ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾਵਾਇਰਸ ਦੇ ਵਧ ਰਹੇ ਮਾਮਲਿਆਂ ਵਿਚਾਲੇ ਭਾਰਤੀ ਫੌਜ ਤਿਆਰੀ ਕਰ ਰਹੀ ਹੈ। ਭਾਰਤੀ ਫੌਜ ਕੋਰੋਨਾਵਾਇਰਸ ਮਹਾਮਾਰੀ ਨਾਲ ਲੜਨ ਲਈ 'ਆਪ੍ਰੇਸ਼ਨ ਨਮਸਤੇ' ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਆਰਮੀ ਚੀਫ ਐਮਐਮ ਨਰਵਾਣੇ ਨੇ ਖ਼ੁਦ ਇਸ ਦਾ ਐਲਾਨ ਕੀਤਾ ਹੈ। ਸੈਨਾ ਨੇ ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਲੜਨ ਲਈ ਕੁਲ ਅੱਠ ਕੁਆਰੰਟੀਨ ਸੈਂਟਰ ਸਥਾਪਤ ਕੀਤੇ ਹਨ।

ਆਪ੍ਰੇਸ਼ਨ ਨਮਸਤੇ ਦਾ ਐਲਾਨ ਕਰਦਿਆਂ ਫੌਜ ਦੇ ਮੁਖੀ ਐਮਐਮ ਨਰਵਾਣੇ ਨੇ ਕਿਹਾ ਕਿ ਸੈਨਾ ਨੇ ਪਿਛਲੇ ਸਮੇਂ ਦੀਆਂ ਸਾਰੀਆਂ ਕਾਰਵਾਈਆਂ ਨੂੰ ਸਫ਼ਲਤਾਪੂਰਵਕ ਅੰਜਾਮ ਦਿੱਤਾ ਹੈ ਤੇ ਆਪ੍ਰੇਸ਼ਨ ਨਮਸਤੇ ਨੂੰ ਵੀ ਸਫ਼ਲਤਾਪੂਰਵਕ ਚਲਾਇਆ ਜਾਵੇਗਾ।



ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 724 ਤੱਕ ਪਹੁੰਚ ਗਈ ਹੈ। ਇਸ ਵਿੱਚੋਂ 17 ਦੀ ਮੌਤ ਹੋ ਚੁੱਕੀ ਹੈ, ਜਦੋਂਕਿ 66 ਲੋਕਾਂ ਦਾ ਇਲਾਜ ਕੀਤਾ ਗਿਆ ਹੈ।




ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਮਹਾਰਾਸ਼ਟਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ ਗੁਜਰਾਤ ਵਿੱਚ ਵੀ ਇਸ ਕੋਰੋਨਾਵਾਇਰਸ ਕਾਰਨ ਤਿੰਨ ਲੋਕਾਂ ਦੀ ਜਾਨ ਚਲੀ ਗਈ ਹੈ। ਕਰਨਾਟਕ ਵਿੱਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਮੱਧ ਪ੍ਰਦੇਸ਼, ਤਾਮਿਲਨਾਡੂ, ਬਿਹਾਰ, ਪੰਜਾਬ, ਦਿੱਲੀ, ਪੱਛਮੀ ਬੰਗਾਲ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।