ਬੀਜੇਪੀ ਨੂੰ ਸਤਾਉਣ ਲੱਗਾ ਜਾਟਾਂ ਦਾ ਡਰ, ਅਮਿਤ ਸ਼ਾਹ ਨੇ ਘੜੀ ਨਵੀਂ ਰਣਨੀਤੀ
ਅੰਦੋਲਨਕਾਰੀ ਕਿਸਾਨ ਸੰਗਠਨਾਂ ਦੇ ਆਗੂਆਂ ਨੇ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਤੇ ਰਾਜਸਥਾਨ ’ਚ ਮਹਾਂਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ।
ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਤੇ ਪ੍ਰਚਾਰ ਨੇ ਬੀਜੇਪੀ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਬੀਜੇਪੀ ਨੂੰ ਜਾਟ ਵੋਟਰਾਂ ਦਾ ਡਰ ਸਤਾਉਣ ਲੱਗਾ ਹੈ। ਮਹਾਪੰਚਾਇਤਾਂ ਨੇ ਬੀਜੇਪੀ ਦੀ ਨੀਂਦ ਉਡਾ ਦਿੱਤੀ ਹੈ। ਪੈਰਾਂ ਹੇਠੋਂ ਜ਼ਮੀਨ ਖਿਸਕਦੀ ਵੇਖ ਪਾਰਟੀ ਪ੍ਰਧਾਨ ਜੇਪੀ ਨੱਢਾ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੁਦ ਕਮਾਨ ਸੰਭਾਲੀ ਹੈ।
ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਪ੍ਰਮੁੱਖ ਕਿਸਾਨ ਭਾਈਚਾਰੇ ਦੇ ਬੀਜੇਪੀ ਆਗੂਆਂ ਨੇ ਜਾਟ ਭਾਈਚਾਰੇ ਤੇ ਖਾਪਾਂ ਦੇ ਮੈਂਬਰਾਂ ਨਾਲ ਸੰਪਰਕ ਕਰਨ ਲਈ ਵੱਖੋ-ਵੱਖਰੀਆਂ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਬੀਜੇਪੀ ਦਾ ਮੰਨਣਾ ਹੈ ਕਿ ਆਪਣੇ ਸਿਆਸੀ ਮੰਤਵਾਂ ਲਈ ਇੱਕ ਵਰਗ ਨੇ ਨਵੇਂ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਨੂੰ ਜਾਟ ਭਾਈਚਾਰੇ ਲਈ ਭਾਵਨਾਤਮਕ ਮੁੱਦਾ ਬਣਾ ਦਿੱਤਾ ਹੈ।
ਅੰਦੋਲਨਕਾਰੀ ਕਿਸਾਨ ਸੰਗਠਨਾਂ ਦੇ ਆਗੂਆਂ ਨੇ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਤੇ ਰਾਜਸਥਾਨ ’ਚ ਮਹਾਂਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ। ਭਾਜਪਾ ਪ੍ਰਧਾਨ ਜੇਪੀ ਨੱਡਾ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਇਨ੍ਹਾਂ ਥਾਵਾਂ ਦੇ ਪਾਰਟੀ ਆਗੂਆਂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਸੀ।
ਉਸ ਮੀਟਿੰਗ ਤੋਂ ਬਾਅਦ ਪੱਛਮੀ ਉੱਤਰ ਪ੍ਰਦੇਸ਼ ਤੇ ਹਰਿਆਣਾ ’ਚ ਭਾਈਚਾਰੇ ਦੇ ਆਗੂਆਂ ਨੇ ਵੱਖੋ-ਵੱਖਰੀਆਂ ਮੀਟਿੰਗਾਂ ਕੀਤੀਆਂ ਤੇ ਅਗਲੇਰੀ ਯੋਜਨਾ ਬਾਰੇ ਵਿਚਾਰ-ਵਟਾਂਦਰਾ ਕੀਤਾ। ਪੱਛਮੀ ਉੱਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਤੋਂ ਲੋਕ ਸਭਾ ਮੈਂਬਰ ਤੇ ਕੇਂਦਰੀ ਮੰਤਰੀ ਸੰਜੀਵ ਬਾਲੀਆਨ ਨੇ ਖੇਤਰ ਦੇ ਭਾਜਪਾ ਆਗੂਆਂ ਦੀ ਮੀਟਿੰਗ ਲਈ ਤਾਲਮੇਲ ਕਾਇਮ ਕਰ ਕੇ ਰੱਖਿਆ। ਮੀਟਿੰਗ ’ਚ ਪਾਰਟੀ ਦੇ ਮੀਤ ਪ੍ਰਧਾਨ ਸੌਦਾਨ ਸਿੰਘ ਤੇ ਮੰਤਰੀ ਭੁਪੇਂਦਰ ਸਿੰਘ ਚੌਧਰੀ ਨੇ ਭਾਗ ਲਿਆ।
ਇਸ ਮੀਟਿੰਗ ਤੋਂ ਬਾਅਦ ਬਾਲੀਆਨ ਨੇ ਨੇ ਕਿਹਾ ਕਿ ਉਹ ਆਪਣੇ ਖੇਤਰਾਂ ਵਿੱਚ ਕਿਸਾਨਾਂ ਕੋਲ ਜਾਣਗੇ। ਉਹ ਸਾਡੇ ਆਪਣੇ ਲੋਕ ਹਨ ਤੇ ਅਸੀਂ ਉਨ੍ਹਾਂ ਦੇ ਹਾਂ। ਉਨ੍ਹਾਂ ਦੱਸਿਆ ਕਿ ਕੇਂਦਰ ਨੇ ਕਿਹਾ ਹੈ ਕਿ ਉਹ ਨਵੇਂ ਖੇਤੀ ਕਾਨੂੰਨਾਂ ਵਿੱਚ ਸੋਧਾਂ ਕਰਨ ਲਈ ਤਿਆਰ ਹੈ।