ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਕਾਨੂੰਨਾਂ ਨੇ ਇੱਕ ਹੋਰ ਕਿਸਾਨ ਦੀ ਬਲੀ ਲੈ ਲਈ ਹੈ। ਜ਼ਿਲ੍ਹਾ ਮਾਨਸਾ ਦੇ ਪਿੰਡ ਭਾਦੜਾ ਦਾ ਨੌਜਵਾਨ ਇਸ ਅੰਦੋਲਨ ਦੀ ਭੇਟ ਚੜ੍ਹ ਗਿਆ ਹੈ। ਇਹ ਨੌਜਵਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨਾਲ ਸਬੰਧਤ ਸੀ।
ਬੀਤੀ ਰਾਤ ਜ਼ਗਸੀਰ ਸਿੰਘ (31) ਪੁੱਤਰ ਜਰਨੈਲ ਸਿੰਘ ਵਾਸੀ ਭਾਦੜਾ ਟਿਕਰੀ ਬਾਰਡਰ ਤੋਂ 14 ਕਿਲੋਮੀਟਰ ਦੀ ਦੂਰੀ 'ਤੇ ਸਥਿਤ 158 ਨੰਬਰ ਪੋਲ ਦੇ ਨਜ਼ਦੀਕ ਪਕੌੜਾ ਚੌਕ ਵਿਖੇ ਸੜਕ ਪਾਰ ਕਰ ਰਿਹਾ ਸੀ। ਇਸੇ ਦੌਰਾਨ ਅਚਾਨਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।