ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਵਾਪਰੇ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਨੇ ਭਲਕੇ ਸੋਗ ਦਾ ਐਲਾਨ ਕਰ ਦਿੱਤਾ ਹੈ ਅਤੇ ਸੂਬੇ ਦੇ ਸਾਰੇ ਵਿਦਿਅਕ ਅਤੇ ਹੋਰ ਸਰਕਾਰੀ ਅਦਾਰਿਆਂ ਨੂੰ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਹੁਣ ਤਕ 58 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ 70 ਤੋਂ ਵੱਧ ਜ਼ਖ਼ਮੀਆਂ ਦਾ ਹਸਪਤਾਲਾਂ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਇਸ ਦੀ ਪੁਸ਼ਟੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਕੀਤੀ ਹੈ।


ਇਸ ਦਰਦਨਾਕ ਹਾਦਸੇ ਤੋਂ ਬਾਅਦ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ ਕਰ ਦਿੱਤਾ ਹੈ ਤੇ ਨਾਲ ਹੀ ਐਸਜੀਪੀਸੀ ਨੇ ਵੀ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦਾ ਐਲਾਨ ਕੀਤਾ ਹੈ।

ਜਿੱਥੇ ਕੈਪਟਨ ਸਰਕਾਰ ਨੇ ਮ੍ਰਿਤਕਾਂ ਲਈ ਪੰਜ-ਪੰਜ ਲੱਖ ਰੁਪਏ ਦਾ ਐਲਾਨ ਕੀਤਾ ਹੈ, ਉੱਥੇ ਹੀ ਕੇਂਦਰ ਦੀ ਮੋਦੀ ਸਰਕਾਰ ਨੇ ਮ੍ਰਿਤਕਾਂ ਲਈ ਦੋ-ਦੋ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਹਾਲਾਂਕਿ, ਹਾਦਸੇ ਵਾਲੀ ਥਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਰਾਤ ਨੂੰ ਹੀ ਜਾਣਾ ਸੀ, ਪਰ ਤਾਜ਼ਾ ਜਾਣਕਾਰੀ ਮੁਤਾਬਕ ਕੈਪਟਨ ਹੁਣ ਭਲਕੇ ਉੱਥੇ ਜਾਣਗੇ।

ਅੰਮ੍ਰਿਤਸਰ ਪ੍ਰਸ਼ਾਸਨ ਨੇ ਦੁਰਘਟਨਾ ਪੀੜਤਾਂ ਦੀ ਮਦਦ ਲਈ ਹੈਲਪਲਾਈਨ ਨੰਬਰ 0183- 2223171, 0183 2564485 ਵੀ ਜਾਰੀ ਕਰ ਦਿੱਤੇ ਗਏ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਜ਼ਖ਼ਮੀਆਂ ਦੀ ਸਹਾਇਤਾ ਲਈ ਖ਼ੂਨ ਦਾਨ ਕਰਨ ਲਈ ਸਿਵਲ ਹਸਪਤਾਲ ਜਾਂ ਗੁਰੂ ਨਾਨਕ ਹਸਪਤਾਲ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।