ਗੁਆਂਢੀ ਸੂਬੇ ਹਰਿਆਣਾ ਵਿੱਚ ਚੋਣ ਪ੍ਰਚਾਰ ਲਈ ਇੱਕ ਹਫ਼ਤੇ ਤੋਂ ਵੀ ਘੱਟ ਸਮਾਂ ਬਚਿਆ ਹੈ। ਅਜਿਹੇ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਚੋਣ ਪ੍ਰਚਾਰ ਲਈ ਭਾਰੀ ਰੈਲੀਆਂ ਕਰ ਰਹੇ ਹਨ। ਇਸ ਮੌਕੇ ਕੇਜਰੀਵਾਲ ਨੇ ਬਾਦਸ਼ਾਹਪੁਰ ਵਿੱਚ ਇੱਕ ਜਨਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਇੱਕ ਵਾਰ ਫਿਰ ਦਾਅਵਾ ਕੀਤਾ ਕਿ ਇਸ ਵਾਰ ਆਮ ਆਦਮੀ ਪਾਰਟੀ ਦੇ ਸਮਰਥਨ ਤੋਂ ਬਿਨਾਂ ਕੋਈ ਵੀ ਸਰਕਾਰ ਨਹੀਂ ਬਣੇਗੀ।
ਉਨ੍ਹਾਂ ਕਿਹਾ ਕਿ ਭਾਜਪਾ ਤੇ ਪੀਐਮ ਮੋਦੀ ਆਮ ਆਦਮੀ ਪਾਰਟੀ ਦੇ ਆਗੂਆਂ ਤੋਂ ਡਰਦੇ ਹਨ। ਪੀਐਮ ਮੋਦੀ ਨੇ ਮੈਨੂੰ ਜੇਲ੍ਹ ਭੇਜ ਕੇ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਮੇਰੇ ਇਨਸੁਲਿਨ ਦਾ ਟੀਕਾ ਲਗਾਉਣ 'ਤੇ ਪਾਬੰਦੀ ਲਾ ਦਿੱਤੀ ਫਿਰ ਵੀ ਉਹ ਮੇਰਾ ਹੌਂਸਲਾ ਨਾ ਤੋੜ ਸਕੇ। ਮੈਂ ਹਰਿਆਣਾ ਤੋਂ ਹਾਂ। ਉਹ ਹਰਿਆਣਾ ਵਾਲਿਆਂ ਦਾ ਹੌਂਸਲਾ ਨਹੀਂ ਤੋੜ ਸਕਦੇ।
ਭਾਜਪਾ ਵਾਲਿਆਂ ਨੂੰ ਲੱਗਦਾ ਹੈ ਕਿ ਹਰਿਆਣਾ ਵਿੱਚ ਵੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਬਣੇਗੀ। ਅਸਲੀਅਤ ਵੀ ਇਹੀ ਹੈ। ਆਮ ਆਦਮੀ ਪਾਰਟੀ ਦੇ ਸਮਰਥਨ ਤੋਂ ਬਿਨਾਂ ਇਸ ਵਾਰ ਹਰਿਆਣਾ ਵਿੱਚ ਕਿਸੇ ਵੀ ਪਾਰਟੀ ਜਾਂ ਗੱਠਜੋੜ ਦੀ ਸਰਕਾਰ ਨਹੀਂ ਬਣੇਗੀ। ਦਿੱਲੀ ਦੇ ਸਾਬਕਾ ਸੀਐਮ ਨੇ ਲੋਕਾਂ ਨੂੰ ਕਿਹਾ ਕਿ ਤੁਸੀਂ ਸਾਨੂੰ ਇੱਕ ਮੌਕਾ ਦਿਓ, ਅਸੀਂ ਹਰਿਆਣਾ ਦੇ ਲੋਕਾਂ ਨੂੰ ਦਿੱਲੀ ਅਤੇ ਪੰਜਾਬ ਵਾਂਗ ਹੀ ਸਹੂਲਤਾਂ ਦੇਵਾਂਗੇ।
ਜ਼ਿਕਰ ਕਰ ਦਈਏ ਕਿ ਇਸ ਦੌਰਾਨ ਦੌਰਾਨ ਗੁਰੂਗ੍ਰਾਮ ਦੇ ਬਾਦਸ਼ਾਹਪੁਰ ਵਿਧਾਨ ਸਭਾ ਹਲਕੇ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਕਾਂਗਰਸ ਉਨ੍ਹਾਂ ਦੇ ਨਿਸ਼ਾਨੇ ਉੱਤੇ ਰਹੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਆਪਣੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦਾ ਲੇਖਾ-ਜੋਖਾ ਦਿੱਤਾ। ਉਨ੍ਹਾਂ ਕਿਹਾ, "ਯੂਪੀਏ ਸਰਕਾਰ ਨੇ ਹਰਿਆਣਾ ਨੂੰ 41 ਹਜ਼ਾਰ ਕਰੋੜ ਰੁਪਏ ਦਿੱਤੇ ਸਨ, ਜਦੋਂ ਕਿ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਹਰਿਆਣਾ ਨੂੰ 2 ਲੱਖ 92 ਹਜ਼ਾਰ ਕਰੋੜ ਰੁਪਏ ਦਿੱਤੇ ਸਨ। ਪੀਐਮ ਮੋਦੀ ਹਰਿਆਣਾ ਨੂੰ ਸਭ ਤੋਂ ਵੱਧ ਪਿਆਰ ਕਰਦੇ ਹਨ।"
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :