US Court summons India On Pannun: ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਮਾਮਲੇ ਵਿੱਚ ਅਮਰੀਕੀ ਅਦਾਲਤ ਵੱਲੋਂ ਭੇਜੇ ਗਏ ਸੰਮਨ ਦਾ ਭਾਰਤ ਨੇ ਜਵਾਬ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਅਮਰੀਕੀ ਅਦਾਲਤ ਦੇ ਸੰਮਨ 'ਤੇ ਇਤਰਾਜ਼ ਜਤਾਉਂਦੇ ਹੋਏ ਇਸ ਨੂੰ ਚਿੰਤਾਜਨਕ ਦੱਸਿਆ ਹੈ।


ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, 'ਇਹ ਮਾਮਲਾ ਪੂਰੀ ਤਰ੍ਹਾਂ ਨਾਲ ਅਣਉਚਿਤ ਤੇ ਸਰਕਾਰ ਦੀ ਨੀਤੀ ਦੇ ਵਿਰੁੱਧ ਹੈ। ਅਸੀਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਾਂ। ਇਸ ਦੀ ਉੱਚ ਪੱਧਰੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਾਰੇ ਪਹਿਲੂਆਂ 'ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ।


ਵਿਦੇਸ਼ ਸਕੱਤਰ ਨੇ ਕੀ ਕਿਹਾ?


ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਵੀ ਇਸ ਮੁੱਦੇ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ, ‘ਇਹ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹੈ। ਇਹ ਕੇਸ ਕਿਸੇ ਵੀ ਤਰ੍ਹਾਂ ਨਾਲ ਸਾਡੀ ਰਾਏ ਨੂੰ ਨਹੀਂ ਬਦਲੇਗਾ। ਇਹ ਕੇਸ ਦਰਜ ਕਰਨ ਵਾਲਾ ਵਿਅਕਤੀ ਇੱਕ ਗ਼ੈਰ-ਕਾਨੂੰਨੀ ਸੰਗਠਨ ਦਾ ਪ੍ਰਤੀਨਿਧ ਕਰਦਾ ਹੈ। ਜਦੋਂ ਇਹ ਮੁੱਦਾ ਪਹਿਲੀ ਵਾਰ ਸਾਡੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਅਸੀਂ ਕਾਰਵਾਈ ਕੀਤੀ। ਸਿੱਖਸ ਫਾਰ ਜਸਟਿਸ ਦੇ ਮੁਖੀ ਪੰਨੂ ਨੂੰ ਭਾਰਤੀ ਨੇਤਾਵਾਂ ਅਤੇ ਸੰਸਥਾਵਾਂ ਵਿਰੁੱਧ ਭੜਕਾਊ ਭਾਸ਼ਣ ਦੇਣ ਅਤੇ ਧਮਕੀਆਂ ਦੇਣ ਲਈ ਜਾਣਿਆ ਜਾਂਦਾ ਹੈ।


ਕਿਸ ਅਦਾਲਤ ਵਿੱਚ ਕੇਸ ਹੈ?


ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਨਿਊਯਾਰਕ ਦੀ ਦੱਖਣੀ ਜ਼ਿਲ੍ਹਾ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੈ। ਹਾਲਾਂਕਿ ਇਸ ਵਿਵਾਦ ਦਰਮਿਆਨ ਭਾਰਤ 'ਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਭਾਰਤ-ਅਮਰੀਕਾ ਸਬੰਧਾਂ 'ਤੇ ਕੋਈ ਅਸਰ ਨਹੀਂ ਪਵੇਗਾ।


ਕੀ ਹੈ ਪੂਰਾ ਮਾਮਲਾ


ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਅਮਰੀਕੀ ਅਦਾਲਤ ਨੇ ਭਾਰਤ ਨੂੰ ਸੰਮਨ ਜਾਰੀ ਕੀਤਾ ਹੈ। ਇਸ ਸੰਮਨ ਵਿੱਚ ਭਾਰਤ ਸਰਕਾਰ ਸਮੇਤ ਕਈ ਪ੍ਰਮੁੱਖ ਭਾਰਤੀ ਅਧਿਕਾਰੀਆਂ ਦੇ ਨਾਂਅ ਸ਼ਾਮਲ ਹਨ। ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਅਮਰੀਕੀ ਅਦਾਲਤ ਵੱਲੋਂ ਭੇਜੇ ਗਏ ਸੰਮਨਾਂ ਵਿੱਚ ਭਾਰਤ ਸਰਕਾਰ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਰਾਅ ਦੇ ਸਾਬਕਾ ਮੁਖੀ ਸਾਮੰਤ ਗੋਇਲ, ਰਾਅ ਏਜੰਟ ਵਿਕਰਮ ਯਾਦਵ ਤੇ ਭਾਰਤੀ ਕਾਰੋਬਾਰੀ ਨਿਖਿਲ ਗੁਪਤਾ ਦਾ ਨਾਂਅ ਵੀ ਸ਼ਾਮਲ ਹੈ। ਖਾਸ ਗੱਲ ਇਹ ਹੈ ਕਿ ਇਨ੍ਹਾਂ ਸਾਰਿਆਂ ਨੂੰ 21 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ।