ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਅਕਾਲ ਤਖ਼ਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 2007 ਤੋਂ 2017 ਤੱਕ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਵੱਲੋਂ ਕੀਤੀਆਂ ‘ਗਲਤੀਆਂ’ ਕਾਰਨ ਧਾਰਮਿਕ ਦੁਰਵਿਹਾਰ ਲਈ ਦੋਸ਼ੀ ਠਹਿਰਾਇਆ ਹੈ। ਅਕਾਲ ਤਖ਼ਤ ਨੇ ਅਕਾਲੀ ਦਲ ਦੇ ਆਗੂ ਨੂੰ ‘ਤਨਖਾਹੀਆ’ ਕਰਾਰ ਦਿੱਤਾ ਹੈ। ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਹੈ ਕਿ ਜਦੋਂ ਬਾਦਲ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਨ ਤਾਂ ਉਨ੍ਹਾਂ ਨੇ ਅਜਿਹੇ ਫੈਸਲੇ ਲਏ ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਬਹੁਤ ਭਾਰੀ ਢਾਹ ਲੱਗੀ। 



ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਬਾਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਕਾਲ ਤਖ਼ਤ ’ਤੇ ਹਾਜ਼ਰ ਹੋ ਕੇ ਆਪਣੀਆਂ ਭੁੱਲਾਂ ਦੀ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਉਨ੍ਹਾਂ ਨੂੰ ‘ਤਨਖਾਹੀਆ’ ਕਰਾਰ ਦਿੱਤਾ ਜਾਂਦਾ ਹੈ। ਇੱਥੇ ਅਕਾਲ ਤਖ਼ਤ ਸਕੱਤਰੇਤ ਵਿਖੇ ਹੋਈ ਮੀਟਿੰਗ ਤੋਂ ਬਾਅਦ ਜਥੇਦਾਰ ਨੇ ਕਿਹਾ ਕਿ 2007-2017 ਤੱਕ ਅਕਾਲੀ ਮੰਤਰੀ ਮੰਡਲ ਦਾ ਹਿੱਸਾ ਰਹੇ ਸਿੱਖ ਕੌਮ ਦੇ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਲਿਖਤੀ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।


ਸੁਖਬੀਰ ਬਾਦਲ ਨੇ ਮੰਗੀ ਮਾਫੀ
ਹਾਲਾਂਕਿ, ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਅਕਾਲੀ ਦਲ ਦੀ ਸੱਤਾ ਵਿੱਚ ਹੋਣ ਵੇਲੇ ਕੀਤੀਆਂ 'ਸਾਰੀਆਂ ਗਲਤੀਆਂ' ਲਈ 'ਬਿਨਾਂ ਸ਼ਰਤ ਮੁਆਫੀ' ਮੰਗੀ ਹੈ। ਇਸ ਤੋਂ ਪਹਿਲਾਂ ਆਪਣੇ ਪੱਤਰ ਵਿੱਚ ਬਾਦਲ ਨੇ ਕਿਹਾ ਸੀ ਕਿ ਉਹ ਗੁਰੂ ਦੇ ‘ਨਿਮਾਣੇ ਸੇਵਕ’ ਹਨ ਅਤੇ ਗੁਰੂ ਗ੍ਰੰਥ ਸਾਹਿਬ ਅਤੇ ਅਕਾਲ ਤਖ਼ਤ ਨੂੰ ਸਮਰਪਿਤ ਹਨ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਬਾਦਲ ਨੇ 24 ਜੁਲਾਈ ਨੂੰ ਆਪਣਾ ਸਪੱਸ਼ਟੀਕਰਨ ਪੇਸ਼ ਕੀਤਾ ਸੀ।



ਤਨਖਾਈਆ ਦੀ ਕੀ ਹੈ ਸਜ਼ਾ ?
ਸਿੱਖ ਧਰਮ ਵਿੱਚ ਸ਼ਾਮਲ ਲੋਕਾਂ ਨੂੰ ਧਾਰਮਿਕ ਗਲਤੀਆਂ ਲਈ ਸ੍ਰੀ ਅਕਾਲ ਤਖ਼ਤ ‘ਤਨਖਾਈਆ’ ਕਰਾਰ ਦਿੰਦਾ ਹੈ। ਇਹ ਸਜ਼ਾ ਅਕਾਲ ਤਖ਼ਤ ਹੀ ਸਿੱਖਾਂ ਨੂੰ ਦੇ ਸਕਦਾ ਹੈ। ਅਕਾਲ ਤਖ਼ਤ ਜਿਨ੍ਹਾਂ ਨੂੰ ਤਨਖਾਈਆ ਕਰਾਰ ਦਿੰਦਾ ਹੈ, ਉਨ੍ਹਾਂ ਨੂੰ ਗੁਰਦੁਆਰਿਆਂ ਵਿੱਚ ਭਾਂਡੇ ਧੋਣ, ਜੁੱਤੀਆਂ ਸਾਫ਼ ਕਰਨ ਅਤੇ ਸਫਾਈ ਦਾ ਕੰਮ ਕਰਨ ਦੀ ਸਜ਼ਾ ਦਿੰਦਾ ਹੈ। ਇਨ੍ਹਾਂ ਦੀ ਪਾਲਣਾ ਨਾ ਕਰਨ ਵਾਲਿਆਂ ਦਾ ਧਾਰਮਿਕ ਬਾਈਕਾਟ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਕਿਸੇ ਗੁਰਦੁਆਰੇ ਜਾਣ ਜਾਂ ਕਿਸੇ ਪੂਜਾ-ਪਾਠ ਵਿਚ ਸ਼ਾਮਲ ਹੋਣ ਦੀ ਵੀ ਇਜਾਜ਼ਤ ਨਹੀਂ ਹੁੰਦੀ।