ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਹੈ ਕਿ ਕੇਰਲਾ ਵਿੱਚ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ ਅਤੇ ਹੁਣ ਉੱਥੇ ਵੱਸਦੇ ਸਿੱਖ ਇਸ ਕਾਨੂੰਨ ਤਹਿਤ ਆਪਣੇ ਵਿਆਹ ਦੀ ਰਜਿਸਟਰੇਸ਼ਨ ਕਰਵਾ ਸਕਣਗੇ।

ਸਿਰਸਾ ਮੁਤਾਬਕ ਕੇਰਲਾ ਸਰਕਾਰ ਦੇ ਕਾਨੂੰਨ ਵਿਭਾਗ ਦੇ ਸਕੱਤਰ ਨੇ ਜਾਣਕਾਰੀ ਦਿੱਤੀ ਹੈ ਕਿ ਰਾਜ ਵਿੱਚ ਇਹ ਐਕਟ ਲਾਗੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰ ਮਾਲੀਆ ਜ਼ਿਲ੍ਹੇ ਵਿੱਚ ਪੰਚਾਇਤ ਦਾ ਡਿਪਟੀ ਡਾਇਰੈਕਟਰ ਜ਼ਿਲ੍ਹਾ ਰਜਿਸਟਰਾਰ (ਮੈਰਿਜ ਰਜਿਸਟਰਾਰ) ਹੋਵੇਗਾ ਜੋ ਆਪਣੇ ਅਧੀਨ ਖੇਤਰ ਵਿੱਚ ਐਕਟ ਤਹਿਤ ਸਿੱਖ ਵਿਆਹਾਂ ਦੀ ਰਜਿਸਟਰੇਸ਼ਨ ਕਰੇਗਾ।

ਉਨ੍ਹਾਂ ਦੱਸਿਆ ਕਿ ਹਿੰਦੂ ਮੈਰਿਜ ਐਕਟ ਦੀ ਥਾਂ ਸਿੱਖਾਂ ਨੂੰ ਆਨੰਦ ਮੈਰਿਜ ਐਕਟ ਤਹਿਤ ਰਜਿਸਟਰੇਸ਼ਨ ਸਰਟੀਫ਼ਿਕੇਟ ਪ੍ਰਾਪਤ ਹੋ ਸਕੇਗਾ। ਰਾਜ ਸਰਕਾਰ ਨੇ ਇਸ ਬਾਬਤ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਸਿਰਸਾ ਨੇ ਕਿਹਾ ਕਿ ਇਹ ਐਕਟ ਹੁਣ ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿੱਚ ਲਾਗੂ ਹੋ ਗਿਆ ਹੈ।