇਰ ਤੱਕ ਨਹੀਂ ਟਿਕ ਸਕਦੀ। ਕਿਸਾਨ ਆਗੂ ਨੇ ਦਾਅਵੇ ਨਾਲ ਕਿਹਾ ਕਿ ਅਜੇ ਤਾਂ ਭਾਜਪਾ ਬੰਗਾਲ ਵਿੱਚ ਚੋਣਾਂ ਹਾਰੀ ਹੈ, ਅਗਲਾ ਨੰਬਰ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਤਿਆਗ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। 

 





ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ