Lok Sabha Elections 2024: ਲੋਕ ਸਭਾ ਚੋਣਾਂ 2024 ਆਪਣੇ ਚੌਥੇ ਪੜਾਅ ਵਿੱਚ ਦਾਖਲ ਹੋ ਗਈਆਂ ਹਨ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੱਤਾ। ਇਸ 'ਚ ਅਮਿਤ ਸ਼ਾਹ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਵੱਲੋਂ ਐਲਾਨੀਆਂ 10 ਗਾਰੰਟੀਆਂ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ 22 ਸੀਟਾਂ 'ਤੇ ਚੋਣ ਲੜਨ ਵਾਲੀ ਪਾਰਟੀ ਨੇ ਪੂਰੇ ਦੇਸ਼ 'ਚ ਬਿਜਲੀ ਦੇ ਬਿੱਲ ਮੁਆਫ ਕਰਨ ਦਾ ਵਾਅਦਾ ਕੀਤਾ ਹੈ।
NDTV ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਅਮਿਤ ਸ਼ਾਹ ਨੇ ਕਿਹਾ, "ਆਪ ਕਿੰਨੀਆਂ ਸੀਟਾਂ 'ਤੇ ਚੋਣ ਲੜ ਰਹੀ ਹੈ? 22. ਸਰਕਾਰ ਬਣਾਉਣ ਲਈ ਤੁਹਾਨੂੰ 270 ਤੋਂ ਵੱਧ ਸੀਟਾਂ ਚਾਹੀਦੀਆਂ ਹਨ। ਤੁਸੀਂ ਕੀ ਗਰੰਟੀ ਦੇ ਰਹੇ ਹੋ? ਤੁਸੀਂ 22 ਸੀਟਾਂ 'ਤੇ ਚੋਣ ਲੜ ਰਹੇ ਹੋ ਤੇ ਤੁਸੀਂ ਕਹਿ ਰਹੇ ਹੋ ਕਿ ਤੁਸੀਂ ਪੂਰੇ ਦੇਸ਼ ਵਿੱਚ ਬਿਜਲੀ ਦੇ ਬਿੱਲ ਮੁਆਫ ਕਰ ਦੇਵਾਂਗੇ।
ਕੀ ਹਨ ਕੇਜਰੀਵਾਲ ਦੀਆਂ 10 ਗਾਰੰਟੀਆਂ?
ਦਰਅਸਲ, ਆਮ ਆਦਮੀ ਪਾਰਟੀ ਨੇ ਜਨਤਾ ਦੇ ਸਾਹਮਣੇ ਆਪਣੇ 10 ਵਾਅਦੇ ਕੀਤੇ ਹਨ, ਜਿਨ੍ਹਾਂ ਨੂੰ ‘ਕੇਜਰੀਵਾਲ ਗਰੰਟੀ’ ਦਾ ਨਾਂ ਦਿੱਤਾ ਗਿਆ ਹੈ। ਜਿਸ ਵਿੱਚ 24 ਘੰਟੇ ਬਿਜਲੀ ਸਪਲਾਈ, ਸਿੱਖਿਆ ਅਤੇ ਸਿਹਤ ਸਹੂਲਤਾਂ ਅਤੇ ਹਰ ਸਾਲ ਦੋ ਕਰੋੜ ਨੌਕਰੀਆਂ ਪੈਦਾ ਕਰਨਾ ਸ਼ਾਮਲ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਅਗਨੀਵੀਰ ਸਕੀਮ ਨੂੰ ਖਤਮ ਕਰਨ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਕਿਸਾਨਾਂ ਨੂੰ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਮਿਲਣਾ ਯਕੀਨੀ ਬਣਾਉਣ ਦਾ ਵਾਅਦਾ ਵੀ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਕਿਹਾ ਸੀ ਕਿ 'ਚੀਨ ਨੇ ਸਾਡੀ ਜ਼ਮੀਨ 'ਤੇ ਕਬਜ਼ਾ ਕਰ ਲਿਆ ਹੈ ਅਤੇ ਅਸੀਂ ਇਸ ਨੂੰ ਉਨ੍ਹਾਂ ਦੇ ਕਬਜ਼ੇ ਤੋਂ ਮੁਕਤ ਕਰਵਾਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੀ ਇੱਕ ਹੋਰ ਗਾਰੰਟੀ ਦਿੱਤੀ।
ਅਮਿਤ ਸ਼ਾਹ ਨੇ ਕੇਜਰੀਵਾਲ 'ਤੇ ਸਾਧਿਆ ਨਿਸ਼ਾਨਾ
ਇਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ 'ਆਪ' ਨੇਤਾ ਨੇ ਪਿਛਲੀਆਂ ਚੋਣਾਂ ਵਿੱਚ ਵੀ "ਇਹ ਸਟੰਟ" ਅਜ਼ਮਾਏ ਸਨ, ਪਰ ਸਿਰਫ ਇੱਕ ਸੀਟ ਜਿੱਤੀ ਸੀ। ਦੂਜੇ ਪਾਸੇ ਜਦੋਂ ਅਮਿਤ ਸ਼ਾਹ ਨੂੰ ਸਵਾਲ ਪੁੱਛਿਆ ਗਿਆ ਕਿ ਵਿਰੋਧੀ ਧਿਰ ਭਾਜਪਾ 'ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼ ਲਗਾਉਂਦੀ ਰਹਿੰਦੀ ਹੈ। ਇਸ 'ਤੇ ਉਨ੍ਹਾਂ ਕਿਹਾ, "ਜੇ ਕੇਜਰੀਵਾਲ ਅਜਿਹੇ ਦੋਸ਼ ਲਗਾ ਰਹੇ ਹਨ, ਤਾਂ ਉਨ੍ਹਾਂ ਨੇ 9 ਵਾਰ ਸੰਮਨ ਦੀ ਉਲੰਘਣਾ ਕੀਤੀ। ਉਹ ਇਸ ਨੂੰ ਖਿੱਚਦੇ ਰਹੇ ਅਤੇ ਫਿਰ ਰੋਣਾ ਸ਼ੁਰੂ ਕਰ ਦਿੱਤਾ ਕਿ ਉਨ੍ਹਾਂ ਨੂੰ ਚੋਣਾਂ ਦੌਰਾਨ ਗ੍ਰਿਫਤਾਰ ਕੀਤਾ ਗਿਆ।"
'ਕੇਜਰੀਵਾਲ ਨੂੰ ਜ਼ਮਾਨਤ ਨਹੀਂ ਮਿਲੀ ਸਿਰਫ਼ ਅੰਤਰਿਮ ਰਾਹਤ'
ਅਮਿਤ ਸ਼ਾਹ ਨੇ ਅੱਗੇ ਕਿਹਾ ਕਿ ਕੇਜਰੀਵਾਲ ਨੂੰ ਜ਼ਮਾਨਤ ਨਹੀਂ ਦਿੱਤੀ ਗਈ ਹੈ, ਸਿਰਫ ਅੰਤਰਿਮ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਦਲੀਲ ਸੀ ਕਿ ਉਨ੍ਹਾਂ ਦੀ ਗ੍ਰਿਫਤਾਰੀ ਗਲਤ ਸੀ। ਸੁਪਰੀਮ ਕੋਰਟ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਫਿਰ ਉਸ ਨੇ ਜ਼ਮਾਨਤ ਦੀ ਮੰਗ ਕੀਤੀ। ਅਦਾਲਤ ਨੇ ਇਸ ਨੂੰ ਵੀ ਸਵੀਕਾਰ ਨਹੀਂ ਕੀਤਾ। ਫਿਰ ਉਸ ਨੇ ਪ੍ਰਚਾਰ ਕਰਨ ਦੀ ਇਜਾਜ਼ਤ ਮੰਗੀ। ਸੁਪਰੀਮ ਕੋਰਟ ਨੇ ਕੁਝ ਸ਼ਰਤਾਂ ਰੱਖਦਿਆਂ ਉਨ੍ਹਾਂ ਨੂੰ 1 ਜੂਨ ਤੱਕ ਛੁੱਟੀ ਦੇ ਦਿੱਤੀ ਹੈ। ਉਸ ਨੇ 2 ਜੂਨ ਨੂੰ ਤਿਹਾੜ (ਜੇਲ) ਪਰਤਣਾ ਹੈ। ਇਹ ਫੈਸਲਾ ਉਸ ਦੇ ਹੱਕ ਵਿਚ ਕਿਵੇਂ ਹੋਇਆ?