ਚੰਡੀਗੜ੍ਹ: ਪਾਕਿਸਤਾਨ ਦੌਰੇ ਦੌਰਾਨ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੱਲੋਂ ਜਿੱਥੇ ਪਾਕਿਸਤਾਨ ਫੌਜ ਮੁਖੀ ਨੂੰ ਜੱਫੀ ਪਾਉਣ ਦਾ ਮਾਮਲਾ ਗਰਮਾਇਆ ਹੋਇਆ ਹੈ, ਉੱਥੇ ਹੀ ਪਾਕਿਸਤਾਨੀ ਆਰਮੀ ਚੀਫ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਗੱਲ ਵੀ ਇਸ ਵੇਲੇ ਸੁਰਖੀਆਂ 'ਚ ਹੈ। ਜਲੰਧਰ ਦੀ ਨਕੋਦਰ ਸੀਟ ਤੋਂ ਅਕਾਲੀ ਦਲ ਦੇ ਵਿਧਾਇਕ ਗੁਰਪ੍ਰਤਾਪ ਵਡਾਲਾ ਦਾ ਕਹਿਣਾ ਹੈ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵਾਂਗ ਜਨਰਲ ਬਾਜਵਾ ਨੂੰ ਵੀ ਇਹ ਗੱਲ ਲੋਕਾਂ ਨੂੰ ਦੱਸਣੀ ਚਾਹੀਦੀ ਕਿ ਉਨ੍ਹਾਂ ਸਿੱਧੂ ਨੂੰ ਅਜਿਹਾ ਕੁਝ ਕਿਹਾ ਹੈ।


ਗੁਰਪ੍ਰਤਾਪ ਨੇ 'ਏਬੀਪੀ ਸਾਂਝਾ' ਨਾਲ ਖਾਸ ਗੱਲਬਾਤ ਕਰਦਿਆਂ ਕਿਹਾ ਕਿ ਸਿੱਧੂ ਵੱਲੋਂ ਜੋ ਬਾਜਵਾ ਨੂੰ ਜੱਫੀ ਪਾਉਣ ਪਿੱਛੇ ਤਰਕ ਦਿੱਤਾ ਜਾ ਰਿਹਾ ਹੈ, ਉਸ 'ਤੇ ਬਾਜਵਾ ਦਾ ਅਜੇ ਕੋਈ ਬਿਆਨ ਨਹੀਂ ਆਇਆ। ਉਨ੍ਹਾਂ ਕਿਹਾ ਕਿ ਬਾਜਵਾ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ 'ਤੇ ਆਪਣਾ ਪੱਖ ਸਪਸ਼ਟ ਕਰਨਾ ਚਾਹੀਦਾ ਹੈ। ਵਡਾਲਾ ਨੇ ਕਿਹਾ ਕਿ ਜਦੋਂ ਤੱਕ ਜਨਰਲ ਬਾਜਵਾ ਆਪਣਾ ਬਿਆਨ ਜਨਤਕ ਨਹੀਂ ਕਰਦੇ, ਉਦੋਂ ਤੱਕ ਇਸ ਗੱਲ ਦਾ ਕੋਈ ਸਬੂਤ ਨਹੀਂ ਕਿ ਉਨ੍ਹਾਂ ਸਿੱਧੂ ਨੂੰ ਅਜਿਹਾ ਕੁਝ ਕਿਹਾ ਹੈ।


ਜ਼ਿਕਰਯੋਗ ਹੈ ਕਿ ਗੁਰਪ੍ਰਤਾਪ ਦੇ ਪਿਤਾ ਕੁਲਦੀਪ ਸਿੰਘ ਵਡਾਲਾ ਪਿਛਲੇ 18 ਸਾਲ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਵਾਸਤੇ ਹਰ ਮਹੀਨੇ ਅਰਦਾਸ ਕਰਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਲ 2001 ਵਿੱਚ ਵਿਸਾਖੀ ਵਾਲੇ ਦਿਨ ਅਰਦਾਸ ਦੀ ਸ਼ੁਰੂਆਤ ਕੀਤੀ ਗਈ ਸੀ ਤੇ ਕੁਲਦੀਪ ਸਿੰਘ ਵਡਾਲਾ ਦੀ ਮੌਤ ਤੋਂ ਬਾਅਦ ਉਹ ਖੁਦ ਇਹ ਅਰਦਾਸ ਕਰ ਰਹੇ ਹਨ।


ਉਨ੍ਹਾਂ ਦੱਸਿਆ ਕਿ ਮੁੰਬਈ ਹਮਲੇ ਤੋਂ ਬਾਅਦ ਲਾਂਘਾ ਖੋਲ੍ਹਣ ਦੀ ਗੱਲ ਅੱਗੇ ਨਹੀਂ ਵਧ ਸਕੀ ਸੀ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਸਰਕਾਰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਦੀ ਹੈ ਤਾਂ ਇਹ ਪਾਕਿਸਤਾਨ ਸਰਕਾਰ ਦਾ ਸ਼ਲਾਘਯੋਗ ਕਦਮ ਹੋਵੇਗਾ। ਵਡਾਲਾ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਹੀ ਸੁਖਬੀਰ ਬਾਦਲ ਨੇ ਮੋਦੀ ਨੂੰ ਮਿਲ ਕੇ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ।