Arvind Kejriwal on Satendra Jain Arrest : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਗ੍ਰਿਫਤਾਰੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸਿੱਧਾ ਨਿਸ਼ਾਨਾ ਸਾਧਿਆ ਹੈ। ਸੀਐਮ ਕੇਜਰੀਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਈਡੀ ਦੀ ਮਦਦ ਨਾਲ ਸਤੇਂਦਰ ਜੈਨ ਵਿਰੁੱਧ ਫਰਜ਼ੀ ਕੇਸ ਬਣਾਇਆ ਤੇ ਹੁਣ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਿਰੁੱਧ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਮੈਂ ਪੀਐਮ ਮੋਦੀ ਨੂੰ ਅਪੀਲ ਕਰਦਾ ਹਾਂ ਕਿ ਉਹ ਸਾਡੇ ਮੰਤਰੀਆਂ ਨੂੰ ਇਕ-ਇਕ ਕਰਕੇ ਗ੍ਰਿਫਤਾਰ ਨਾ ਕਰਨ, ਸਗੋਂ ਇਕੱਠੇ ਗ੍ਰਿਫ਼ਤਾਰ ਕਰਨ। ਸਾਨੂੰ ਗ੍ਰਿਫਤਾਰੀ ਤੋਂ ਡਰ ਨਹੀਂ ਲੱਗਦਾ।

ਸਿਸੋਦੀਆ ਨੂੰ ਵੀ ਗ੍ਰਿਫਤਾਰ ਕਰੇਗੀ ਕੇਂਦਰ: ਕੇਜਰੀਵਾਲ
ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ, ''ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਹੈ ਕਿ ਅਗਲੇ ਕੁਝ ਦਿਨਾਂ 'ਚ ਕੇਂਦਰ ਸਰਕਾਰ ਮਨੀਸ਼ ਸਿਸੋਦੀਆ ਨੂੰ ਵੀ ਗ੍ਰਿਫਤਾਰ ਕਰਨ ਜਾ ਰਹੀ ਹੈ। ਪਤਾ ਲੱਗਾ ਹੈ ਕਿ ਕੇਂਦਰ ਸਰਕਾਰ ਨੇ ਸਾਰੀਆਂ ਜਾਂਚ ਏਜੰਸੀਆਂ ਨੂੰ ਮਨੀਸ਼ ਸਿਸੋਦੀਆ ਖਿਲਾਫ ਕੁਝ ਫਰਜ਼ੀ ਕੇਸ ਤਿਆਰ ਕਰਨ ਲਈ ਕਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਮਨੀਸ਼ ਸਿਸੋਦੀਆ ਭਾਰਤ ਦੀ ਸਿੱਖਿਆ ਕ੍ਰਾਂਤੀ ਦੇ ਜਨਕ ਹਨ , ਉਹ ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਸ਼ਾਇਦ ਸਭ ਤੋਂ ਵਧੀਆ ਸਿੱਖਿਆ ਮੰਤਰੀ ਹਨ।ਦਿੱਲੀ ਦੇ ਸਰਕਾਰੀ ਸਕੂਲਾਂ 'ਚ 18 ਲੱਖ ਬੱਚੇ ਪੜ੍ਹਦੇ ਹਨ, ਮਨੀਸ਼ ਜੀ ਨੇ ਇਨ੍ਹਾਂ ਬੱਚਿਆਂ ਨੂੰ ਸੁਨਹਿਰੇ ਭਵਿੱਖ ਦੀ ਉਮੀਦ ਦਿੱਤੀ ਹੈ।





ਸਾਰੇ ਚੰਗੇ ਕੰਮ ਜਾਰੀ ਰਹਿਣਗੇ : ਮੁੱਖ ਮੰਤਰੀ ਕੇਜਰੀਵਾਲ
ਸੀਐਮ ਕੇਜਰੀਵਾਲ ਨੇ ਅੱਗੇ ਕਿਹਾ, “ਮੈਨੂੰ ਲੱਗਦਾ ਹੈ ਕਿ ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਨੂੰ ਝੂਠੇ ਕੇਸਾਂ ਵਿੱਚ ਜੇਲ੍ਹ ਵਿੱਚ ਪਾ ਕੇ ਇਹ ਲੋਕ ਦਿੱਲੀ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਹੋ ਰਹੇ ਚੰਗੇ ਕੰਮ ਨੂੰ ਰੋਕਣਾ ਚਾਹੁੰਦੇ ਹਨ। ਪਰ ਚਿੰਤਾ ਨਾ ਕਰੋ, ਮੈਂ ਅਜਿਹਾ ਨਹੀਂ ਹੋਣ ਦਿਆਂਗਾ। ਸਾਰੇ ਚੰਗੇ ਕੰਮ ਜਾਰੀ ਰਹਿਣਗੇ।

ਸਾਰੇ ਮੰਤਰੀਆਂ, ਵਿਧਾਇਕਾਂ ਨੂੰ ਇੱਕ ਸਾਥ ਜੇਲ੍ਹ ਵਿੱਚ ਡੱਕ ਦਿਓ ਪੀਐਮ ਮੋਦੀ : ਕੇਜਰੀਵਾਲ
ਕੇਜਰੀਵਾਲ ਨੇ ਕਿਹਾ, ''ਮੈਂ ਪ੍ਰਧਾਨ ਮੰਤਰੀ ਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਇਕ-ਇਕ ਕਰਕੇ ਜੇਲ 'ਚ ਸੁੱਟਣ ਦੀ ਬਜਾਏ 'ਆਪ' ਦੇ ਸਾਰੇ ਮੰਤਰੀਆਂ, ਵਿਧਾਇਕਾਂ ਨੂੰ ਇਕੱਠੇ ਜੇਲ 'ਚ ਡੱਕ ਦਿਓ। ਸਾਰੀਆਂ ਏਜੰਸੀਆਂ ਨੂੰ ਕਿਹਾ ਕਿ ਉਹ ਮਿਲ ਕੇ ਜਾਂਚ ਕਰਨ। ਤੁਸੀਂ ਇੱਕ -ਇੱਕ ਮੰਤਰੀ ਨੂੰ ਗ੍ਰਿਫਤਾਰ ਕਰਦੇ ਹੋ, ਇਸ ਨਾਲ ਲੋਕਾਂ ਦੇ ਕੰਮਾਂ ਵਿੱਚ ਰੁਕਾਵਟ ਪੈਂਦੀ ਹੈ।

ਸਤੇਂਦਰ ਜੈਨ ਨੂੰ ਸੋਮਵਾਰ ਨੂੰ ਕੀਤਾ ਗਿਆ ਸੀ ਗ੍ਰਿਫਤਾਰ
ਦੱਸ ਦੇਈਏ ਕਿ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਦਿੱਲੀ ਦੀ ਅਦਾਲਤ ਨੇ ਸਤੇਂਦਰ ਜੈਨ ਨੂੰ 9 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਨੇ ਇਸ ਸਾਲ ਅਪ੍ਰੈਲ 'ਚ ਜੈਨ ਦੇ ਰਿਸ਼ਤੇਦਾਰਾਂ ਦੀਆਂ 4.81 ਕਰੋੜ ਰੁਪਏ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਸਨ।